ਮੁੱਖ ਮੰਤਰੀ ਨਾ ਬਣ ਸਕਣ ਕਾਰਨ ਸੁਨੀਲ ਜਾਖੜ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਹੈ- ਸੁਖਬੀਰ ਬਾਦਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੁਨੀਲ ਜਾਖੜ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਦੱਸਿਆ ਹੈ।

Sunil Jakhar and Sukhbir Badal



ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੁਨੀਲ ਜਾਖੜ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਦੱਸਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨਾ ਬਣ ਸਕਣ ਕਾਰਨ ਉਹ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਹਨ। ਸੁਖਬੀਰ ਬਾਦਲ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਸਾਬਕਾ ਮੰਤਰੀ ਅਨਿਲ ਜੋਸ਼ੀ ਦੇ ਦਫਤਰ ਪਹੁੰਚੇ ਸਨ। ਇੱਥੇ ਉਹਨਾਂ ਵਲੋਂ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਨਾਲ ਬੰਦ ਕਮਰੇ ਵਿਚ ਮੀਟਿੰਗ ਕੀਤੀ ਗਈ।

Sunil Jakhar

ਗੱਲਬਾਤ ਦੌਰਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਸਾਬਕਾ ਮੰਤਰੀ ਜੋਸ਼ੀ ਦੇ ਦਫ਼ਤਰ ਪਹੁੰਚੇ ਸੁਖਬੀਰ ਬਾਦਲ ਨੂੰ ਜਦੋਂ ਸੁਨੀਲ ਜਾਖੜ ਵੱਲੋਂ ਦਲਿਤਾਂ ਸਬੰਧੀ ਦਿੱਤੇ ਬਿਆਨ ਬਾਰੇ ਪੁੱਛਿਆ ਗਿਆ ਤਾਂ ਉਹਨਾਂ ਦਾ ਜਵਾਬ ਹੈਰਾਨੀਜਨਕ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਸੁਨੀਲ ਜਾਖੜ ਆਪਣਾ ਮਾਨਸਿਕ ਸੰਤੁਲਨ ਗੁਆ ​​ਚੁੱਕੇ ਹਨ। ਉਹ ਮੁੱਖ ਮੰਤਰੀ ਨਹੀਂ ਬਣ ਸਕੇ, ਇਸ ਲਈ ਉਹਨਾਂ ਦੀ ਇਹ ਹਾਲਤ ਹੈ। ਉਹ ਉਹਨਾਂ ਬਾਰੇ ਕੁਝ ਨਹੀਂ ਕਹਿਣਾ ਚਾਹੁੰਦੇ।

Sukhbir Badal

ਚੋਣਾਂ ਤੋਂ ਪਹਿਲਾਂ ਜਿੱਥੇ ਸੁਖਬੀਰ ਬਾਦਲ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਦੇ ਸਨ, ਅੱਜ ਉਹ ਨਰਮ ਨਜ਼ਰ ਆਏ। ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਪੰਜਾਬ ਵਿਚ ਨਵੀਂ ਸਰਕਾਰ ਬਣ ਗਈ ਹੈ। ਲੋਕ ਬਦਲਾਅ ਚਾਹੁੰਦੇ ਸਨ, ਇਸ ਲਈ ਉਹਨਾਂ ਨੂੰ ਚੁਣਿਆ ਗਿਆ। ਸਰਕਾਰ ਨੂੰ ਹੁਣ ਇਕ ਮੌਕਾ ਦੇਣਾ ਚਾਹੀਦਾ ਹੈ। ਉਹਨਾਂ ਲਈ ਹੁਣ ਕੁਝ ਕਹਿਣਾ ਠੀਕ ਨਹੀਂ ਹੋਵੇਗਾ। ਇਸ ਦੇ ਨਾਲ ਹੀ ਉਹਨਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ ਇਕ ਅਜਿਹੀ ਪਾਰਟੀ ਹੈ, ਜੋ ਲੋਕਾਂ ਨਾਲ ਜੁੜੀ ਹੋਈ ਹੈ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਪਰਿਵਾਰ ਵਾਂਗ ਸ਼ਾਮਲ ਹੁੰਦੀ ਹੈ।