ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਸ਼ਰਦ ਪਵਾਰ, ਮਸਲੇ ਨੂੰ ਸੁਲਝਾਉਣਾ ਸਰਕਾਰ ਦਾ ਫਰਜ਼ 

ਏਜੰਸੀ

ਖ਼ਬਰਾਂ, ਰਾਸ਼ਟਰੀ

ਖੇਤੀ ਕਾਨੂੰਨਾਂ 'ਤੇ ਵਿਰੋਧੀ ਧਿਰ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

Sharad Pawar

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਜਾਰੀ ਸੰਘਰਸ਼ ਦੇ ਚਲਦਿਆਂ ਅੱਜ ਵਿਰੋਧੀ ਧਿਰ ਦੇ ਇਕ ਵਫ਼ਦ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ, ਐਨਸੀਪੀ ਮੁਖੀ ਸ਼ਰਦ ਪਵਾਰ ਸਮੇਤ ਵਿਰੋਧੀ ਧਿਰ ਦੇ 5 ਨੇਤਾ ਰਾਸ਼ਟਰਪਤੀ ਭਵਨ ਪਹੁੰਚੇ।

ਮੀਟਿੰਗ ਤੋਂ ਬਾਅਦ ਸੀਪੀਐਮ ਨੇਤਾ ਸੀਤਾਰਾਮ ਯੇਚੁਰੀ ਨੇ ਕਿਹਾ ਕਿ ਉਹਨਾਂ ਨੇ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ ਹੈ। ਉਹਨਾਂ ਕਿਹਾ ਕਿ ਵਿਰੋਧੀ ਧਿਰ ਦੇ ਵਫ਼ਦ ਨੇ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ, ਜਿਨ੍ਹਾਂ ਨੂੰ ਬਿਨਾਂ ਕਿਸੇ ਵਿਚਾਰ ਵਟਾਂਦਰੇ ਤੇ ਸਲਾਹ ਮਸ਼ਵਰੇ ਤੋਂ ਲੋਕਤੰਤਰ ਵਿਰੋਧੀ ਢੰਗ ਨਾਲ ਪਾਸ ਕੀਤਾ ਗਿਆ ਸੀ। 

ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਉਹਨਾਂ ਨੇ ਰਾਸ਼ਟਰਪਤੀ ਨੂੰ ਦੱਸਿਆ ਕਿ ਇਹ ਬਹੁਤ ਜ਼ਰੂਰੀ ਹੈ ਕਿ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। ਇਸ ਦੌਰਾਨ ਐਨਸੀਪੀ ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਖੇਤੀ ਬਿਲਾਂ ਬਾਰੇ ਵਿਚਾਰ ਵਟਾਂਦਰੇ ਲਈ ਸਾਰੀਆਂ ਵਿਰੋਧੀ ਪਾਰਟੀਆਂ ਵੱਲੋਂ ਇਕ ਬੇਨਤੀ ਕੀਤੀ ਗਈ ਸੀ ਕਿ ਇਹਨਾਂ ਬਿਲਾਂ ਨੂੰ ਸਲੈਕਟਿਵ ਕਮੇਟੀ ਕੋਲ ਭੇਜਿਆ ਜਾਣਾ ਚਾਹੀਦਾ ਸੀ, ਪਰ ਬਿਨਾਂ ਕਿਸੇ ਦੀ ਸਲਾਹ ਲਏ, ਇਹਨਾਂ ਬਿਲਾਂ ਨੂੰ ਜਲਦ ਤੋਂ ਜਲਦ ਪਾਸ ਕੀਤਾ ਗਿਆ। 

ਸ਼ਰਦ ਪਵਾਰ ਨੇ ਅੱਗੇ ਕਿਹਾ ਕਿ ਇਸ ਠੰਢ ਦੇ ਮੌਸਮ ਵਿਚ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਰੋਸ ਜ਼ਾਹਰ ਕਰਦਿਆਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ ਤੇ ਇਸ ਮਸਲੇ ਨੂੰ ਸੁਲਝਾਉਣਾ ਸਰਕਾਰ ਦਾ ਫਰਜ਼ ਹੈ। ਦੱਸ ਦਈਏ ਕਿ ਕਾਂਗਰਸ ਸਮੇਤ ਕਈ ਵਿਰੋਧੀ ਧਿਰਾਂ ਨੇ ਕਿਸਾਨੀ ਅੰਦੋਲਨ ਨੂੰ ਅਪਣਾ ਸਮਰਥਨ ਦਿੱਤਾ ਹੈ ਤੇ ਤਿੰਨ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।

ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਵਾਲੇ ਵਫਦ ਵਿਚ ਸ਼ਰਦ ਪਵਾਰ, ਰਾਹੁਲ ਗਾਂਧੀ, ਸੀਪੀਐਮ ਨੇਤਾ ਸੀਤਾਰਾਮ ਯੇਚੁਰੀ, ਸੀਪੀਆਈ ਜਨਰਲ ਸਕੱਤਰ ਡੀ ਰਾਜਾ ਅਤੇ ਡੀਐਮਕੇ ਨੇਤਾ ਟੀ ਕੇ ਐਸ ਇਲੇਨਗੋਵਨ ਹਨ। ਸੀਤਾਰਾਮ ਯੇਚੁਰੀ ਨੇ ਕਿਹਾ ਹੈ ਕਿ 25 ਤੋਂ ਜ਼ਿਆਦਾ ਵਿਰੋਧੀ ਧਿਰਾਂ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਇਹ ਕਾਨੂੰਨ ਭਾਰਤ ਦੇ ਹਿੱਤ ਵਿਚ ਨਹੀਂ ਹਨ।