Corona Virus: ਪਿਛਲੇ 24 ਘੰਟਿਆਂ ਵਿਚ ਸਾਹਮਣੇ ਆਏ 24,879 ਨਵੇਂ ਮਾਮਲੇ, 487 ਲੋਕਾਂ ਦੀ ਹੋਈ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਵਾਇਰਸ ਦਿਨ ਪ੍ਰਤੀ ਦਿਨ ਖਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ।

Corona virus

ਨਵੀਂ ਦਿੱਲੀ: ਕੋਰੋਨਾ ਵਾਇਰਸ ਦਿਨ ਪ੍ਰਤੀ ਦਿਨ ਖਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਆਏ ਦਿਨ ਮਾਮਲਿਆਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ 24,879 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 487 ਲੋਕਾਂ ਦੀ ਮੌਤ ਹੋਈ ਹੈ।

ਇਸ ਤੋਂ ਬਾਅਦ ਦੇਸ਼ ਵਿਚ ਕੁੱਲ ਮਾਮਲਿਆਂ ਦੀ ਗਿਣਤੀ 7,67,296 ਹੋ ਗਈ ਹੈ। ਜਿਨ੍ਹਾਂ ਵਿਚ 2,69,789 ਮਾਮਲੇ ਐਕਟਿਵ ਹਨ। 4,76,378 ਲੋਕ ਠੀਕ ਹੋ ਚੁੱਕੇ ਹਨ ਜਾਂ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਦੇਸ਼ ਵਿਚ ਹੁਣ ਤੱਕ ਕੁੱਲ 21,129 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ 8 ਜੁਲਾਈ ਤੱਕ ਕੋਰੋਨਾ ਲਈ ਕੁੱਲ 1,07,40,832 ਸੈਂਪਲਾਂ ਦਾ ਪਰੀਖਣ ਕੀਤਾ ਗਿਆ ਹੈ। ਇਹਨਾਅਂ ਵਿਚੋਂ 2,67,061 ਸੈਂਪਲਾਂ ਦਾ ਪਰੀਖਣ ਪਿਛਲੇ 24 ਘੰਟਿਆਂ ਵਿਚ ਕੀਤਾ ਗਿਆ। ਦੁਨੀਆ ਭਰ ਦੀ ਗੱਲ਼ ਕਰੀਏ ਤਾਂ ਪੂਰੀ ਦੁਨੀਆ ਵੀ ਗਲੋਬਲ ਮਹਾਂਮਾਰੀ ਦੇ ਕਹਿਰ ਨਾਲ ਵੀ ਲਗਾਤਾਰ ਜੂਝ ਰਹੀ ਹੈ।

ਅੰਕੜਿਆਂ ਮੁਤਾਬਕ ਦੁਨੀਆ ਭਰ ਵਿਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਪੰਜ ਲੱਖ 52 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ ਅਤੇ ਸੰਕਰਮਿਤਾਂ ਦਾ ਅੰਕੜਾ ਇਕ ਕਰੋੜ 21 ਲੱਖ 64 ਹਜ਼ਾਰ ਤੋਂ ਪਾਰ ਪਹੁੰਚ ਗਿਆ ਹੈ। ਜਦਕਿ 70 ਲੱਖ 30 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ।

ਭਾਰਤ ਵਿਚ ਮਹਾਰਾਸ਼ਟਰ ਕੋਰੋਨਾ ਵਾਇਰਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਣ ਵਾਲਾ ਸੂਬਾ ਹੈ ਅਤੇ ਇੱਥੇ ਇਕ ਵਾਰ ਫਿਰ ਤੋਂ 6000 ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ ਵਿਚ ਪਿਛਲੇ 24 ਘੰਟਿਆਂ ਵਿਚ 6603 ਲੋਕਾਂ ਨੂੰ ਸੰਕਰਮਿਤ ਪਾਇਆ ਗਿਆ ਹੈ, ਉੱਥੇ ਹੀ 198 ਮਰੀਜਾਂ ਦੀ ਮੌਤ ਹੋਈ ਹੈ। ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ 2033 ਨਵੇਂ ਮਾਮਲੇ ਸਾਹਮਣੇ ਆਏ ਅਤੇ 48 ਲੋਕਾਂ ਦੀ ਮੌਤ ਹੋਈ ਹੈ।