ਮੌਸਮ ਵਿਭਾਗ ਦਾ ਅਲਰਟ, ਪੰਜਾਬ ਸਮੇਤ ਇਹਨਾਂ ਸੂਬਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।

Rain

ਨਵੀਂ ਦਿੱਲੀ: ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਅਗਲੇ ਪੰਜ ਦਿਨਾਂ ਵਿਚ ਪੰਜਾਬ, ਉੱਤਰ ਪ੍ਰਦੇਸ਼, ਬਿਹਾਰ ਅਤੇ ਉੱਤਰ ਪੂਰਬੀ ਸੂਬਿਆਂ ਵਿਚ ਭਾਰੀ ਬਾਰਿਸ਼ ਦੇ ਆਸਾਰ ਹਨ। 

ਮੌਸਮ ਵਿਭਾਗ ਅਨੁਸਾਰ 10 ਤੋਂ 12 ਜੁਲਾਈ ਦੌਰਾਨ ਟ੍ਰਾਈਸਿਟੀ (ਚੰਡੀਗੜ੍ਹ, ਪੰਚਕੁਲਾ ਅਤੇ ਮੋਹਾਲੀ) ਵਿਚ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਬਿਜਲੀ ਅਤੇ ਤੇਜ਼ ਹਵਾਵਾਂ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ।  ਮੌਸਮ ਵਿਭਾਗ ਨੇ ਕਿਹਾ ਹੈ ਕਿ ਉਤਰਾਖੰਡ ਅਤੇ ਪੱਛਮੀ ਉਤਰ ਪ੍ਰਦੇਸ਼ ਵਿਚ 11 ਅਤੇ 12 ਜੁਲਾਈ ਨੂੰ ਭਾਰੀ ਬਾਰਿਸ਼ ਹੋ ਸਕਦੀ ਹੈ।

ਬਿਹਾਰ ਵਿਚ 10 ਅਤੇ 11 ਜੁਲਾਈ ਨੂੰ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 11 ਜੁਲਾਈ ਨੂੰ ਸਿੱਕਮ, ਅਸਾਮ ਅਤੇ ਮੇਘਾਲਿਆ ਵਿਚ ਵੀ ਤੇਜ਼ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿਚ ਵੀ ਭਾਰੀ ਬਾਰਿਸ਼ ਹੋ ਰਹੀ ਹੈ।

ਭਾਰਤ ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ ਦਿੱਲੀ ਵਿਚ ਆਉਣ ਵਾਲੇ ਦੋ ਦਿਨਾਂ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਉੱਧਰ ਸ਼ਿਮਲਾ ਦੇ ਮੌਸਮ ਵਿਭਾਗ ਕੇਂਦਰ ਦੇ ਨਿਰਦੇਸ਼ਕ ਮਨਮੋਹਨ ਸਿੰਘ ਨੇ ਦੱਸਿਆ ਕਿ ਸ਼ਿਮਲਾ, ਸੋਲਨ ਅਤੇ ਨਜ਼ਦੀਕੀ ਇਲਾਕਿਆਂ ਵਿਚ ਲੈਂਡਸਲਾਈਡ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਕੇਂਦਰ ਦਾ ਅਨੁਮਾਰ ਨੇ ਹੈ ਸੂਬੇ ਵਿਚ 13 ਜੁਲਾਈ ਤੱਕ ਬਾਰਿਸ਼ ਜਾਰੀ ਰਹੇਗੀ। ਦੱਸ ਦਈਏ ਕਿ ਪੰਜਾਬ ਵਿਚ ਮਾਨਸੂਨ ਦੀ ਦਸਤਕ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਬੀਤੇ ਦਿਨ ਪੰਜਾਬ ਵਿਚ ਕਈ ਥਾਵਾਂ ‘ਤੇ ਬਾਰਿਸ਼ ਹੋਈ।