ਕਠੂਆ ਰੇਪ ਤੇ ਕਤਲ ਮਾਮਲਾ: ਫ਼ੈਸਲੇ ਤੋਂ ਬਾਅਦ ਮਹਿਬੂਬਾ ਮੁਫ਼ਤੀ ਅਤੇ ਉਮਰ ਅਬਦੁੱਲਾ ਦਾ ਬਿਆਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

Mehbooba Mufti and Omar Abdullah

ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਕਠੂਆ ਵਿਚ ਇਕ ਅੱਠ ਸਾਲ ਦੀ ਬੱਚੀ ਨਾਲ ਹੋਏ ਸਮੂਹਿਕ ਬਲਾਤਕਾਰ ਅਤੇ ਹੱਤਿਆ ਮਾਮਲੇ ਵਿਚ ਪਠਾਨਕੋਟ ਦੀ ਇਕ ਵਿਸ਼ੇਸ਼ ਅਦਾਲਤ ਨੇ 6 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਘਟਨਾ ਨੇ ਜੰਮੂ-ਕਸ਼ਮੀਰ ਵਿਚ ਬਹੁਤ ਵੱਡਾ ਸਿਆਸੀ ਤੂਫ਼ਾਨ ਖੜਾ ਕਰ ਦਿੱਤਾ ਸੀ। ਇਸੇ ਕਰ ਕੇ ਸੂਬਾ ਸਰਕਾਰ ਦੇ ਦੋ ਮੰਤਰੀਆਂ ਨੂੰ ਅਪਣੇ ਅਹੁਦੇ ਤੋਂ ਹੱਥ ਧੋਣੇ ਪਏ ਸੀ। ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਮੀਦ ਹੈ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।

 


 

ਇਸ ਦੇ ਸਬੰਧ ਵਿਚ ਮਹਿਬੂਬਾ ਨੇ ਟਵੀਟ ਕਰਕੇ ਕਿਹਾ, ‘ਇਸ ਫ਼ੈਸਲੇ ਦਾ ਸਵਾਗਤ ਕਰਦੀ ਹਾਂ। ਇਹ ਸਮਾਂ ਅਜਿਹੇ ਮਾਮਲਿਆਂ ‘ਤੇ ਸਿਆਸਤ ਕਰਨ ਦਾ ਨਹੀਂ ਹੈ, ਜਿੱਥੇ ਇਕ 8 ਸਾਲ ਦੀ ਬੱਚੀ ਨੂੰ ਨਸ਼ੀਲੇ ਪਦਾਰਥ ਦਿੱਤੇ ਗਏ, ਉਸ ਦਾ ਬਲਾਤਕਾਰ ਕੀਤਾ ਗਿਆ ਅਤੇ ਫਿਰ ਉਸ ਨੂੰ ਮੌਤ ਦੀ ਨੀਂਦ ਸੁਲਾ ਦਿੱਤਾ ਗਿਆ। ਉਮੀਦ ਹੈ ਕਿ ਸਾਡੀ ਕਾਨੂੰਨੀ ਵਿਵਸਥਾ ਦੀਆਂ ਕਮੀਆਂ ਦਾ ਫਾਇਦਾ ਨਹੀਂ ਚੁੱਕਿਆ ਜਾਵੇਗਾ ਅਤੇ ਦੋਸ਼ੀਆਂ ਨੂੰ ਅਜਿਹੀ ਸਜ਼ਾ ਦਿੱਤੀ ਜਾਵੇਗੀ ਜੋ ਮਿਸਾਲ ਬਣੇਗੀ’।

 


 

ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ-ਅਬਦੁੱਲ੍ਹਾ ਨੇ ਕਿਹਾ ਕਿ ਕਾਨੂੰਨ ਦੇ ਤਹਿਤ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਮਾਮਲੇ ਨੂੰ ਜੰਮੂ-ਕਸ਼ਮੀਰ ਤੋਂ ਬਾਹਰ ਭੇਜਣ ਦਾ ਨਿਰਦੇਸ਼ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ ਕਠੂਆ ਦੇ ਵਕੀਲਾਂ ਨੇ ਕ੍ਰਾਈਮ ਬ੍ਰਾਂਚ ਦੇ ਅਧਿਕਾਰੀਆਂ ਨੂੰ ਮਾਮਲੇ ਵਿਚ ਚਾਰਜ ਸ਼ੀਟ ਦਾਖ਼ਲ ਕਰਨ ਤੋਂ ਰੋਕਿਆ ਸੀ।  ਪੰਦਰਾਂ ਪੰਨਿਆਂ ਦੀ ਚਾਰਜ ਸ਼ੀਟ ਅਨੁਸਾਰ ਪਿਛਲੇ ਸਾਲ 10 ਜਨਵਰੀ ਨੂੰ ਅਗਵਾ ਕੀਤੀ ਗਈ ਅੱਠ ਸਾਲ ਦੀ ਬੱਚੀ ਨੂੰ ਕਠੂਆ ਜ਼ਿਲ੍ਹੇ ਦੇ ਇਕ ਛੋਟੇ ਜਿਹੇ ਮੰਦਿਰ ਵਿਚ ਕੈਦ ਕਰਕੇ ਉਸ ਨਾਲ ਬਲਾਤਕਾਰ ਕੀਤਾ ਗਿਆ ਸੀ ਅਤੇ ਬਾਅਦ ਵਿਚ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ।