ਸ਼ੋਪੀਆਂ 'ਚ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਮਾਰੇ ਗਏ ਜਦਕਿ ਇਕ ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋ ਗਿਆ...........
ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਮਾਰੇ ਗਏ ਜਦਕਿ ਇਕ ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋ ਗਿਆ। ਪੁਲਿਸ ਨੇ ਦਸਿਆ ਕਿ ਕੁੰਡਲਾਨ ਪਿੰਡ ਵਿਚ ਮੁਕਾਬਲੇ ਵਾਲੀ ਥਾਂ ਲਾਗੇ ਸੁਰੱਖਿਆ ਬਲਾਂ ਨਾਲ ਪ੍ਰ੍ਰਦਰਸ਼ਨਕਾਰੀਆਂ ਦੀ ਝੜਪ ਵਿਚ ਇਕ ਨੌਜਵਾਨ ਮਾਰਿਆ ਗਿਆ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਮੁਕਾਬਲੇ ਵਾਲੀ ਥਾਂ ਲਾਗੇ ਸੁਰੱਖਿਆ ਬਲਾਂ ਅਤੇ ਲੋਕਾਂ ਵਿਚਾਲੇ ਝੜਪ ਹੋ ਗਈ। ਸੁਰੱÎਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ 'ਤੇ ਗੋਲੀ ਚਲਾ ਦਿਤੀ ਜਿਸ ਵਿਚ ਇਕ ਨੌਜਵਾਨ ਮਾਰਿਆ ਗਿਆ ਅਤੇ 50 ਨਾਗਰਿਕ ਜ਼ਖ਼ਮੀ ਹੋ ਗਏ। ਇਸ ਤੋਂ ਪਹਿਲਾਂ ਦਿਨ ਸਮੇਂ ਮੁਕਾਬਲੇ ਵਿਚ ਦੋ ਅਤਿਵਾਦੀ ਮਾਰੇ ਗਏ ਸਨ
ਅਤੇ ਇਕ ਜਵਾਨ ਜ਼ਖ਼ਮੀ ਹੋ ਗਿਆ ਸੀ। ਸੂਤਰਾਂ ਨੇ ਦਸਿਆ ਕਿ ਜਦ ਸੁਰੱਖਿਆ ਬਲਾਂ ਨੇ ਇਲਾਕੇ ਵਿਚ ਅਤਿਵਾਦੀਆਂ ਨੂੰ ਲੱਭਣ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਤਾਂ ਦੋਹਾਂ ਧਿਰਾਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ। ਇਸੇ ਦੌਰਾਨ ਭਾਰੀ ਗਿਣਤੀ ਵਿਚ ਨਾਗਰਿਕ ਮੁਕਾਬਲੇ ਵਾਲੀ ਥਾਂ ਵਲ ਦੌੜੇ ਅਤੇ ਝੜਪ ਸ਼ੂਰੂ ਹੋ ਗਈ। ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਦੋ ਅਤਿਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਅਤਿਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਉਕਤ ਪਿੰਡ ਵਿਚ ਘੇਰਾਬੰਦੀ ਕਰ ਲਈ ਅਤੇ ਤਲਾਸ਼ੀ ਮੁਹਿੰਮ ਵਿੱਢ ਦਿਤੀ।
ਤਲਾਸ਼ੀ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾ ਦਿਤੀਆਂ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਅਧਿਕਾਰੀ ਨੇ ਦਸਿਆ ਕਿ ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਇਕ ਜਵਾਨ ਜ਼ਖ਼ਮੀ ਹੋ ਗਿਆ। ਭਾਰੀ ਗਿਣਤੀ ਵਿਚ ਆਮ ਲੋਕ ਪਿੰਡ ਵਿਚ ਮੁਕਾਬਲੇ ਵਾਲੀ ਥਾਂ 'ਤੇ ਪਹੁੰਚ ਗਏ ਅਤੇ ਸੁਰੱਖਿਆ ਬਲਾਂ ਵਲ ਪੱਥਰ ਸੁਟਣੇ ਸ਼ੁਰੂ ਕਰ ਦਿਤੇ। ਉਨ੍ਹਾਂ ਦਸਿਆ ਕਿ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਸੁਰੱਖਿਆ ਬਲਾਂ ਦੀ ਕਾਰਵਾਈ ਵਿਚ 50 ਆਮ ਨਾਗਰਿਕ ਜ਼ਖ਼ਮੀ ਹੋ ਗਏ। ਇਸੇ ਦੌਰਾਨ ਜੰਮੂ-ਕਸ਼ਮੀਰ ਦੇ ਬਾਰਾਮੂਲਾ ਦੇ ਨਦੀਹਾਲ ਵਿਚ ਪਿਛਲੇ ਮਹੀਨੇ ਹੋਏ ਸੰਘਰਸ਼ ਦੌਰਾਨ ਸੁਰੱਖਿਆ ਬਲਾਂ ਦੀ ਕਥਿਤ
ਗੋਲੀਬਾਰੀ ਵਿਚ ਜ਼ਖ਼ਮੀ 17 ਸਾਲਾ ਨੌਜਵਾਨ ਦੀ ਹਸਪਤਾਲ ਵਿਚ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦਸਿਆ ਕਿ ਬੀਤੀ 25 ਜੂਨ ਨੂੰ ਜ਼ਖ਼ਮੀ ਹੋਏ ਉਬੈਦ ਮਨਜ਼ੂਰ ਲੋਨ ਦੀ ਸਵੇਰੇ ਐਸਕੇਆਈਐਮਐਸ ਹਸਪਤਾਲ ਵਿਚ ਮੌਤ ਹੋ ਗਈ। ਲੋਨ ਨੂੰ ਉਸ ਦੇ ਜੱਦੀ ਪਿੰਡ ਵਿਚ ਦਫ਼ਨਾ ਦਿਤਾ ਗਿਆ। ਉਸ ਦੇ ਜਨਾਜ਼ੇ ਵਿਚ ਨਮਾਜ਼ ਵਿਚ ਸੈਂਕੜੇ ਲੋਕਾਂ ਨੇ ਹਾਸਲ ਲਿਆ।
ਉਧਰ, ਕਾਂਗਰਸ ਨੇ ਮੋਦੀ ਸਰਕਾਰ 'ਤੇ ਹਮਲਾ ਕਰਦਿਆਂ ਕਿਹਾ ਕਿ ਹਰ ਰੋਜ਼ ਜਵਾਨ ਸ਼ਹੀਦ ਹੋ ਰਹੇ ਹਨ ਅਤੇ '56 ਇੰਚ ਵਾਲੀ ਸਰਕਾਰ' ਭਾਸ਼ਨ ਦੇ ਰਹੀ ਹੈ। ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ, 'ਕਸ਼ਮੀਰ ਤੋਂ ਇਲਾਵਾ ਛੱਤੀਸਗੜ੍ਹ ਵਿਚ ਵੀ ਜਵਾਨ ਮਾਰੇ ਜਾ ਰਹੇ ਹਨ। ਸ਼ਹੀਦ ਹੋਣ ਦਾ ਸਿਲਸਿਲਾ ਜਾਰੀ ਹੈ ਅਤੇ '56 ਇੰਚ ਦੀ ਸਰਕਾਰ' ਭਾਸ਼ਨ ਦੇ ਰਹੀ ਹੈ।' (ਏਜੰਸੀ)