National Green Tribunal: ਪ੍ਰਦੂਸ਼ਣ ਨੂੰ ਲੈ ਕੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ 7 ਸੂਬਿਆਂ ਨੂੰ ਨੋਟਿਸ; 2 ਦਿਨ ਵਿਚ ਮੰਗਿਆ ਜਵਾਬ

ਏਜੰਸੀ

ਖ਼ਬਰਾਂ, ਰਾਸ਼ਟਰੀ

2 ਦਿਨ ਵਿਚ ਮੰਗਿਆ ਜਵਾਬ

National Green Tribunal

National Green Tribunal: ਦਿੱਲੀ 'ਚ ਵਧਦੇ ਹਵਾ ਪ੍ਰਦੂਸ਼ਣ 'ਤੇ ਚਿੰਤਾ ਜ਼ਾਹਰ ਕਰਦੇ ਹੋਏ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਮੈਂਬਰ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਸੀ। ਐਨਜੀਟੀ ਨੇ ਬੁਧਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕੀਤੀ। ਅਦਾਲਤ ਨੇ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਦਿੱਲੀ, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਨੂੰ ਨੋਟਿਸ ਜਾਰੀ ਕੀਤੇ ਹਨ, ਜਿਸ ਵਿਚ ਉਨ੍ਹਾਂ ਤੋਂ 10 ਨਵੰਬਰ ਤਕ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ 50 ਫ਼ੀ ਸਦੀ ਤਕ ਘਟਾਉਣ ਦਾ ਟੀਚਾ ਰੱਖਿਆ ਹੈ।

ਐਨਜੀਟੀ ਦੇ ਚੇਅਰਮੈਨ ਜਸਟਿਸ ਪ੍ਰਕਾਸ਼ ਸ੍ਰੀਵਾਸਤਵ ਅਤੇ ਮਾਹਿਰ ਮੈਂਬਰ ਏ. ਸੇਂਥਿਲ ਵੇਲ ਦੀ ਬੈਂਚ ਦਾ ਧਿਆਨ ਪੀਪੀਸੀਬੀ ਦੀ ਰੀਪੋਰਟ ਵੱਲ ਗਿਆ ਸੀ, ਜਿਸ ਤੋਂ ਬਾਅਦ ਐਨਜੀਟੀ ਨੇ ਨੋਟਿਸ ਲੈਂਦਿਆਂ ਕਾਰਵਾਈ ਸ਼ੁਰੂ ਕੀਤੀ ਸੀ। ਜਿਸ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਤਿੰਨ ਸਾਲਾਂ ਦੇ ਤੁਲਨਾਤਮਕ ਅੰਕੜਿਆਂ ਦੇ ਵੇਰਵੇ ਸਮੇਤ ਖੇਤਾਂ ਵਿਚ ਅੱਗ ਲਗਾਉਣ ਲਈ ਜਾਣੇ ਜਾਂਦੇ ਹੌਟਸਪੌਟ ਜ਼ਿਲ੍ਹਿਆਂ ਦੇ ਨਾਮ ਦਿਤੇ ਗਏ ਸਨ। ਬੁਧਵਾਰ ਨੂੰ ਐਨਜੀਟੀ ਨੇ ਕਿਹਾ ਹੈ ਕਿ ਸਾਰੇ ਸੂਬਿਆਂ ਨੂੰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।

ਐਨਜੀਟੀ ਬੈਂਚ ਨੇ ਕਿਹਾ ਕਿ ਪਰਾਲੀ ਸਾੜਨ ਦਾ ਸਮਾਂ ਮੁੱਖ ਤੌਰ 'ਤੇ 15 ਸਤੰਬਰ ਤੋਂ 30 ਨਵੰਬਰ ਤਕ ਹੁੰਦਾ ਹੈ। ਇਸ ਸਮੇਂ ਦੌਰਾਨ, ਸਬੰਧਤ ਅਧਿਕਾਰੀਆਂ ਨੂੰ ਉਲੰਘਣਾ ਕਰਨ ਵਾਲਿਆਂ ਦੀ ਪਛਾਣ ਕਰਕੇ ਅਤੇ ਜੁਰਮਾਨੇ ਲਗਾਉਣ ਸਮੇਤ ਸੁਧਾਰਾਤਮਕ ਉਪਾਅ ਅਪਣਾ ਕੇ ਚੌਕਸ ਰਹਿਣ ਦੀ ਲੋੜ ਹੈ।

ਐਨਜੀਟੀ ਬੈਂਚ ਨੇ ਐਨਸੀਆਰ ਅਤੇ ਆਸਪਾਸ ਦੇ ਖੇਤਰਾਂ ਵਿਚ ਹਵਾ ਗੁਣਵੱਤਾ ਪ੍ਰਬੰਧਨ ਲਈ ਕਮਿਸ਼ਨ ਦੀ ਰੀਪੋਰਟ ਵੀ ਰਿਕਾਰਡ ਕੀਤੀ ਸੀ। ਜਿਸ ਵਿਚ 2022 ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਅਸਲ ਗਣਨਾ ਅਤੇ ਇਸ ਸਮੇਂ ਦੌਰਾਨ ਇਨ੍ਹਾਂ ਨੂੰ ਘਟਾਉਣ ਦੇ ਟੀਚੇ ਦਿਤੇ ਗਏ ਸਨ। ਟ੍ਰਿਬਿਊਨਲ ਨੇ ਪੀਪੀਸੀਬੀ ਨੂੰ ਰਿਕਾਰਡ ਖੇਤਰ-ਵਾਰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਯੋਜਨਾ ਤਿਆਰ ਕਰਨ ਅਤੇ ਰੱਖਣ ਲਈ ਨਿਰਦੇਸ਼ ਦਿਤੇ।