ਸਾਈਬਰ ਸੁਰੱਖਿਆ ਤੋਂ ਬਗ਼ੈਰ ਦੇਸ਼ ਦੀ ਤਰੱਕੀ ਸੰਭਵ ਨਹੀਂ: ਅਮਿਤ ਸ਼ਾਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

"ਸਾਈਬਰ ਅਪਰਾਧ ਦੀ ਕੋਈ ਹੱਦ ਨਹੀਂ, ਸਾਰੇ ਇਸ ਸਮੱਸਿਆ ਨਾਲ ਨਜਿੱਠਣ"

Progress of the country is not possible without cyber security: Amit Shah

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕਿਹਾ ਕਿ ਸਾਈਬਰ ਸੁਰੱਖਿਆ ਕੌਮੀ ਸੁਰੱਖਿਆ ਦਾ ਅਨਿੱਖੜਵਾਂ ਅੰਗ ਹੈ ਅਤੇ ਸਾਈਬਰ ਸੁਰੱਖਿਆ ਤੋਂ ਬਿਨਾਂ ਦੇਸ਼ ਦੀ ਤਰੱਕੀ ਸੰਭਵ ਨਹੀਂ ਹੈ।  ਸ਼ਾਹ ਨੇ ਇਹ ਵੀ ਕਿਹਾ ਕਿ ਸਾਈਬਰ ਅਪਰਾਧ ਦੀ ਕੋਈ ਹੱਦ ਨਹੀਂ ਹੈ ਅਤੇ ਇਸ ਲਈ ਇਹ ਜ਼ਰੂਰੀ ਹੈ ਕਿ ਸਾਰੇ ਹਿੱਸੇਦਾਰ ਇਸ ਸਮੱਸਿਆ ਨਾਲ ਨਜਿੱਠਣ।

ਇੱਥੇ ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (ਆਈ4ਸੀ) ਦੇ ਸਥਾਪਨਾ ਦਿਵਸ ਸਮਾਰੋਹ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘‘ਸਾਈਬਰ ਸੁਰੱਖਿਆ ਕੌਮੀ ਸੁਰੱਖਿਆ ਦਾ ਅਨਿੱਖੜਵਾਂ ਅੰਗ ਹੈ। ਸਾਨੂੰ ਸਾਈਬਰ ਸੁਰੱਖਿਆ ਨੂੰ ਯਕੀਨੀ ਬਣਾਉਣਾ ਪਵੇਗਾ ਕਿਉਂਕਿ ਸਾਈਬਰ ਸੁਰੱਖਿਆ ਤੋਂ ਬਿਨਾਂ ਦੇਸ਼ ਦੀ ਤਰੱਕੀ ਸੰਭਵ ਨਹੀਂ ਹੈ।’’

ਗ੍ਰਹਿ ਮੰਤਰੀ ਨੇ ਕਿਹਾ ਕਿ ਸਰਕਾਰ ਭਾਰਤ ’ਚ ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ ਅਗਲੇ ਪੰਜ ਸਾਲਾਂ ’ਚ 5,000 ਸਾਈਬਰ ਕਮਾਂਡੋਜ਼ ਨੂੰ ਸਿਖਲਾਈ ਦੇਣ ਅਤੇ ਤਿਆਰ ਕਰਨ ਦੀ ਯੋਜਨਾ ਬਣਾ ਰਹੀ ਹੈ। ਸਾਈਬਰ ਸਪੇਸ ਨੂੰ ਸੁਰੱਖਿਅਤ ਬਣਾਉਣ ’ਤੇ ਜ਼ੋਰ ਦਿੰਦੇ ਹੋਏ ਸ਼ਾਹ ਨੇ ਕਿਹਾ ਕਿ ਦੁਨੀਆਂ ’ਚ 46 ਫੀ ਸਦੀ ਡਿਜੀਟਲ ਲੈਣ-ਦੇਣ ਹੋ ਰਹੇ ਹਨ। ਉਨ੍ਹਾਂ ਨੇ ਦੇਸ਼ ’ਚ ਸਾਈਬਰ ਅਪਰਾਧ ਨਾਲ ਨਜਿੱਠਣ ਲਈ ਚਾਰ ਮੰਚਾਂ ਦਾ ਵੀ ਉਦਘਾਟਨ ਕੀਤਾ।

ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ ਦੀ ਸਥਾਪਨਾ 2018 ’ਚ ਗ੍ਰਹਿ ਮੰਤਰਾਲੇ ਦੇ ਅਧੀਨ ਕੀਤੀ ਗਈ ਸੀ। ਇਸ ਦਾ ਮੁੱਖ ਉਦੇਸ਼ ਦੇਸ਼ ’ਚ ਸਾਈਬਰ ਅਪਰਾਧ ਨਾਲ ਜੁੜੇ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਇਕ ਕੌਮੀ ਪੱਧਰ ਦਾ ਤਾਲਮੇਲ ਕੇਂਦਰ ਬਣਾਉਣਾ ਹੈ।