ਦਿੱਲੀ ਚੋਣਾਂ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਜ਼ਮਾਨਤ ਦੀਆਂ ਸ਼ਰਤਾਂ 'ਚ ਮਿਲੀ ਢਿੱਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਿਸੋਦੀਆ ਨੇ ਟਵੀਟ ਕਰ ਕੇ ਕੀਤਾ ਧਨਵਾਦ

Manish Sisodia gets relaxation in bail conditions

'ਆਪ' ਨੇਤਾ ਮਨੀਸ਼ ਸਿਸੋਦੀਆ ਦੀ ਪਟੀਸ਼ਨ 'ਤੇ ਬੁੱਧਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਰਾਹਤ ਦਿੱਤੀ ਹੈ।
ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਕੇਸ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਕੇਸ ਵਿੱਚ ਜ਼ਮਾਨਤ ਦੀਆਂ ਸ਼ਰਤਾਂ ਵਿੱਚ ਤਬਦੀਲੀ ਦੀ ਮੰਗ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਜ਼ਮਾਨਤ ਦੀਆਂ ਸ਼ਰਤਾਂ ਮੁਤਾਬਕ ਉਨ੍ਹਾਂ ਨੂੰ ਹਫ਼ਤੇ ਵਿੱਚ ਦੋ ਵਾਰ ਜਾਂਚ ਏਜੰਸੀਆਂ ਦੇ ਦਫ਼ਤਰ ਵਿਚ ਹਾਜ਼ਰ ਹੋਣਾ ਪੈਂਦਾ ਸੀ। ਕੋਰਟ ਨੇ ਸਿਸੋਦੀਆ ਦੀ ਬੇਨਤੀ 'ਤੇ ਅੱਜ ਇਸ ਸ਼ਰਤ ਨੂੰ ਹਟਾ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਸਿਸੋਦੀਆ ਨੂੰ ਨਿਯਮਤ ਤੌਰ 'ਤੇ ਮੁਕੱਦਮੇ 'ਤੇ ਹਾਜ਼ਰ ਹੋਣ ਲਈ ਕਿਹਾ ਹੈ।

ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਮਨੀਸ਼ ਸਿਸਾਦੀਆ ਨੇ ਆਪਣੇ ਐਕਸ ਅਕਾਊਂਟ 'ਤੇ ਇਕ ਪੋਸਟ ਪਾਈ, ਜਿਸ 'ਚ ਉਨ੍ਹਾਂ ਨੇ ਅਦਾਲਤ ਦਾ ਧਨਵਾਦ ਕੀਤਾ। 
ਸਿਸੋਦੀਆ ਨੇ ਲਿਖਿਆ ਕਿ ਮਾਨਯੋਗ ਸੁਪਰੀਮ ਕੋਰਟ ਦਾ ਤਹਿ ਦਿਲੋਂ ਧਨਵਾਦ, ਜਿਸ ਨੇ ਜ਼ਮਾਨਤ ਦੀ ਸ਼ਰਤ ਹਟਾ ਕੇ ਰਾਹਤ ਪ੍ਰਦਾਨ ਕੀਤੀ ਹੈ।

ਉਨ੍ਹਾਂ ਲਿਖਿਆ, ''ਇਹ ਫ਼ੈਸਲਾ ਨਾ ਸਿਰਫ਼ ਨਿਆਂਪਾਲਿਕਾ ਵਿਚ ਮੇਰਾ ਵਿਸ਼ਵਾਸ ਹੋਰ ਮਜ਼ਬੂਤ ​​ਕਰਦਾ ਹੈ ਸਗੋਂ ਸਾਡੀਆਂ ਸੰਵਿਧਾਨਕ ਕਦਰਾਂ-ਕੀਮਤਾਂ ਦੀ ਮਜ਼ਬੂਤੀ ਨੂੰ ਵੀ ਦਰਸਾਉਂਦਾ ਹੈ। ਮੈਂ ਹਮੇਸ਼ਾ ਨਿਆਂਪਾਲਿਕਾ ਅਤੇ ਸੰਵਿਧਾਨ ਪ੍ਰਤੀ ਆਪਣੇ ਫਰਜ਼ ਦਾ ਸਨਮਾਨ ਕਰਾਂਗਾ''।