ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 70 ਹੋਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਦੋ ਗੁਆਂਢੀ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ........

70 deaths due to toxic alcohol consumption

ਹਰੀਦੁਆਰ/ਸਹਾਰਨਪਰ/ਗੋਰਖਪੁਰ (ਉੱਤਰ ਪ੍ਰਦੇਸ਼) : ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਦੋ ਗੁਆਂਢੀ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੱਧ ਕੇ 70 ਹੋ ਗਈ ਹੈ। ਉੱਤਰਾਖੰਡ ਦੇ ਹਰੀਦੁਆਰ ਜ਼ਿਲ੍ਹੇ ਦੇ ਐਡੀਸ਼ਨਲ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ)  ਅਸ਼ੋਕ ਕੁਮਾਰ ਨੇ ਦਸਿਆ ਕਿ ਬੁਧਵਾਰ ਨੂੰ ਬਾਲੂਪੁਰ ਪਿੰਡ ਵਿਚ ਇਕ ਵਿਅਕਤੀ ਦੀ 'ਤੇਰ੍ਹਵੀਂ' 'ਤੇ ਇਨ੍ਹਾਂ ਲੋਕਾਂ ਨੇ ਸ਼ਰਾਬ ਪੀਤੀ ਸੀ। ਮਰਨ ਵਾਲਿਆਂ ਵਿਚ 24 ਬਾਲੂਪੁਰ ਅਤੇ ਇਸ ਦੇ ਨੇੜਲੇ ਪਿੰਡਾਂ ਦੇ ਸਨ। ਬੁਧਵਾਰ ਨੂੰ ਬਾਲੂਪੁਰ ਤੋਂ ਸ਼ਰਾਬ ਪੀ ਕੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ

ਸਥਿਤ ਅਪਣੇ ਘਰ ਪੁੱਜੇ 46 ਲੋਕਾਂ ਦੀ ਵੀ ਮੌਤ ਹੋ ਗਈ। ਅਧਿਕਾਰੀਆਂ ਨੇ ਦਸਿਆ ਕਿ ਇਨ੍ਹਾਂ ਵਿਚੋਂ 35 ਮੌਤਾਂ ਸਹਾਰਨਪੁਰ ਜ਼ਿਲ੍ਹੇ ਵਿਚ ਹੀ ਹੋਈਆਂ ਹਨ ਅਤੇ ਹੋਰ 11 ਲੋਕਾਂ ਨੂੰ ਇਲਾਜ ਲਈ ਸਹਾਰਨਪੁਰ ਤੋਂ ਮੇਰਠ ਭੇਜ ਦਿਤਾ ਗਿਆ ਸੀ, ਉਨ੍ਹਾਂ ਦੀ ਮੌਤ ਮੇਰਠ ਹੋਈ ਹੈ। ਸ਼ੁਕਰਵਾਰ ਤੋਂ ਹੁਣ ਤਕ ਕੁੱਝ ਹੋਰ ਲੋਕਾਂ ਦੇ ਮਰਨ ਦੀ ਖ਼ਬਰ ਹੈ ਅਤੇ ਇਹ ਪਤਾ ਲਾਉਣ ਲਈ ਉਨ੍ਹਾਂ ਦੇ ਵਿਸਰਾ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੀ ਮੌਤ ਦਾ ਸਬੰਧੀ ਵੀ ਜ਼ਹਿਰੀਲੀ ਸ਼ਰਾਬ ਨਾਲ ਹੈ। ਇਸ ਦੌਰਾਨ ਗੈਰਕਾਨੂੰਨੀ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੀ ਪੁਲਿਸ ਭਾਲ ਕਰ ਰਹੀ ਹੈ ਅਤੇ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। 

ਐਸ.ਪੀ. ਨੇ ਦਸਿਆ ਕਿ ਹੁਣ ਤਕ ਗ਼ੈਰਕਾਨੂੰਨੀ ਸ਼ਰਾਬ ਦਾ ਵਪਾਰ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ ਭੇਜਿਆ ਜਾ ਚੁੱਕਾ ਹੈ ਅਤੇ ਕਈ ਹੋਰ ਨੂੰ ਹਿਰਾਸਤ ਵਿਚ ਲੈ ਕੇ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਆਬਕਾਰੀ ਅਤੇ ਪੁਲਿਸ ਵਿਭਾਗ ਨੂੰ ਗ਼ੈਰਕਾਨੂੰਨੀ ਸ਼ਰਾਬ ਨਾਲ ਜੁੜੇ ਵਿਅਕਤੀਆਂ ਵਿਰੁਧ 15 ਦਿਨ ਦੀ ਸਾਂਝੀ ਮੁਹਿੰਮ ਚਲਾਉਣ ਦਾ ਹੁਕਮ ਦਿਤਾ ਹੈ। ਮ੍ਰਿਤਕਾਂ ਦੇ ਪ੍ਰਵਾਰਕ ਜੀਆਂ ਨੂੰ 2-2 ਲੱਖ ਰੁਪਏ ਅਤੇ ਜ਼ੇਰੇ ਇਲਾਜ ਵਿਅਕਤੀਆਂ ਨੂੰ 50-50 ਹਜ਼ਾਰ ਰੁਪਏ ਦੀ ਆਰਥਕ ਸਹਾਇਤਾ ਦਿਤੇ ਜਾਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਮੁੱਖ ਸਕੱਤਰ ਆਬਕਾਰੀ ਨੂੰ ਇਨ੍ਹਾਂ ਦੋਹਾਂ ਜ਼ਿਲ੍ਹਿਆਂ ਦੇ ਜ਼ਿਲ੍ਹਾ ਆਬਕਾਰੀ ਅਧਿਕਾਰੀਆਂ ਵਿਰੁਧ ਵਿਭਾਗੀ ਕਾਰਵਾਈ ਕਰਨ ਦਾ ਵੀ ਹੁਕਮ ਦਿਤਾ ਹੈ ਅਤੇ ਡਾਇਰੈਕਟਰ ਜਨਰਲ ਪੁਲਿਸ ਨੂੰ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਨਿਰਧਾਰਤ ਕਰਨ ਲਈ ਕਿਹਾ ਹੈ। ਉੱਤਰਾਖੰਡ ਵਿਚ ਆਬਕਾਰੀ ਵਿਭਾਗ ਦੇ 13 ਅਧਿਕਾਰੀਆਂ ਅਤੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿਤਾ ਹੈ। ਦੋਹਾਂ ਸੂਬਿਆਂ ਵਿਚ ਜ਼ਹਿਰੀਲੀ ਸ਼ਰਾਬ ਦੀ ਵਿਕਰੀ 'ਤੇ ਰੋਕ ਲਾਉਣ ਲਈ ਮੁਹਿੰਮ ਚਲਾਈ ਗਈ ਹੈ। ਉਧਰ ਮੌਤਾਂ 'ਤੇ ਵਿਰੋਧੀ ਪਾਰਟੀਆਂ ਨੇ ਦੋਹਾਂ ਸੂਬਿਆਂ ਦੀਆਂ ਭਾਜਪਾ ਸਰਕਾਰਾਂ ਨੂੰ ਘੇਰਿਆ ਹੈ। ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ

ਹਰੀਸ਼ ਰਾਵਤ ਨੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਸੱਤਾਧਾਰੀ ਭਾਜਪਾ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੂਬੇ ਦੇ ਆਬਕਾਰੀ ਵਿਭਾਗ ਦੀ 'ਲਾਪਰਵਾਹੀ' ਕਰ ਕੇ ਇਹ ਘਟਨਾ ਹੋਈ। ਉਨ੍ਹਾਂ ਕਿਹਾ ਕਿ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਨੂੰ ਦੋ ਲੱਖ ਦੀ ਬਜਾਏ ਪੰਜ ਲੱਖ ਰੁਪਏ ਮੁਆਵਜ਼ਾ ਮਿਲਣਾ ਚਾਹੀਦਾ ਸੀ। ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਰਾਜ ਸਕੱਤਰੇਤ ਨੇ ਜ਼ਹਿਰੀਲੀ ਸ਼ਰਾਬ ਨਾਲ ਹੋ ਰਹੀਆਂ ਮੌਤਾਂ 'ਤੇ ਦੁਖ਼ ਦਾ ਪ੍ਰਗਟਾਵਾ ਕਰਦਿਆਂ ਇਸ ਲਈ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੂੰ ਜ਼ਿੰਮੇਵਾਰ ਦਸਿਆ ਅਤੇ ਉਨ੍ਹਾਂ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।

ਸੀਪੀਆਈ ਦੇ ਰਾਜ ਸਕੱਤਰ ਗਿਰੀਸ਼ ਨੇ ਸਨਿਚਰਵਾਰ ਨੂੰ ਇਥੇ ਜਾਰੀ ਇਕ ਬਿਆਨ ਵਿਚ ਮੁੱਖ ਮੰਤਰੀ ਯੋਗੀ ਅਦਿਤਿਆਨਾਥ 'ਤੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਪਹਿਲ ਉੱਤਰ ਪ੍ਰਦੇਸ਼ 'ਚ ਸਰਕਾਰ ਚਲਾਉਣਾ ਨਹੀਂ  ਬਲਕਿ ਲੋਕਾਂ ਨੂੰ ਗੁਮਰਾਹ ਕਰਨਾ ਅਤੇ ਵਿਰੋਧੀ ਪਾਰਟੀਆਂ 'ਤੇ ਹਮਲੇ ਬੋਲਣਾ ਹੈ। (ਪੀਟੀਆਈ)