ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹ ਪ੍ਰਭਾਵਿਤ ਹਿਮਾਚਲ ਪ੍ਰਦੇਸ਼ ਲਈ 1500 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਕੀਤਾ ਐਲਾਨ
ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਪੀੜਤ ਲੋਕਾਂ ਨਾਲ ਕੀਤੀ ਮੁਲਾਕਾਤ
ਸ਼ਿਮਲਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਹੜ੍ਹ ਪ੍ਰਭਾਵਿਤ ਹਿਮਾਚਲ ਪ੍ਰਦੇਸ਼ ਦਾ ਹਵਾਈ ਸਰਵੇਖਣ ਕੀਤਾ ਗਿਆ। ਹਵਾਈ ਸਰਵੇਖਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ’ਚ ਅਸੀਂ ਹਿਮਾਚਲ ਪ੍ਰਦੇਸ਼ ਦੇ ਆਪਣੇ ਭੈਣ-ਭਰਾਵਾਂ ਨਾਲ ਡਟ ਕੇ ਖੜ੍ਹੇ ਹਾਂ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਿੱਤੀ ਜਾਵੇਗੀ।
ਉਨ੍ਹਾਂ ਹੜ੍ਹ ਪ੍ਰਭਾਵਿਤ ਹਿਮਾਚਲ ਪ੍ਰਦੇਸ਼ ਲਈ 1500 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਮਾਲੀ ਮਦਦ ਦਿੱਤੀ ਜਾਵੇਗੀ ਜਦਕਿ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਮਾਲੀ ਮਦਦ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਮਾਨਸੂਨ ਦੇ ਸੀਜਨ ਦੌਰਾਨ ਸਮੁੱਚੇ ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਪਏ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿਚ ਬੱਦਲ ਫਟਣ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੀ ਵਾਪਰੀਆਂ ਅਤੇ ਹਿਮਾਚਲ ਪ੍ਰਦੇਸ਼ ਦਾ ਬਹੁਤ ਵੱਡੇ ’ਤੇ ਆਰਥਿਕ ਨੁਕਸਾਨ ਹੋਇਆ, ਜਿਸ ਦੀ ਭਰਪਾਈ ਕਰਨ ਲਈ ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਵੱਲੋਂ ਕੇਂਦਰ ਸਰਕਾਰ ਵੱਲੋਂ ਵੱਡੇ ਰਾਹਤ ਪੈਕੇਜ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਹਿਮਾਚਲ ਪ੍ਰਦੇਸ਼ ਲਈ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ।