ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਨਾ ਦੇਣਾ ਮੋਦੀ ਸਰਕਾਰ ਦੀ ਵੱਡੀ ਗ਼ਲਤੀ : ਰਾਹੁਲ ਗਾਂਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਦੇ ਅੰਨ ਦਾਤੇ ਨੂੰ ਉਸ ਦਾ ਹੱਕ ਮਿਲੇ। ਉਨ੍ਹਾਂ ਨੂੰ ਮੁਆਵਜ਼ਾ ਅਤੇ ਨੌਕਰੀ ਦਿਤੀ ਜਾਵੇ।

Rahul Gandhi

ਨਵੀਂ ਦਿੱਲੀ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਮੰਗਣ ਵਾਲੀ ਮੋਦੀ ਸਰਕਾਰ ਨੂੰ ਅੰਦੋਲਨ ਵਿਚ ਮਾਰੇ ਗਏ ਕਿਸਾਨਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦੇਣੀਆਂ ਚਾਹੀਦੀਆਂ ਹਨ।

ਲੋਕ ਸਭਾ 'ਚ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ, ''ਕਿਸਾਨ ਅੰਦੋਲਨ ਦੌਰਾਨ 700 ਕਿਸਾਨ ਸ਼ਹੀਦ ਹੋਏ ਸਨ। ਪ੍ਰਧਾਨ ਮੰਤਰੀ ਨੇ ਦੇਸ਼ ਅਤੇ ਕਿਸਾਨਾਂ ਤੋਂ ਮਾਫ਼ੀ ਮੰਗੀ ਹੈ। ਉਨ੍ਹਾਂ ਨੇ ਆਪਣੀ ਗ਼ਲਤੀ ਮੰਨ ਲਈ। ਪਰ 30 ਨਵੰਬਰ ਨੂੰ ਇੱਕ ਸਵਾਲ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮਾਰੇ ਗਏ ਕਿਸਾਨਾਂ ਦਾ ਕੋਈ ਅੰਕੜਾ ਨਹੀਂ ਹੈ।

“ਸਾਨੂੰ ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਨੇ 400 ਕਿਸਾਨਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦਿਤਾ ਹੈ ਅਤੇ ਇਨ੍ਹਾਂ 'ਚੋਂ 152 ਕਿਸਾਨਾਂ ਨੂੰ ਰੁਜ਼ਗਾਰ ਦਿਤਾ ਗਿਆ ਹੈ। ਇਸ ਤੋਂ ਇਲਾਵਾ ਅਸੀਂ ਹਰਿਆਣਾ ਦੇ 70 ਕਿਸਾਨਾਂ ਦੀ ਸੂਚੀ ਵੀ ਬਣਾਈ ਹੈ ਅਤੇ ਤੁਹਾਡੀ ਸਰਕਾਰ ਕਹਿੰਦੀ ਹੈ ਕਿ ਸਾਡੇ ਕੋਲ ਕੋਈ ਨਾਂ ਨਹੀਂ ਹੈ। ਮੈਂ ਅੱਜ ਇਹ ਨਾਂ ਸਦਨ ਨੂੰ ਸੌਂਪ ਰਿਹਾ ਹਾਂ।'' 

ਉਨ੍ਹਾਂ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਦੇਸ਼ ਦੇ ਅੰਨ ਦਾਤੇ ਨੂੰ ਉਸ ਦਾ ਹੱਕ ਮਿਲੇ। ਉਨ੍ਹਾਂ ਨੂੰ ਮੁਆਵਜ਼ਾ ਅਤੇ ਨੌਕਰੀ ਦਿਤੀ ਜਾਵੇ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਵੀ ਟਵੀਟ ਕੀਤਾ, ''ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਨਾਂ 'ਤੇ ਮੁਆਵਜ਼ਾ ਨਾ ਦੇਣਾ, ਨੌਕਰੀਆਂ ਨਾ ਦੇਣਾ ਅਤੇ ਅੰਨਦਾਤਾ ਵਿਰੁੱਧ ਪੁਲਿਸ ਕੇਸ ਵਾਪਸ ਨਾ ਲੈਣਾ ਬਹੁਤ ਵੱਡੀਆਂ ਗ਼ਲਤੀਆਂ ਹੋਣਗੀਆਂ। ਆਖ਼ਰ ਪ੍ਰਧਾਨ ਮੰਤਰੀ ਕਿੰਨੀ ਵਾਰ ਮਾਫ਼ੀ ਮੰਗਣਗੇ?''

ਦੱਸਣਯੋਗ ਹਾਂ ਕਿ ਸਰਦ ਰੁੱਤ ਇਜਲਾਸ ਦੌਰਾਨ ਹੀ ਸੰਸਦ ਮੈਂਬਰਾਂ ਦੇ ਸਵਾਲਾਂ ਦਾ ਲਿਖਤੀ ਜਵਾਬ ਦਿੰਦੇ ਹੋਏ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਸੀ ਕਿ ਸਰਕਾਰ ਕੋਲ ਕਿਸਾਨ ਅੰਦੋਲਨ 'ਚ ਮਰਨ ਵਾਲੇ ਕਿਸਾਨਾਂ ਦਾ ਕੋਈ ਅੰਕੜਾ ਨਹੀਂ ਹੈ, ਇਸ ਲਈ  ਉਹਨਾਂ ਨੂੰ ਮੁਆਵਜ਼ਾ ਦੇਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ।