ਅਤਿਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨੂੰ ਵਿੱਤੀ ਮਦਦ ਦੇਣ ਵਾਲੇ ਗਰੋਹ ਦੇ 6 ਮੈਂਬਰ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੁਰੱਖਿਆ ਬਲਾਂ ਨੇ ਅਤਿਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨੂੰ ਵਿੱਤੀ ਸਹਾਇਤਾ ਦੇਣ ਵਾਲੇ ਇਕ ਨੈੱਟਵਰਕ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ

6 members arrested for financing Lashkar-e-Toiba

ਜੰਮੂ, 8 ਅਗੱਸਤ : ਸੁਰੱਖਿਆ ਬਲਾਂ ਨੇ ਅਤਿਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨੂੰ ਵਿੱਤੀ ਸਹਾਇਤਾ ਦੇਣ ਵਾਲੇ ਇਕ ਨੈੱਟਵਰਕ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਜੰਮੂ ਖੇਤਰ ਵਿਚ ਇਸ ਗਿਰੋਹ ਨੂੰ ਮੁੜ ਸਰਗਰਮ ਕਰਨ ਦੀ ਉਨ੍ਹਾਂ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿਤਾ। ਅਧਿਕਾਰੀਆਂ ਨੇ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦਸਿਆ ਕਿ ਫ਼ੌਜ ਨੂੰ ਮਿਲੀ ਜਾਣਕਾਰੀ ਦੇ ਅਧਾਰ ’ਤੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ । ਉਨ੍ਹਾਂ ਕਿਹਾ ਕਿ ਅਤਿਵਾਦੀ ਸੰਗਠਨ ਵਲੋਂ ਜੰਮੂ ਸ਼ਹਿਰ ਵਿਚ ਇਸ ਗਿਰੋਹ ਨੂੰ ਮੁੜ ਸਰਗਰਮ ਕਰਨ ਦੀ ਜਾਣਕਾਰੀ ਮਿਲੀ ਸੀ।

ਉਨ੍ਹਾਂ ਕਿਹਾ ਕਿ ਗੁਪਤ ਸੂਚਨਾ ਦੇ ਅਧਾਰ ’ਤੇ ਸੁਰੱਖਿਆ ਬਲਾਂ ਨੇ ਮੁਦੱਸਿਰ ਫ਼ਾਰੂਕ ਭੱਟ ਨੂੰ ਫੜ ਲਿਆ ਅਤੇ ਉਸ ਕੋਲੋਂ ਡੇਢ ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਜੋ ਲਸ਼ਕਰ-ਏ-ਤੋਇਬਾ ਨੂੰ ਦਿਤੀ ਜਾਣੀ ਸੀ। ਪੁਛਗਿੱਛ ਦੌਰਾਨ ਭੱਟ ਨੇ ਮੰਨਿਆ ਕਿ ਉਸ ਦੇ ਲਸ਼ਕਰ-ਏ-ਤੋਇਬਾ ਨਾਲ ਸੰਬੰਧ ਸਨ। ਇਸ ਦੌਰਾਨ ਉਸਨੇ ਗਿਰੋਹ ਦੇ ਹੋਰ ਮੈਂਬਰਾਂ ਦੇ ਨਾਂ ਵੀ ਦੱਸੇ। ਅਧਿਕਾਰੀ ਨੇ ਦਸਿਆ ਕਿ ਫ਼ੌਜ ਅਤੇ ਪੁਲਿਸ ਨੇ ਅਤਿਵਾਦੀ ਸੰਗਠਨ ਦੇ ਪੰਜ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। (ਪੀਟੀਆਈ)