Telangana Floods: ਤੇਲੰਗਾਨਾ 'ਚ ਭਾਰੀ ਮੀਂਹ ਅਤੇ ਹੜ੍ਹ ਕਾਰਨ 29 ਲੋਕਾਂ ਦੀ ਮੌਤ, 5,438 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ
Telangana Floods: ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ 3-3 ਕਰੋੜ ਰੁਪਏ ਜਾਰੀ ਕੀਤੇ ਜਾ ਰਹੇ
Telangana Floods: ਤੇਲੰਗਾਨਾ ਵਿਚ ਹਾਲ ਹੀ ਵਿਚ ਹੋਈ ਭਾਰੀ ਬਾਰਿਸ਼ ਅਤੇ ਹੜ੍ਹ ਦੀਆਂ ਘਟਨਾਵਾਂ ਵਿਚ ਹੁਣ ਤੱਕ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। 31 ਅਗਸਤ ਨੂੰ ਆਏ ਹੜ੍ਹ ਕਾਰਨ ਸੂਬੇ ਦੇ ਮੀਨਾਵਾਲੂ, ਪੇਦਾਗੋਪਾਵਰਮ, ਮੰਨੂਰ ਅਤੇ ਕਟੇਲਾਰੂ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਸੂਬੇ ਦੇ ਇਕ ਉੱਚ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਤੇਲੰਗਾਨਾ ਸਰਕਾਰ ਦੀ ਮੁੱਖ ਸਕੱਤਰ ਸ਼ਾਂਤੀ ਕੁਮਾਰੀ ਨੇ ਕਿਹਾ ਕਿ 31 ਅਗਸਤ ਤੋਂ 3 ਸਤੰਬਰ ਦਰਮਿਆਨ ਦਰਜ ਕੀਤੀ ਗਈ ਬਾਰਿਸ਼ ਦੇ ਆਧਾਰ 'ਤੇ ਸੂਬੇ ਦੇ 33 'ਚੋਂ 29 ਜ਼ਿਲਿਆਂ ਨੂੰ ਹੜ੍ਹ ਪ੍ਰਭਾਵਿਤ ਐਲਾਨਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਲਈ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ 3-3 ਕਰੋੜ ਰੁਪਏ ਜਾਰੀ ਕੀਤੇ ਜਾ ਰਹੇ ਹਨ।
ਜ਼ਿਲ੍ਹਾ ਮੈਜਿਸਟਰੇਟਾਂ ਨਾਲ ਟੈਲੀਕਾਨਫਰੰਸ ਦੌਰਾਨ ਸ਼ਾਂਤੀ ਕੁਮਾਰੀ ਨੇ ਉਨ੍ਹਾਂ ਤੋਂ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਹੈ। ਉਨ੍ਹਾਂ ਸੋਮਵਾਰ ਦੁਪਹਿਰ ਤੋਂ ਪਹਿਲਾਂ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਮੁੱਖ ਸਕੱਤਰ ਨੇ ਕਿਹਾ ਕਿ ਹੜ੍ਹ ਪੀੜਤ ਪਰਿਵਾਰਾਂ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟਾਂ ਨੂੰ ਉਨ੍ਹਾਂ 29 ਲੋਕਾਂ ਦੇ ਵੇਰਵੇ ਭੇਜਣ ਲਈ ਕਿਹਾ ਗਿਆ ਹੈ, ਜਿਨ੍ਹਾਂ ਦੀ ਮੌਤ ਹੋਈ ਹੈ।
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਤੇਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈਡੀ ਸੋਮਵਾਰ ਨੂੰ ਰਾਹਤ ਅਤੇ ਮੁੜ ਵਸੇਬੇ ਦੇ ਉਪਾਵਾਂ 'ਤੇ ਚਰਚਾ ਕਰਨ ਲਈ ਮੀਟਿੰਗ ਕਰਨਗੇ। ਮੁਢਲੇ ਅਨੁਮਾਨਾਂ ਮੁਤਾਬਕ ਸੂਬਾ ਸਰਕਾਰ ਨੇ ਮੀਂਹ ਅਤੇ ਹੜ੍ਹਾਂ ਕਾਰਨ 5,438 ਕਰੋੜ ਰੁਪਏ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਹੈ।