ਸਿੰਘੂ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ, ਲਟਕਦੀ ਮਿਲੀ ਲਾਸ਼
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ।
ਸੋਨੀਪਤ : ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੌਰਾਨ ਅੱਜ ਤੜਕਸਾਰ ਨੂੰ ਕੁੰਡਲੀ ਬਾਰਡਰ 'ਤੇ ਪ੍ਰਦਰਸ਼ਨ 'ਚ ਸ਼ਾਮਲ ਇਕ ਕਿਸਾਨ ਦੀ ਲਾਸ਼ ਫਾਹੇ 'ਤੇ ਲਟਕਦੀ ਮਿਲੀ।
ਮ੍ਰਿਤਕ ਕਿਸਾਨ ਦਾ ਨਾਂ ਗੁਰਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ ਅਤੇ ਉਹ ਪੰਜਾਬ ਦੇ ਫਤਹਿਗੜ੍ਹ ਸਾਹਿਬ ਦੀ ਅਮਰੋਹ ਤਹਿਸੀਲ ਦੇ ਪਿੰਡ ਰੁੜਕੀ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਇਹ ਬੀਕੇਯੂ ਸਿੱਧੂਪੁਰ ਨਾਲ ਜੁੜਿਆ ਹੋਇਆ ਸੀ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਦੀ ਹੱਤਿਆ ਕੀਤੀ ਗਈ ਹੈ ਜਾਂ ਖੁਦਕੁਸ਼ੀ ਕੀਤੀ ਗਈ ਹੈ।
ਕੁੰਡਲੀ ਥਾਣਾ ਪੁਲਿਸ ਦੋਵਾਂ ਐਂਗਲਾਂ 'ਤੇ ਜਾਂਚ ਕਰ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਵੇਰੇ 8.10 'ਤੇ ਪੋਸਟਮਾਰਟਮ ਲਈ ਭੇਜ ਦਿਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।