ਕੋਰੋਨਾ ਨਾਲ ਸਕੂਲ ਅਧਿਆਪਕਾ ਦੀ ਮੌਤ, ਰਾਸ਼ਨ ਵੰਡਣ ਦੀ ਸੀ ਜ਼ਿੰਮੇਵਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਰਾਜਧਾਨੀ ਦਿੱਲੀ ਵਿਚ ਕੋਰੋਨਾ ਨਾਲ ਸਰਕਾਰੀ ਸਕੂਲ ਅਧਿਆਪਕਾ ਦੀ ਮੌਤ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ।

Photo

ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿਚ ਕੋਰੋਨਾ ਨਾਲ ਸਰਕਾਰੀ ਸਕੂਲ ਅਧਿਆਪਕਾ ਦੀ ਮੌਤ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਲਾਈਨਜ਼ ਸਕੂਲ, ਨੌਰਥ ਐਮਸੀਡੀ ਵਿਚ ਪੜ੍ਹਾਉਣ ਵਾਲੀ 45 ਸਾਲਾ ਅਧਿਆਪਕਾ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਅਧਿਆਪਕਾ ਨੂੰ ਰਾਸ਼ਨ ਵੰਡਣ ਦੇ ਕਾਰਜ ਵਿਚ ਡਿਊਟੀ 'ਤੇ ਤਾਇਨਾਤ ਕੀਤਾ ਗਿਆ ਸੀ। 

ਦੱਸ ਦਈਏ ਕਿ ਦਿੱਲੀ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ ਪੰਜ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਜਾਨਲੇਵਾ ਵਾਇਰਸ ਕਾਰਨ ਮਰਨ ਵਾਲੇ ਸਾਰੇ ਪੰਜ ਲੋਕਾਂ ਨੂੰ ਦਿੱਲੀ ਦੇ ਵੱਖ ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਸੀ। ਇਸ ਦੇ ਨਾਲ ਹੀ ਦਿੱਲੀ ਵਿਚ, ਹੁਣ ਤੱਕ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 73 ਹੋ ਗਈ ਹੈ।

ਇਸ ਦੇ ਨਾਲ ਹੀ ਭਾਰਤ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਲਗਾਤਾਰ ਚੌਥੇ ਦਿਨ ਕੋਰੋਨਾ ਨਾਲ ਸੰਕਰਮਿਤ ਹੋਏ ਨਵੇਂ ਮਰੀਜ਼ਾਂ ਦੀ ਗਿਣਤੀ 3000 ਨੂੰ ਪਾਰ ਕਰ ਗਈ। ਨਵੇਂ ਕੇਸ ਆਉਣ ਤੋਂ ਬਾਅਦ ਦੇਸ਼ ਵਿਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 60 ਹਜ਼ਾਰ ਨੂੰ ਪਾਰ ਕਰ ਗਈ ਹੈ।

ਦੱਸ ਦਈਏ ਕਿ 3 ਮਈ ਤੱਕ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 40 ਹਜ਼ਾਰ ਦੇ ਨੇੜੇ ਸੀ। ਸਿਰਫ 6 ਦਿਨਾਂ ਦੇ ਅੰਦਰ ਹੀ ਕੋਰੋਨਾ ਲਾਗ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ 20 ਹਜ਼ਾਰ ਦਾ ਵਾਧਾ ਹੋਇਆ ਹੈ। ਹੁਣ ਤੱਕ 2000 ਲੋਕਾਂ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਭਾਰਤ ਵਿਚ ਕੋਰੋਨਾ ਵਾਇਰਸ ਕਾਰਨ 113 ਲੋਕਾਂ ਦੀ ਮੌਤ ਹੋ ਗਈ ਹੈ।