ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 15 ਮਾਰਚ ਨੂੰ ਹੋਵੇਗੀ ਸੁਣਵਾਈ
ਲਖੀਮਪੁਰ ਖੇੜੀ ਹਿੰਸਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਨੇ ਦਿਤੀ ਸੀ ਜ਼ਮਾਨਤ
ਨਵੀਂ ਦਿੱਲੀ : ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਇਲਾਹਾਬਾਦ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਹੁਣ 15 ਮਾਰਚ ਨੂੰ ਸੁਣਵਾਈ ਕਰੇਗਾ। ਦੱਸਣਯੋਗ ਹੈ ਕਿ ਲਾਖੀਮਪੁਰ ਖੇੜੀ ਵਿਖੇ ਇਸ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ। ਚੀਫ਼ ਜਸਟਿਸ ਐਨ.ਵੀ. ਰਮਨ, ਜਸਟਿਸ ਏਐਸ ਬੋਪੰਨਾ ਅਤੇ ਜਸਟਿਸ ਹਿਮਾ ਕੋਹਲੀ ਨੂੰ ਐਡਵੋਕੇਟ ਪ੍ਰਸ਼ਾਂਤ ਭੂਸ਼ਣ ਨੇ ਦੱਸਿਆ ਕਿ ਪਟੀਸ਼ਨ ਸ਼ੁੱਕਰਵਾਰ ਯਾਨੀ 11 ਮਾਰਚ ਲਈ ਸੂਚੀਬੱਧ ਸੀ ਪਰ ਅੱਜ ਸੁਣਵਾਈ ਲਈ ਪਟੀਸ਼ਨਾਂ ਦੀ ਸੂਚੀ ਵਿੱਚ ਇਹ ਸ਼ਾਮਲ ਨਹੀਂ ਹੈ।
ਇਸ ਦੌਰਾਨ ਵੀਰਵਾਰ ਰਾਤ ਨੂੰ ਇਸ ਮਾਮਲੇ ਦੇ ਇਕ ਅਹਿਮ ਗਵਾਹ 'ਤੇ ਵੀ ਹਮਲਾ ਹੋਇਆ ਸੀ। ਬੈਂਚ ਨੇ ਕਿਹਾ, ''ਕੁਝ ਗਲਤੀ ਹੋਈ ਹੈ। ਉਹ (ਰਜਿਸਟਰੀ ਅਫ਼ਸਰ) ਮੰਗਲਵਾਰ ਨੂੰ ਇਸ ਦੀ ਸੂਚੀ ਬਣਾ ਰਹੇ ਹਨ। ਅਸੀਂ ਮੰਗਲਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰਾਂਗੇ।" ਐਡਵੋਕੇਟ ਪ੍ਰਸ਼ਾਂਤ ਭੂਸ਼ਣ ਨੇ 4 ਮਾਰਚ ਨੂੰ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਬੇਨਤੀ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਇਸ ਨੂੰ 11 ਮਾਰਚ ਲਈ ਸੂਚੀਬੱਧ ਕੀਤਾ ਸੀ।
ਐਡਵੋਕੇਟ ਪ੍ਰਸ਼ਾਂਤ ਭੂਸ਼ਣ ਨੇ ਉਦੋਂ ਦਲੀਲ ਦਿੱਤੀ ਸੀ ਕਿ ਮਾਮਲੇ ਦੇ ਹੋਰ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਮਿਲੀ ਰਾਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਲਈ ਅਦਾਲਤ ਦਾ ਰੁਖ ਕਰ ਰਹੇ ਹਨ। ਇਸ ਤੋਂ ਬਾਅਦ ਬੈਂਚ ਨੇ ਵਕੀਲ ਨੂੰ ਹਾਈ ਕੋਰਟ ਨੂੰ ਜਾਣੂ ਕਰਵਾਉਣ ਲਈ ਕਿਹਾ ਸੀ ਕਿ ਸੁਪਰੀਮ ਕੋਰਟ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਹੈ।
ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ 'ਚ ਹਿੰਸਾ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਦੇ ਤਿੰਨ ਮੈਂਬਰਾਂ ਨੇ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਦੀ ਜ਼ਮਾਨਤ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਲਾਹਾਬਾਦ ਹਾਈ ਕੋਰਟ ਨੇ 10 ਫਰਵਰੀ ਨੂੰ ਇਸ ਮਾਮਲੇ ਵਿੱਚ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਪਹਿਲਾਂ ਉਹ ਚਾਰ ਮਹੀਨੇ ਤੱਕ ਹਿਰਾਸਤ ਵਿੱਚ ਸੀ।
ਧਿਆਨ ਯੋਗ ਹੈ ਕਿ ਇੱਕ ਕਿਸਾਨ ਜਥੇਬੰਦੀ ਪਿਛਲੇ ਸਾਲ 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਦਾ ਵਿਰੋਧ ਕਰ ਰਹੀ ਸੀ ਜਦੋਂ ਲਖੀਮਪੁਰ ਖੇੜੀ ਵਿੱਚ ਇੱਕ ਐਸਯੂਵੀ ਨੇ ਕਥਿਤ ਤੌਰ 'ਤੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਗੁੱਸੇ ਵਿਚ ਆਏ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਥਿਤ ਤੌਰ 'ਤੇ ਦੋ ਭਾਜਪਾ ਵਰਕਰਾਂ ਅਤੇ ਇਕ ਡਰਾਈਵਰ ਦੀ ਕੁੱਟਮਾਰ ਕੀਤੀ, ਜਦਕਿ ਹਿੰਸਾ ਵਿਚ ਇਕ ਸਥਾਨਕ ਪੱਤਰਕਾਰ ਦੀ ਵੀ ਮੌਤ ਹੋ ਗਈ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਕਿਸਾਨਾਂ ਨੂੰ ਦਰਦਾਂ ਵਾਲੀ ਗੱਡੀ ਵਿੱਚ ਆਸ਼ੀਸ਼ ਮਿਸ਼ਰਾ ਸਵਾਰ ਸਨ। ਹਾਲਾਂਕਿ ਉਸ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।