ਨਾਗਰਿਕਤਾ ਬਿੱਲ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ, ਕਿਹਾ...

ਏਜੰਸੀ

ਖ਼ਬਰਾਂ, ਰਾਸ਼ਟਰੀ

ਰਾਜ ਸਭਾ ਵਿਚ ਪੇਸ਼ ਕੀਤਾ ਜਾ ਚੁੱਕਿਆ ਹੈ ਬਿਲ

File Photo

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਗਰਿਕਤਾ ਸੋਧ ਬਿਲ ਨੂੰ ਇਤਿਹਾਸਕ ਕਰਾਰ ਦਿੰਦਿਆ ਕਿਹਾ ਕਿ ਇਹ ਬਿਲ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਵੇਗਾ। ਇਸ ਨਾਲ ਧਰਮ ਦੇ ਅਧਾਰ 'ਤੇ ਹੋਣ ਵਾਲੇ ਜ਼ੁਲਮ ਤੋਂ ਭੱਜ ਕੇ ਆਏ ਲੋਕਾਂ ਨੂੰ ਸਥਾਈ ਰਾਹਤ ਮਿਲੇਗੀ। ਨਾਗਰਿਕਤਾ ਸੋਧ ਬਿਲ ਅੱਜ ਦੁਪਹਿਰ 12 ਵਜੇ ਰਾਜ ਸਭਾ ਵਿਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੋਦੀ ਆਪਣੀ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਸੰਬੋਧਨ ਕਰ ਰਹੇ ਸਨ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ 12 ਵਜੇ ਨਾਗਰਿਕਤਾ ਸੋਧ ਬਿਲ ਰਾਜ ਸਭਾ ਵਿਚ ਪੇਸ਼ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਭਾਜਪਾ ਸੰਸਦੀ ਪਾਰਟੀ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਸੰਸਦੀ ਮਾਮਲਿਆ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਨਾਗਰਿਕਤਾ ਸੋਧ ਬਿਲ ਨੂੰ ਇਤਿਹਾਸਕ ਕਰਾਰ ਦਿੱਤਾ ਹੈ। ਮੋਦੀ ਨੇ ਭਾਜਪਾ ਸੰਸਦ ਮੈਂਬਰਾਂ ਨੂੰ ਅਗਲੇ ਬਜਟ ਉੱਤੇ ਸਮਾਜ ਦੇ ਸਾਰੇ ਵਰਗਾਂ ਨਾਲ ਨੀਤੀਆ ਉੱਤੇ ਪ੍ਰਤੀਕਰਮ ਲੈਣ 'ਤੇ ਉਸ ਨੂੰ ਵਿੱਤ ਮੰਤਰੀ ਨਾਲ ਸਾਂਝਾ ਕਰਨ ਲਈ ਕਿਹਾ ਹੈ।

ਇਹ ਵੀ ਦੱਸ ਦਈਏ ਕਿ ਲੋਕ ਸਭਾ ਵਿਚ ਬਿਲ ਦੀ ਹਮਾਇਤ ਕਰਨ ਵਾਲੀ ਸ਼ਿਵ ਸੈਨਾ ਦੇ ਯੂ-ਟਰਨ ਅਤੇ ਜਨਤਾ ਦਲ ਦੀ ਕੁੱਝ ਅਣਬਣ ਤੋਂ ਬਾਅਦ ਵਿਰੋਧੀ ਧਿਰਾਂ ਦਾ ਹੌਸਲਾ ਵਧਿਆ ਹੈ। ਪਰ ਮਾਹਿਰਾਂ ਮੁਤਾਬਕ ਸੰਸਦ ਮੈਂਬਰਾਂ ਦੀ ਗਿਣਤੀ ਸਰਕਾਰ ਨਾਲ ਹੈ।

ਦੂਜੇ ਪਾਸੇ ਬਿਲ 'ਤੇ ਚਰਚਾ ਦੌਰਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਦੇ ਮੁਸਲਮਾਨਾਂ ਨੂੰ ਇਸ ਬਿਲ ਤੋਂ ਡਰਨ ਦੀ ਲੋੜ ਨਹੀਂ ਹੈ। ਉਹ ਕਿਸੇ ਦੇ ਬਹਿਕਾਵੇ ਵਿਚ ਨਾ ਆਉਣ। ਉਹ ਇਸ ਦੇਸ਼ ਦੇ ਨਾਗਰਿਕ ਹਨ ਅਤੇ ਰਹਿਣਗੇ ਇੱਥੇ ਨਾਂ ਹੀ ਉਨ੍ਹਾਂ ਨੂੰ ਕੋਈ ਪਰੇਸ਼ਾਨ ਕਰੇਗਾ।