ਕਿਸਾਨਾਂ ਨੇ ਠੁਕਰਾਇਆ ਕੇਂਦਰ ਦਾ ਪ੍ਰਸਤਾਵ, ਸੰਘਰਸ਼ ਤੇਜ਼ ਕਰਨ ਦਾ ਐਲਾਨ
ਦਿੱਲੀ ਨੂੰ ਜਾਂਦੇ ਸਾਰੇ ਰਸਤਿਆਂ ਨੂੰ ਬੰਦ ਕਰਨ ਦਾ ਫ਼ੈਸਲਾ
ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਲੈ ਕੇ ਪੇਚ ਫਸ ਗਿਆ ਹੈ। ਸਰਕਾਰ ਦੇ ਭੇਜੇ ਪ੍ਰਸਤਾਵ ਨੂੰ ਵਾਚਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਇਸ ਨੂੰ ਰੱਦ ਕਰ ਦਿਤਾ ਹੈ। ਕਿਸਾਨ ਆਗੂਆਂ ਮੁਤਾਬਕ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਘੱਟ ਉਹ ਕੁੱਝ ਵੀ ਪ੍ਰਵਾਨ ਨਹੀਂ ਕਰਨਗੇ।
ਕਿਸਾਨ ਆਗੂਆਂ ਮੁਤਾਬਕ ਜੇਕਰ ਸਰਕਾਰ ਜਿੱਦੀ ਹੈ ਤਾਂ ਸਾਡੀ ਵੀ ਇਹੀ ਮੰਗ ਹੈ ਕਿ ਉਨ੍ਹਾਂ ਨੂੰ ਕਾਨੂੰਨ ਵਾਪਸ ਲੈਣਾ ਹੀ ਪਏਗਾ। ਕਿਸਾਨਾਂ ਨੇ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕਰਦਿਆਂ ਸਰਕਾਰ ਵਲੋਂ ਭਲਕੇ ਬੁਲਾਈ ਗਈ ਮੀਟਿੰਗ ’ਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਕੀਤਾ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਖੇਤੀਬਾੜੀ ਕਾਨੂੰਨ ਦਾ ਮਾਮਲਾ ਕਿਸਾਨਾਂ ਦੇ ਮਾਨ-ਸਨਮਾਨ ਨਾਲ ਜੁੜਿਆ ਹੋਇਆ ਹੈ, ਇਸ ਲਈ ਉਹ ਇਸ ਤੋਂ ਪਿੱਛੇ ਨਹੀਂ ਹਟਣਗੇ। ਸਰਕਾਰ ਕਾਨੂੰਨ ਵਿਚ ਕੁਝ ਤਬਦੀਲੀਆਂ ਕਰਨ ਦਾ ਸੁਝਾਅ ਦੇ ਰਹੀ ਹੈ, ਪਰ ਸਾਡੀ ਮੰਗ ਕਾਨੂੰਨ ਵਾਪਸ ਲੈਣ ਦੀ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰ ਅੜੀਅਲ ਹੈ ਤਾਂ ਅਸੀਂ ਵੀ ਅੜੀਅਲ ਹਾਂ ਅਤੇ ਕਾਨੂੰਨ ਵਾਪਸ ਹੋਣ ਤਕ ਸਾਡਾ ਸੰਘਰਸ਼ ਜਾਰੀ ਰਹੇਗਾ।
ਇਸ ਦੇ ਨਾਲ ਹੀ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਦਿੱਲੀ ਅੰਦਰ ਨਾ ਦਾਖ਼ਲ ਹੋਣ ਦਾ ਫ਼ੈਸਲਾ ਕਰਦਿਆਂ ਰਾਜਧਾਨੀ ਨੂੰ ਚੁਫੇਰਿਓਂ ਘੇਰਨ ਦਾ ਐਲਾਨ ਕੀਤਾ ਹੈ। ਉੱਤਰ ਪ੍ਰਦੇਸ਼ ਤੇ ਰਾਜਸਥਾਨ ਨੂੰ ਜਾਣ ਵਾਲੇ ਰਸਤੇ ਵੀ ਸੀਲ ਕੀਤੇ ਜਾਣਗੇ। ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਸਾਨੂੰ ਤਿੰਨੇ ਕਾਨੂੰਨ ਰੱਦ ਕਰਨ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ ਹੈ।