J&K Election Result 2024 : ਉਮਰ ਅਬਦੁੱਲਾ ਹੋਣਗੇ ਜੰਮੂ-ਕਸ਼ਮੀਰ ਦੇ ਅਗਲੇ ਮੁੱਖ ਮੰਤਰੀ: ਫਾਰੂਕ ਅਬਦੁੱਲਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ - ਵਿਧਾਨ ਸਭਾ ਚੋਣ ਨਤੀਜੇ ਇਸ ਗੱਲ ਦਾ ਸਬੂਤ ਹਨ ਕਿ ਜੰਮੂ-ਕਸ਼ਮੀਰ ਦੇ ਲੋਕ ਧਾਰਾ 370 ਨੂੰ ਰੱਦ ਕਰਨ ਦੇ ਵਿਰੁਧ ਸਨ

Farooq Abdullah with his son Omar Abdullah

J&K Election Result 2024 : ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਜੰਮੂ-ਕਸ਼ਮੀਰ ਦੇ ਅਗਲੇ ਮੁੱਖ ਮੰਤਰੀ ਹੋਣਗੇ। ਉਨ੍ਹਾਂ ਦੇ ਪਿਤਾ ਅਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ।

 ਇਹ ਪੁੱਛੇ ਜਾਣ ’ਤੇ ਕਿ ਗਠਜੋੜ ਦਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ, ਫਾਰੂਕ ਨੇ ਪੱਤਰਕਾਰਾਂ ਨੂੰ ਕਿਹਾ, ‘‘ਉਮਰ ਅਬਦੁੱਲਾ ਮੁੱਖ ਮੰਤਰੀ ਹੋਣਗੇ।’’ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਨੇ ਕਿਹਾ ਕਿ ਵਿਧਾਨ ਸਭਾ ਚੋਣ ਨਤੀਜੇ ਇਸ ਗੱਲ ਦਾ ਸਬੂਤ ਹਨ ਕਿ ਜੰਮੂ-ਕਸ਼ਮੀਰ ਦੇ ਲੋਕ ਧਾਰਾ 370 ਨੂੰ ਰੱਦ ਕਰਨ ਦੇ ਵਿਰੁਧ ਸਨ।

ਉਨ੍ਹਾਂ ਕਿਹਾ ਕਿ ਲੋਕਾਂ ਨੇ ਅਪਣਾ ਫੈਸਲਾ ਦੇ ਦਿਤਾ ਹੈ ਅਤੇ ਸਾਬਤ ਕਰ ਦਿਤਾ ਹੈ ਕਿ 5 ਅਗੱਸਤ 2019 ਨੂੰ ਲਏ ਗਏ ਫੈਸਲੇ ਉਨ੍ਹਾਂ ਨੂੰ ਮਨਜ਼ੂਰ ਨਹੀਂ ਹਨ। ਉਨ੍ਹਾਂ ਕਿਹਾ, ‘‘ਮੈਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਕਿ ਲੋਕਾਂ ਨੇ ਚੋਣਾਂ ’ਚ ਹਿੱਸਾ ਲਿਆ ਅਤੇ ਆਜ਼ਾਦੀ ਨਾਲ ਵੋਟ ਪਾਈ। ਮੈਂ ਨਤੀਜਿਆਂ ਲਈ ਰੱਬ ਦਾ ਸ਼ੁਕਰਗੁਜ਼ਾਰ ਹਾਂ।’’

ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਚੁਣੀ ਹੋਈ ਸਰਕਾਰ ਨੂੰ ਲੋਕਾਂ ਦੀਆਂ ਤਕਲੀਫਾਂ ਨੂੰ ਖਤਮ ਕਰਨ ਲਈ ਬਹੁਤ ਕੰਮ ਕਰਨਾ ਪਵੇਗਾ। ਉਨ੍ਹਾਂ ਕਿਹਾ, ‘‘ਸਾਨੂੰ ਬੇਰੁਜ਼ਗਾਰੀ ਨੂੰ ਖਤਮ ਕਰਨਾ ਹੈ ਅਤੇ ਮਹਿੰਗਾਈ ਅਤੇ ਨਸ਼ਿਆਂ ਦੀ ਸਮੱਸਿਆ ਵਰਗੇ ਮੁੱਦਿਆਂ ਦਾ ਹੱਲ ਕਰਨਾ ਹੈ। ਹੁਣ ਕੋਈ ਲੈਫਟੀਨੈਂਟ ਗਵਰਨਰ ਅਤੇ ਉਸ ਦੇ ਸਲਾਹਕਾਰ ਨਹੀਂ ਹੋਣਗੇ। ਹੁਣ 90 ਵਿਧਾਇਕ ਹੋਣਗੇ ਜੋ ਲੋਕਾਂ ਲਈ ਕੰਮ ਕਰਨਗੇ।’’