Sonia Gandhi ’ਤੇ ਵੋਟਰ ਸੂਚੀ ’ਚ ਗਲਤ ਤਰੀਕੇ ਨਾਲ ਨਾਮ ਜੁੜਵਾਉਣ ਦਾ ਇਲਜ਼ਾਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਦੀ ਅਦਾਲਤ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

Sonia Gandhi accused of getting names wrongly added to voter list

ਨਵੀਂ ਦਿੱਲੀ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਸੋਨੀਆ ਗਾਂਧੀ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਉਸ ਪਟੀਸ਼ਨ ’ਤੇ  ਜਾਰੀ ਕੀਤਾ ਗਿਆ ਹੈ ਜਿਸ ਵਿੱਚ ਆਰੋਪ ਲਗਾਇਆ ਗਿਆ ਹੈ ਕਿ ਸੋਨੀਆ ਗਾਂਧੀ ਦਾ ਨਾਂ 1980–81 ਦੀ ਵੋਟਰ ਲਿਸਟ ਵਿੱਚ ਗਲਤ ਤਰੀਕੇ ਨਾਲ ਜੋੜਿਆ ਗਿਆ ਸੀ। ਇਸ ਤੋਂ ਇਲਾਵਾ ਪਟੀਸ਼ਨ ਵਿੱਚ ਮੈਜਿਸਟ੍ਰੇਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ ਜਿਸ ਵਿੱਚ ਸੋਨੀਆ ਗਾਂਧੀ ਖਿਲਾਫ਼ ਦਰਜ ਕੀਤੀ ਸ਼ਿਕਾਇਤ ਨੂੰ ਰੱਦ ਕਰ ਦਿੱਤਾ ਗਿਆ ਸੀ । ਕੋਰਟ ਨੇ ਇਸ ਮਾਮਲੇ ਵਿੱਚ ਸੂਬਾ ਸਰਕਾਰ ਨੂੰ ਵੀ ਨੋਟਿਸ ਜਾਰੀ ਕੀਤਾ ਹੈ ਅਤੇ ਪੂਰੇ ਮਾਮਲੇ ਦਾ ਰਿਕਾਰਡ ਮੰਗਿਆ ਹੈ। ਇਸ ਮਾਮਲੇ ’ਤੇ ਅਗਲੀ ਸੁਣਵਾਈ ਆਉਂਦੀ 6 ਜਨਵਰੀ ਨੂੰ ਹੋਵੇਗੀ । ਇਸ ਦੌਰਾਨ ਸੋਨੀਆ ਗਾਂਧੀ ਅਤੇ ਸੂਬਾ ਸਰਕਾਰ ਨੂੰ ਨੋਟਿਸ ਦਾ ਜਵਾਬ ਦੇਣਾ ਪਵੇਗਾ।

ਇਹ ਪਟੀਸ਼ਨ ਵਿਕਾਸ ਤ੍ਰਿਪਾਠੀ ਵੱਲੋਂ ਦਾਇਰ ਕੀਤੀ ਗਈ ਹੈ । ਮਾਮਲੇ ਦੀ ਸੁਣਵਾਈ ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਕੀਤੀ। ਪਟੀਸ਼ਨਕਰਤਾ ਨੇ ਇਲਜ਼ਾਮ ਲਗਾਇਆ ਹੈ ਕਿ ਸੋਨੀਆ ਗਾਂਧੀ ਦਾ ਨਾਂ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਦੀ 1980 ਦੀ ਵੋਟਰ ਲਿਸਟ ਵਿੱਚ ਸੀ, ਜਦਕਿ ਉਹ ਅਪ੍ਰੈਲ 1983 ਵਿੱਚ ਹੀ ਭਾਰਤ ਦੀ ਨਾਗਰਿਕ ਬਣੇ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਊਜ਼ ਐਵੇਨਿਊ ਕੋਰਟ ਦੇ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਵੈਭਵ ਚੌਰਸੀਆ ਨੇ 11 ਸਤੰਬਰ ਨੂੰ ਇਹ ਪਟੀਸ਼ਨ ਰੱਦ ਕਰ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਕੋਰਟ ਚੋਣਾਂ ਨਾਲ ਜੁੜੇ ਸੰਵਿਧਾਨਕ ਅਧਿਕਾਰ ਖੇਤਰ ਵਿੱਚ ਦਖਲ ਨਹੀਂ ਦੇ ਸਕਦੀ, ਨਹੀਂ ਤਾਂ ਸੰਵਿਧਾਨ ਦੀ ਧਾਰਾ 329 ਦੀ ਉਲੰਘਣਾ ਹੋਵੇਗੀ।