PM ਦੀ ਸੁਰੱਖਿਆ ਦਾ ਮਾਮਲਾ : ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ 'ਚ ਬਣੇਗੀ ਵੱਖਰੀ ਕਮੇਟੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੰਜਾਬ ਸਰਕਾਰ ਵਲੋਂ ਜਾਂਚ ਲਈ ਵੱਖਰੀ ਕਮੇਟੀ ਬਣਾਉਣ ਲਈ ਕੀਤੀ ਗਈ ਸੀ ਅਪੀਲ 

Supreme Court

ਨਵੀਂ ਦਿੱਲੀ : ਬੀਤੇ ਦਿਨੀ ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਨੂੰ ਬਠਿੰਡਾ ਤੋਂ ਫਿਰੋਜ਼ਪੁਰ ਆਉਂਦੇ ਸਮੇਂ ਪਿਆਰੇਆਣਾ ਫਲਾਈਓਵਰ 'ਤੇ ਕਰੀਬ 20 ਮਿੰਟ ਲਈ ਰੁਕਣਾ ਪਿਆ ਸੀ। ਇਸ ਮਾਮਲੇ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਗਿਣਦਿਆਂ ਮਾਮਲਾ ਸੁਪਰੀਮ ਕੋਰਟ ਵਿਚ ਪਹੁੰਚ ਗਿਆ ਹੈ ਅਤੇ ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਕੋਰਟ ਨੇ ਕਿਹਾ ਹੈ ਕਿ ਇਸ ਦੀ ਜਾਂਚ ਲਈ ਇੱਕ ਸੁਤੰਤਰ ਕਮੇਟੀ ਬਣਾਈ ਜਾਵੇਗੀ

ਜਿਸ ਦੀ ਅਗਵਾਈ ਸੁਪਰੀਮ ਕੋਰਟ ਦੇ ਇੱਕ ਸਾਬਕਾ ਜੱਜ ਕਰਨਗੇ। ਸੁਪਰੀਮ ਕੋਰਟ ਨੇ ਕਮੇਟੀ ਵਿਚ ਡੀਜੀਪੀ ਚੰਡੀਗੜ੍ਹ, ਆਈਜੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA), ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਅਤੇ ਏਡੀਜੀਪੀ (ਸੁਰੱਖਿਆ) ਪੰਜਾਬ ਨੂੰ ਸ਼ਾਮਲ ਕਰਨ ਦਾ ਪ੍ਰਸਤਾਵ ਦਿਤਾ ਹੈ।

ਇਸ ਤੋਂ ਪਹਿਲਾਂ ਮਾਮਲੇ ਦੀ ਸੁਣਵਾਈ ਕਰਦੇ ਹੋਏ ਚੀਫ਼ ਜਸਟਿਸ ਨੇ ਕਿਹਾ ਕਿ ਸਾਨੂੰ ਅੱਜ ਸਵੇਰੇ 10 ਵਜੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਜੁੜੇ ਦਸਤਾਵੇਜ਼ ਮਿਲੇ ਹਨ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਪੂਰੇ ਮਾਮਲੇ ਵਿਚ ਕੁਤਾਹੀ ਹੋਈ ਹੈ। ਪੰਜਾਬ ਸਰਕਾਰ ਵੀ ਇਸ ਗੱਲ ਨੂੰ ਮੰਨ ਚੁੱਕੀ ਹੈ। ਸਵਾਲ ਇਹ ਹੈ ਕਿ ਜੇਕਰ ਜਾਂਚ ਕੀਤੀ ਜਾਂਦੀ ਹੈ ਤਾਂ ਉਸ ਦਾ ਘੇਰਾ ਕੀ ਹੋਵੇਗਾ। ਜੇਕਰ ਕੇਂਦਰ ਅਧਿਕਾਰੀਆਂ ਖ਼ਿਲਾਫ਼ ਅਨੁਸ਼ਾਸ਼ਨੀ ਕਾਰਵਾਈ ਕਰਨਾ ਚਾਹੁੰਦਾ ਹੈ ਤਾਂ ਸੁਪਰੀਮ ਕੋਰਟ ਇਸ ਮਾਮਲੇ 'ਚ ਕੀ ਕਰੇਗੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਸਾਡੇ ਅਧਿਕਾਰੀਆਂ ਨੂੰ 7 ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਨਹੀਂ ਮਿਲਿਆ, ਜਦੋਂ ਕਮੇਟੀ ਦੀ ਜਾਂਚ ਰੁਕੀ ਹੋਈ ਹੈ ਤਾਂ ਫਿਰ ਕਾਰਨ ਦੱਸੋ ਨੋਟਿਸ ਜਾਰੀ ਕਰਨੇ ਕੀ ਜਾਇਜ਼ ਹਨ?

ਪੰਜਾਬ ਸਰਕਾਰ ਦੇ ਸੀਨੀਅਰ ਵਕੀਲ ਡੀਐਸ ਪਟਵਾਲੀਆ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਦੀ ਕਮੇਟੀ ’ਤੇ ਭਰੋਸਾ ਨਹੀਂ ਹੈ, ਇਸ ਲਈ ਅਦਾਲਤ ਨੂੰ ਆਪਣੀ ਤਰਫ਼ੋਂ ਕਮੇਟੀ ਦਾ ਗਠਨ ਕਰਨਾ ਚਾਹੀਦਾ ਹੈ। ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਜੇਕਰ ਸੁਪਰੀਮ ਕੋਰਟ ਚਾਹੁੰਦੀ ਹੈ ਤਾਂ ਇਸ ਮਾਮਲੇ ਵਿਚ ਵੱਖਰੀ ਜਾਂਚ ਕਮੇਟੀ ਦਾ ਗਠਨ ਕੀਤਾ ਜਾਵੇ।

ਅਸੀਂ ਉਸ ਕਮੇਟੀ ਵਿਚ ਸਹਿਯੋਗ ਕਰਾਂਗੇ ਪਰ ਹੁਣ ਸਾਡੀ ਸਰਕਾਰ ਅਤੇ ਸਾਡੇ ਅਧਿਕਾਰੀਆਂ ਨੂੰ ਦੋਸ਼ੀ ਨਹੀਂ ਠਹਿਰਾਉਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰਵਾਈ ਜਾਵੇਗੀ। ਕਿਰਪਾ ਕਰਕੇ ਇੱਕ ਸੁਤੰਤਰ ਕਮੇਟੀ ਨਿਯੁਕਤ ਕਰੋ ਅਤੇ ਸਾਨੂੰ ਇੱਕ ਨਿਰਪੱਖ ਸੁਣਵਾਈ ਦਿਓ।