ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਹੋਏ ਮੁਕਾਬਲੇ ਦੌਰਾਨ 2 ਅਤਿਵਾਦੀ ਢੇਰ 

ਏਜੰਸੀ

ਖ਼ਬਰਾਂ, ਰਾਸ਼ਟਰੀ

ਸੁਰੱਖਿਆ ਬਲਾਂ ਦੀ ਹਿੱਟ ਲਿਸਟ 'ਚ ਸੀ ਦੋ ਸਾਲਾਂ ਤੋਂ ਸਰਗਰਮ ਪਾਕਿਸਤਾਨੀ ਅੱਤਵਾਦੀ 

Demo Photo

ਜੰਮੂ-ਕਸ਼ਮੀਰ : ਕੁਲਗਾਮ ਜ਼ਿਲ੍ਹੇ 'ਚ ਐਤਵਾਰ ਤੜਕੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ। ਮਿਲੀ ਜਾਣਕਾਰੀ ਅਨੁਸਾਰ ਇਸ ਵਿੱਚ ਇੱਕ ਪਾਕਿਸਤਾਨੀ ਅੱਤਵਾਦੀ ਵੀ ਸ਼ਾਮਲ ਹੈ। ਦੋਵੇਂ ਅੱਤਵਾਦੀ ਲਸ਼ਕਰ-ਏ-ਤੋਇਬਾ (LeT) ਨਾਲ ਸਬੰਧਤ ਸਨ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਖਬਰ ਮਿਲਣ ਤੋਂ ਬਾਅਦ ਨਾਕਾਬੰਦੀ ਕਰਕੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਅਤੇ ਜਿਸ ਤੋਂ ਬਾਅਦ ਜ਼ਿਲ੍ਹੇ ਦੇ ਚੇਯਾਨ ਦੇਵਸਰ ਇਲਾਕੇ ਵਿੱਚ ਮੁਕਾਬਲਾ ਸ਼ੁਰੂ ਹੋਇਆ।

ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਭਾਰੀ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ 'ਚ ਦੋਵੇਂ ਅੱਤਵਾਦੀ ਮਾਰੇ ਗਏ। ਪੁਲਿਸ ਦੇ ਇੰਸਪੈਕਟਰ ਜਨਰਲ (ਆਈਜੀਪੀ) ਵਿਜੇ ਕੁਮਾਰ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਵਿੱਚੋਂ ਇੱਕ ਦੀ ਪਛਾਣ ਪਾਕਿਸਤਾਨੀ ਅੱਤਵਾਦੀ ਹੈਦਰ ਵਜੋਂ ਹੋਈ ਹੈ। ਉਹ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਉੱਤਰੀ ਕਸ਼ਮੀਰ ਵਿੱਚ ਸਰਗਰਮ ਸੀ ਅਤੇ ਕਈ ਦਹਿਸ਼ਤੀ ਅਪਰਾਧਾਂ ਵਿੱਚ ਸ਼ਾਮਲ ਸੀ।

ਇਸ ਤੋਂ ਪਹਿਲਾਂ ਸ਼ਨੀਵਾਰ ਸਵੇਰੇ ਅੱਤਵਾਦੀਆਂ ਨੇ ਹਮਲਾ ਕਰਕੇ ਇੱਕ ਪੁਲਿਸ ਕਰਮਚਾਰੀ ਨੂੰ ਮਾਰ ਦਿੱਤਾ ਸੀ। ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਨੇ ਇਲਾਜ ਦੌਰਾਨ ਦੇਰ ਸ਼ਾਮ ਹਸਪਤਾਲ ਵਿੱਚ ਦਮ ਤੋੜ ਦਿੱਤਾ। ਉਹ ਪੁਲਿਸ ਕੰਟਰੋਲ ਰੂਮ ਹੈਲਪਲਾਈਨ 112 ਵਿੱਚ ਡਰਾਈਵਰ ਵਜੋਂ ਤਾਇਨਾਤ ਸੀ।

ਘਟਨਾ ਤੋਂ ਬਾਅਦ ਆਸਪਾਸ ਦੇ ਇਲਾਕਿਆਂ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਪਰ ਅੱਤਵਾਦੀਆਂ ਦਾ ਕੋਈ ਪਤਾ ਨਹੀਂ ਲੱਗਾ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸਵੇਰੇ 8.50 ਵਜੇ ਵਾਪਰੀ। ਬਾਈਕ 'ਤੇ ਜਾ ਰਹੇ ਕਾਂਸਟੇਬਲ ਗੁਲਾਮ ਹਸਨ ਨੂੰ ਸਫਾਕਦਲ ਇਲਾਕੇ 'ਚ ਆਈਵਾ ਪੁਲ ਨੇੜੇ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ। ਗੋਲੀ ਲੱਗਦੇ ਹੀ ਉਹ ਬਾਈਕ ਤੋਂ ਡਿੱਗ ਗਿਆ। ਇਸ ਤੋਂ ਬਾਅਦ ਅੱਤਵਾਦੀ ਮੌਕੇ ਤੋਂ ਫਰਾਰ ਹੋ ਗਏ। ਖੂਨ ਨਾਲ ਲੱਥਪੱਥ ਪੁਲਿਸ ਮੁਲਾਜ਼ਮ ਨੂੰ ਤੁਰੰਤ ਸ਼ੇਰ-ਏ-ਕਸ਼ਮੀਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (SKIMS) ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਦੇਰ ਸ਼ਾਮ ਉਨ੍ਹਾਂ ਨੇ ਦਮ ਤੋੜ ਦਿੱਤਾ।