ਰਾਜੀਵ ਗਾਂਧੀ ਹੱਤਿਆਕਾਂਡ ਦੇ ਸਾਰੇ ਦੋਸ਼ੀਆਂ ਨੂੰ ਕੀਤਾ ਜਾਵੇਗਾ ਰਿਹਾਅ- ਸੁਪਰੀਮ ਕੋਰਟ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੁਪਰੀਮ ਕੋਰਟ ਨੇ ਇਹ ਫੈਸਲਾ ਦੋਸ਼ੀਆਂ ਨਲਿਨੀ ਅਤੇ ਆਰਪੀ ਰਵੀਚੰਦਰਨ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ 'ਤੇ ਦਿੱਤਾ ਹੈ।

All 6 convicts in Rajiv Gandhi assassination case set free by Supreme Court

 

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆਕਾਂਡ ਵਿਚ ਸੁਪਰੀਮ ਕੋਰਟ ਨੇ ਨਲਿਨੀ ਸ਼੍ਰੀਹਰ ਸਮੇਤ ਸਾਰੇ 6 ਦੋਸ਼ੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਰਾਜਪਾਲ ਨੇ ਕਦਮ ਨਹੀਂ ਚੁੱਕਿਆ ਤਾਂ ਅਸੀਂ ਚੁੱਕ ਰਹੇ ਹਾਂ। ਉਹਨਾਂ ਕਿਹਾ ਕਿ ਦੋਸ਼ੀ ਪੇਰਾਰੀਵਲਨ ਦੀ ਰਿਹਾਈ ਦਾ ਹੁਕਮ ਬਾਕੀ ਦੋਸ਼ੀਆਂ 'ਤੇ ਵੀ ਲਾਗੂ ਹੋਵੇਗਾ। ਸੁਪਰੀਮ ਕੋਰਟ ਨੇ ਇਹ ਫੈਸਲਾ ਦੋਸ਼ੀਆਂ ਨਲਿਨੀ ਅਤੇ ਆਰਪੀ ਰਵੀਚੰਦਰਨ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ 'ਤੇ ਦਿੱਤਾ ਹੈ।

ਇਸ ਦੇ ਨਾਲ ਹੀ ਸੁਣਵਾਈ ਦੌਰਾਨ ਤਾਮਿਲਨਾਡੂ ਸਰਕਾਰ ਨੇ ਸੁਪਰੀਮ ਕੋਰਟ 'ਚ ਹਲਫਨਾਮਾ ਦਾਇਰ ਕਰਕੇ ਰਾਜੀਵ ਗਾਂਧੀ ਦੀ ਹੱਤਿਆ ਦੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦਾ ਸਮਰਥਨ ਕੀਤਾ ਸੀ। ਨਲਿਨੀ ਸ੍ਰੀਹਰ ਅਤੇ ਆਰਪੀ ਰਵੀਚੰਦਰਨ ਨੇ ਮਦਰਾਸ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਮਦਰਾਸ ਹਾਈ ਕੋਰਟ ਨੇ 17 ਜੂਨ ਨੂੰ ਦੋਸ਼ੀਆਂ ਦੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਸੀ। ਦੋਨਾਂ ਦੋਸ਼ੀਆਂ ਨੇ ਆਪਣੀ ਪਟੀਸ਼ਨ ਵਿਚ ਏਜੀ ਪੇਰਾਰੀਵਲਨ ਦੀ ਰਿਹਾਈ ਲਈ ਸੁਪਰੀਮ ਕੋਰਟ ਦੇ ਆਦੇਸ਼ ਦਾ ਹਵਾਲਾ ਦਿੰਦੇ ਹੋਏ ਆਪਣੀ ਰਿਹਾਈ ਦੀ ਮੰਗ ਕੀਤੀ ਸੀ।

ਜਿਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਗਏ ਹਨ ਉਹਨਾਂ ਵਿਚ ਨਲਿਨੀ, ਰਵੀਚੰਦਰਨ, ਮੁਰੂਗਨ, ਸੰਤਨ, ਜੈਕੁਮਾਰ ਅਤੇ ਰਾਬਰਟ ਪੋਇਸ ਸ਼ਾਮਲ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਜੇਲ੍ਹ ਵਿਚ ਦੋਸ਼ੀਆਂ ਦੇ ਵਤੀਰੇ ਨੂੰ ਵੀ ਧਿਆਨ ਵਿਚ ਰੱਖਿਆ ਗਿਆ ਹੈ। ਹਕੀਕਤ ਇਹ ਹੈ ਕਿ ਉਹਨਾਂ ਨੇ 30 ਸਾਲ ਤੋਂ ਵੱਧ ਜੇਲ੍ਹ ਵਿਚ ਬਿਤਾਏ ਹਨ। ਰਾਜ ਮੰਤਰੀ ਮੰਡਲ ਦਾ ਫੈਸਲਾ ਰਾਜਪਾਲ 'ਤੇ ਪਾਬੰਦ ਹੈ ਪਰ ਰਾਜਪਾਲ ਨੇ ਚਾਰ ਸਾਲ ਤੱਕ ਕਾਰਵਾਈ ਨਹੀਂ ਕੀਤੀ। ਇਸ ਲਈ ਸੁਪਰੀਮ ਕੋਰਟ ਨੇ ਸਾਰਿਆਂ ਨੂੰ ਰਿਹਾਅ ਕਰ ਦਿੱਤਾ।