ਮੋਦੀ ਸਰਕਾਰ ਕਿਸਾਨਾਂ ਅਤੇ ਆਮ ਲੋਕਾਂ ਪ੍ਰਤੀ ਅਸੰਵੇਦਨਸ਼ੀਲ: ਸੋਨੀਆ ਗਾਂਧੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਬੁੱਧਵਾਰ ਨੂੰ ਕਾਂਗਰਸ ਸੰਸਦੀ ਦਲ ਦੀ ਬੈਠਕ 'ਚ ਕੇਂਦਰ ਸਰਕਾਰ 'ਤੇ ਜ਼ੋਰਦਾਰ ਹਮਲਾ ਬੋਲਿਆ।

Congress interim president Sonia Gandhi at CCP meeting

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਬੁੱਧਵਾਰ ਨੂੰ ਕਾਂਗਰਸ ਸੰਸਦੀ ਦਲ ਦੀ ਬੈਠਕ 'ਚ ਕੇਂਦਰ ਸਰਕਾਰ 'ਤੇ ਜ਼ੋਰਦਾਰ ਹਮਲਾ ਬੋਲਿਆ। ਉਹਨਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਅਸੰਵੇਦਨਸ਼ੀਲ ਹੈ। ਘੱਟੋ-ਘੱਟ ਸਮਰਥਨ ਮੁੱਲ 'ਤੇ ਗਾਰੰਟੀ ਕਾਨੂੰਨ ਬਣਾਉਣ ਦੀ ਕਿਸਾਨਾਂ ਦੀ ਮੰਗ ਦੀ ਹਮਾਇਤ ਕਰਦਿਆਂ ਸੋਨੀਆ ਗਾਂਧੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।

ਸੋਨੀਆ ਗਾਂਧੀ ਨੇ ਕਿਹਾ ਕਿ ਆਓ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ 700 ਕਿਸਾਨਾਂ ਦਾ ਸਨਮਾਨ ਕਰੀਏ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਹੈ ਕਿ 12 ਰਾਜ ਸਭਾ ਸੰਸਦ ਮੈਂਬਰਾਂ ਦੀ ਮੁਅੱਤਲੀ ਅਸਵੀਕਾਰਨਯੋਗ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਅਸੀਂ ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਨਾਲ ਇਕਜੁੱਟਤਾ ਨਾਲ ਖੜੇ ਹਾਂ।

ਨਾਗਾਲੈਂਡ 'ਚ ਸੁਰੱਖਿਆ ਬਲਾਂ ਦੀ ਕਾਰਵਾਈ 'ਚ ਆਮ ਨਾਗਰਿਕਾਂ ਦੇ ਮਾਰੇ ਜਾਣ 'ਤੇ ਸੋਨੀਆ ਗਾਂਧੀ ਨੇ ਕਿਹਾ ਕਿ ਸਰਕਾਰ ਵਲੋਂ ਇਸ ਮਾਮਲੇ 'ਤੇ ਅਫਸੋਸ ਜਤਾਉਣਾ ਕਾਫੀ ਨਹੀਂ ਹੈ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ। ਸੋਨੀਆ ਗਾਂਧੀ ਨੇ ਨਾਗਾਲੈਂਡ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਇਨਸਾਫ਼ ਦੀ ਮੰਗ ਕੀਤੀ।

ਕਿਸਾਨਾਂ ਦੇ ਮੁੱਦੇ 'ਤੇ ਸੋਨੀਆ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਆਮ ਲੋਕਾਂ ਪ੍ਰਤੀ ਸੰਵੇਦਨਸ਼ੀਲ ਨਹੀਂ ਹੈ। ਉਹਨਾਂ ਨੇ ਮਹਿੰਗਾਈ ਦੇ ਮੁੱਦੇ 'ਤੇ ਕਿਹਾ ਕਿ ਵਧਦੀ ਮਹਿੰਗਾਈ ਕਾਰਨ ਪਰਿਵਾਰਾਂ ਦਾ ਬਜਟ ਵਿਗੜ ਗਿਆ ਹੈ।  ਉਹਨਾਂ ਨੇ ਮੋਦੀ ਸਰਕਾਰ 'ਤੇ ਭਾਰਤ ਦੀਆਂ ਜਾਇਦਾਦਾਂ ਵੇਚਣ ਦਾ ਦੋਸ਼ ਲਾਇਆ। ਇਸ ਬੈਠਕ 'ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ, ਲੋਕ ਸਭਾ 'ਚ ਪਾਰਟੀ ਦੇ ਨੇਤਾ ਅਧੀਰ ਰੰਜਨ ਚੌਧਰੀ ਅਤੇ ਪਾਰਟੀ ਦੇ ਕਈ ਹੋਰ ਸੰਸਦ ਮੈਂਬਰਾਂ ਨੇ ਸ਼ਿਰਕਤ ਕੀਤੀ।