
'PM ਮੋਦੀ ਨੇ ਸਿੱਖ ਕੌਮ, ਸਿੱਖ ਧਰਮ, ਕਿਸਾਨਾਂ ਅਤੇ ਪੰਜਾਬ ਦੀ ਬਿਹਤਰੀ ਲਈ ਬਹੁਤ ਕੰਮ ਕੀਤੇ'
ਚੰਡੀਗੜ੍ਹ: ਪੰਜਾਬ ਚੋਣਾਂ ਨੂੰ ਲੈ ਕੇ ਹੁਣ ਹਰ ਪਾਰਟੀ ਪੂਰੇ ਜ਼ੋਰ ਸ਼ੋਰ ਨਾਲ ਲੋਕਾਂ ਨੂੰ ਆਪਣੇ ਨਾਲ ਵੱਲ ਲਿਆਉਣਾ ਚਾਹੁੰਦੀ ਹੈ। ਇਸ ਦੇ ਨਾਲ ਹੀ ਅੱਜ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਪੰਜਾਬ ਪਹੁੰਚੇ। ਉਨ੍ਹਾਂ ਬਲਾਚੋਰ,ਰੋਪੜ ਰਾਜਪੁਰਾ 'ਤੇ ਘਨੌਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਜੇਪੀ ਨੱਡਾ ਨੇ ਲੋਕਾਂ ਨਾਲ ਪੰਜਾਬੀ ਭਾਸ਼ਾ ਵਿੱਚ ਗੱਲਬਾਤ ਕੀਤੀ।
JP Nadda
ਨੱਡਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਕੌਮ, ਸਿੱਖ ਧਰਮ, ਕਿਸਾਨਾਂ ਅਤੇ ਪੰਜਾਬ ਦੀ ਬਿਹਤਰੀ ਲਈ ਬਹੁਤ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦਾ ਪੰਜਾਬ ਹੀ ਅਜਿਹਾ ਸੂਬਾ ਹੈ ਜਿੱਥੇ ਸਭ ਤੋਂ ਵੱਧ ਲੰਗਰ ਲਗਾਏ ਜਾਂਦੇ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬੇ ਵਿੱਚ ਲੰਗਰਾਂ ਨੂੰ ਪੂਰੀ ਤਰ੍ਹਾਂ ਟੈਕਸ ਮੁਕਤ ਕਰ ਦਿੱਤਾ ਹੈ। ਗੁਰੂਘਰਾਂ 'ਚ ਲੰਗਰ ਲਈ ਖਰੀਦੀਆਂ ਜਾਣ ਵਾਲੀਆਂ ਖਾਣ-ਪੀਣ ਵਾਲੀਆਂ ਵਸਤੂਆਂ 'ਤੇ ਕੋਈ ਜੀ.ਐੱਸ.ਟੀ. ਨਹੀਂ ਲਈ ਜਾਂਦੀ।
JP Nadda
ਭਾਜਪਾ ਦੇ ਕੌਮੀ ਪ੍ਰਧਾਨ ਨੇ ਕਿਹਾ ਕਿ ਪਾਰਟੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਗਠਜੋੜ ਕਰਕੇ ਚੋਣਾਂ ਲੜ ਰਹੀ ਹੈ। ਪੰਜਾਬ ਨੂੰ ਨਸ਼ਿਆਂ ਅਤੇ ਮਾਫੀਆ ਤੋਂ ਮੁਕਤ ਕਰਵਾਵਾਂਗੇ।
ਨੱਡਾ ਨੇ ਕਿਹਾ ਕਿ ਨਸ਼ਾ ਪੰਜਾਬ ਨੂੰ ਘੁਣ ਵਾਂਗ ਖਾ ਰਿਹਾ ਹੈ। ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਹੋਣ ਕਾਰਨ ਕਈ ਪਰਿਵਾਰ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 70 ਫੀਸਦੀ ਨੌਜਵਾਨ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਹਨ। ਅਸੀਂ ਉਨ੍ਹਾਂ ਨੂੰ ਮੁੱਖ ਧਾਰਾ ਵਿੱਚ ਲਿਆਵਾਂਗੇ। ਨਸ਼ਾ ਵੇਚਣ ਵਾਲਿਆਂ ਨੂੰ ਜੇਲ੍ਹ ਵਿੱਚ ਡੱਕਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੇ ਸ਼ਾਸਨ ਦੌਰਾਨ ਕਈ ਨਸ਼ਿਆਂ ਦੇ ਸੌਦਾਗਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਹੈ।
J. P. Nadda
ਭਾਜਪਾ ਪ੍ਰਧਾਨ ਨੇ ਕਿਹਾ, ਅਸੀਂ ਨਵਾਂ ਤੇ ਸੁਰੱਖਿਅਤ ਪੰਜਾਬ ਬਣਾਵਾਂਗੇ। ਪੰਜਾਬ ਦੀ ਪਾਕਿਸਤਾਨ ਨਾਲ ਲਗਪਗ 600 ਕਿਲੋਮੀਟਰ ਦੀ ਸਰਹੱਦ ਹੈ। ਪਾਕਿਸਤਾਨ ਦੇ ਇਰਾਦੇ ਨੇਕ ਨਹੀਂ ਹਨ। ਹਰ ਦੂਜੇ ਦਿਨ ਉਹ ਡਰੋਨ ਅਤੇ ਡਰੱਗਜ਼ ਭੇਜਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਾਨੂੰ ਮੌਕਾ ਦਿੰਦਾ ਹੈ ਤਾਂ ਅਸੀਂ ਇੱਥੇ ਵਿਕਾਸ ਦਾ ਨਵਾਂ ਅਧਿਆਏ ਲਿਖਾਂਗੇ। ਅਸੀਂ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਾਂਗੇ।