ਸੁਪਰੀਮ ਕੋਰਟ 'ਚ ਅੱਜ ਹੋਵੇਗੀ ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ 'ਤੇ ਅਹਿਮ ਸੁਣਵਾਈ
ਸੁਪਰੀਮ ਕੋਰਟ ਅੱਜ ਅੰਦੋਲਨਕਾਰੀ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਤੁਰੰਤ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰੇਗਾ।
ਨਵੀਂ ਦਿੱਲੀ- ਖੇਤੀ ਕਾਨੂੰਨਾਂ ਬਾਰੇ ਸਰਕਾਰ ਅਤੇ ਪ੍ਰਦਰਸ਼ਨਕਾਰੀ ਕਿਸਾਨ ਜੱਥੇਬੰਦੀਆਂ ਦਰਮਿਆਨ ਹੋਈ ਗੱਲਬਾਤ ਦਾ ਕੋਈ ਹੱਲ ਨਹੀਂ ਨਿਕਲਿਆ। ਸਭ ਦੀਆਂ ਨਜ਼ਰਾਂ ਹੁਣ ਸੁਪਰੀਮ ਕੋਰਟ ਵੱਲ ਹਨ, ਜਿਥੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਾਇਰ ਕੀਤੀਆਂ ਵੱਖ ਵੱਖ ਪਟੀਸ਼ਨਾਂ ‘ਤੇ ਅੱਜ ਸੁਣਵਾਈ ਹੋਣੀ ਹੈ। ਸੁਪਰੀਮ ਕੋਰਟ ਅੱਜ ਅੰਦੋਲਨਕਾਰੀ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਤੁਰੰਤ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰੇਗਾ।
ਇਸ ਤੋਂ ਇਲਾਵਾ ਖੇਤੀ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀਆਂ ਕਈ ਪਟੀਸ਼ਨਾਂ 'ਤੇ ਵੀ ਸੁਪਰੀਮ ਕੋਰਟ ਵਲੋਂ ਸੁਣਵਾਈ ਕੀਤੀ ਜਾਵੇਗੀ। ਪਟੀਸ਼ਨਾਂ 'ਤੇ ਸੁਣਵਾਈ ਚੀਫ਼ ਜਸਟਿਸ ਐਸ. ਏ. ਬੋਬੜੇ ਦੀ ਅਗਵਾਈ ਵਾਲੇ ਬੈਂਚ ਵਲੋਂ ਕੀਤੀ ਜਾਵੇਗੀ। ਅੱਜ ਦੀ ਸੁਣਵਾਈ ਨੂੰ ਇਸ ਲਈ ਅਹਿਮ ਮੰਨਿਆ ਜਾ ਰਿਹਾ ਹੈ ਕਿ ਕਿਉਂਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 15 ਜਨਵਰੀ ਨੂੰ ਅਗਲੀ ਬੈਠਕ ਹੋਵੇਗੀ।
ਜਿਕਰਯੋਗ ਹੈ ਕਿ ਬੀਤੇ ਦਿਨੀ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਕਾਰ ਅੱਠਵਾਂ ਗੇੜ ਦੀ ਮੀਟਿੰਗ 7 ਜਨਵਰੀ ਨੂੰ ਹੋਈ ਸੀ। ਇਸ ਮੀਟਿੰਗ ਵਿਚ ਕਿਸਾਨ ਜੱਥੇਬੰਦੀਆਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ 'ਤੇ ਅੜੇ ਰਹੇ ਸਨ ਜਦੋਂਕਿ ਸਰਕਾਰ ਕਾਨੂੰਨਾਂ ਵਿਚ ਸੋਧ ਕਰਨ ਦੀ ਗੱਲ ਕਰ ਰਹੀ ਹੈ। ਕਿਸਾਨ ਜੱਥੇਬੰਦੀਆਂ ਕਾਨੂੰਨ ਨੂੰ ਖਤਮ ਕੀਤੇ ਬਿਨਾਂ ਧਰਨੇ ਪ੍ਰਦਰਸ਼ਨ ਨੂੰ ਖਤਮ ਕਰਨ ਲਈ ਤਿਆਰ ਨਹੀਂ ਹਨ।