ਭੋਪਾਲ ਦੇ ਹਸਪਤਾਲ 'ਚ ਵੱਡਾ ਹਾਦਸਾ : ਚਾਈਲਡ ਵਾਰਡ 'ਚ ਲੱਗੀ ਅੱਗ, 4 ਬੱਚਿਆਂ ਦੀ ਮੌਤ
ਸੀਐਮ ਸ਼ਿਵਰਾਜ ਸਿੰਘ ਨੇ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿਤੇ ਹਨ।
ਭੋਪਾਲ : ਮੱਧ ਪ੍ਰਦੇਸ਼ ਦੇ ਭੋਪਾਲ ਵਿਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੋਂ ਦੇ ਹਮੀਦੀਆ ਹਸਪਤਾਲ ਕੈਂਪਸ ਵਿਚ ਦੇਰ ਰਾਤ ਕਮਲਾ ਨਹਿਰੂ ਬਿਲਡਿੰਗ ਦੇ ਬਾਲ ਰੋਗ ਵਿਭਾਗ ਵਿਚ ਅੱਗ ਲੱਗ ਗਈ। ਅੱਗ ਲੱਗਣ ਕਾਰਨ 4 ਬੱਚਿਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਣ 'ਤੇ ਫ਼ਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚ ਗਈ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਪਰ ਚਾਰ ਬੱਚਿਆਂ ਨੂੰ ਬਚਾਇਆ ਨਹੀਂ ਜਾ ਸਕਿਆ।
ਹਸਪਤਾਲ 'ਚ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਇੱਥੇ ਅੱਗ ਲੱਗਣ ਤੋਂ ਬਾਅਦ ਬੱਚਿਆਂ ਸਮੇਤ ਕਈ ਡਾਕਟਰ ਵੀ ਅੱਗ ਦੀ ਲਪੇਟ ਵਿਚ ਆ ਗਏ। ਜਿਨ੍ਹਾਂ ਨੂੰ ਕਿਸੇ ਤਰ੍ਹਾਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਸ ਦੇ ਨਾਲ ਹੀ ਹਾਦਸੇ 'ਚ 4 ਬੱਚਿਆਂ ਦੀ ਮੌਤ ਹੋ ਗਈ ਹੈ। ਹਾਲਾਂਕਿ ਹਸਪਤਾਲ 'ਚ ਲੱਗੀ ਅੱਗ 'ਚੋਂ 36 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਕਮਲਾ ਨਹਿਰੂ ਹਸਪਤਾਲ ਦੇ ਚਾਈਲਡ ਵਾਰਡ 'ਚ ਅੱਗ ਲੱਗਣ 'ਤੇ ਕਰੀਬ 50 ਬੱਚੇ ਵਾਰਡ 'ਚ ਦਾਖ਼ਲ ਸਨ। ਇਸ ਦੇ ਨਾਲ ਹੀ ਅੱਗ ਲੱਗਣ ਤੋਂ ਬਾਅਦ ਪੂਰੇ ਹਸਪਤਾਲ 'ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਸੂਚਨਾ ਮਿਲਣ 'ਤੇ ਬੱਚਿਆਂ ਦੇ ਮਾਪੇ ਵੀ ਹਸਪਤਾਲ 'ਚ ਇਕੱਠੇ ਹੋ ਗਏ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਹਾਲਾਂਕਿ ਇਸ ਬਾਰੇ ਅਜੇ ਕੋਈ ਠੋਸ ਜਾਣਕਾਰੀ ਨਹੀਂ ਹੈ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ। ਇਸ ਦੇ ਨਾਲ ਹੀ ਸੀਐਮ ਸ਼ਿਵਰਾਜ ਸਿੰਘ ਚੌਹਾਨ ਨੇ ਅੱਗ ਲੱਗਣ ਦੀ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਸਿਹਤ ਮੰਤਰੀ ਵਿਸ਼ਵਾਸ ਸਾਰੰਗੀ ਵੀ ਤੁਰਤ ਮੌਕੇ 'ਤੇ ਪਹੁੰਚ ਗਏ ਅਤੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਸੀਐਮ ਸ਼ਿਵਰਾਜ ਸਿੰਘ ਨੇ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿਤੇ ਹਨ।