ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਚੂਕ 'ਤੇ ਰਿਪੋਰਟ ਤਲਬ

ਏਜੰਸੀ

ਖ਼ਬਰਾਂ, ਰਾਸ਼ਟਰੀ

ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਨਾ ਹੋਣ 'ਤੇ ਕੇਂਦਰ ਨੇ ਜਤਾਈ ਨਾਰਾਜ਼ਗੀ 

Representational Image

ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ 
ਸੁਪ੍ਰੀਮ ਕੋਰਟ ਵਲੋਂ ਗਠਿਤ ਜਾਂਚ ਕਮੇਟੀ ਸੌਂਪ ਚੁੱਕੀ ਹੈ ਰਿਪੋਰਟ
ਨਵੀਂ ਦਿੱਲੀ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ ਵਿਚ ਹੁਣ ਕੇਂਦਰ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਕੇਂਦਰ ਨੇ ਇਸ ਮਾਮਲੇ ਵਿਚ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਸੂਬਾ ਸਕਰਾਰ ਤੋਂ ਵੇਰਵਾ ਮੰਗਿਆ ਹੈ।

ਦੱਸ ਦੇਈਏ ਕਿ ਸੁਪ੍ਰੀਮ ਕੋਰਟ ਵਲੋਂ ਇਸ ਮਾਮਲੇ ਵਿਚ ਇੱਕ ਜਾਂਚ ਕਮੇਟੀ ਗਠਿਤ ਕੀਤੀ ਗਈ ਸੀ। ਇਸ ਕਮੇਟੀ ਵਲੋਂ ਕਰੀਬ ਛੇ ਮਹੀਨੇ ਪਹਿਲਾਂ ਰਿਪੋਰਟ ਵੀ ਸੌੰਪ ਦਿਤੀ ਗਈ ਹੈ।  ਜਿਸ ਵਿੱਚ ਸੂਬੇ ਦੇ ਤਤਕਾਲੀ ਮੁੱਖ ਸਕੱਤਰ ਅਨਿਰੁਧ ਤਿਵਾੜੀ, ਪੁਲਿਸ ਮੁਖੀ ਐਸ. ਚਟੋਪਾਧਿਆਏ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਇਸ ਰਿਪੋਰਟ ਅਨੁਸਾਰ ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਨਾ ਹੋਣ 'ਤੇ ਕੇਂਦਰ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ।

ਇਹ ਵੀ ਪੜ੍ਹੋ:  ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜਨਵਰੀ ਮਹੀਨੇ 'ਚ ਪੰਜਾਬ ਦੇ ਦੌਰੇ 'ਤੇ ਆਏ ਸਨ ਜਿਸ ਦੌਰਾਨ ਉਨ੍ਹਾਂ ਦੇ ਕਾਫਲੇ ਨੂੰ ਇੱਕ ਜਗ੍ਹਾ 'ਤੇ ਰੁਕਣਾ ਪਿਆ ਸੀ। ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਅਜਿਹੀ ਗਲਤੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਣ ਵਾਲੀ ਕਾਰਵਾਈ 'ਚ ਦੇਰੀ ਤੋਂ ਕੇਂਦਰ ਨਾਰਾਜ਼ ਨਜ਼ਰ ਆ ਰਿਹਾ ਹੈ। ਜਿਸ 'ਤੇ ਹੁਣ ਕੇਂਦਰ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿਚ ਰਿਪੋਰਟ ਮੰਗੀ ਹੈ।

ਦੱਸਣਯੋਗ ਹੈ ਕਿ ਇਸ ਹਫਤੇ ਦੇ ਸ਼ੁਰੂਆਤ ਵਿਚ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੂੰ ਇੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ, ਜਿਸ ਵਿੱਚ ਰਾਜ ਸਰਕਾਰ ਵੱਲੋਂ ਗ਼ਲਤ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਵਿੱਚ ਕੀਤੀ ਗਈ ਦੇਰੀ ਨੂੰ ਉਜਾਗਰ ਕੀਤਾ ਗਿਆ ਸੀ।

ਸੂਬਾ ਸਰਕਾਰ ਦੇ ਇੱਕ ਅਧਿਕਾਰੀ ਵਲੋਂ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਤੋਂ ਰਿਪੋਰਟ ਮੰਗੀ ਹੈ, ਅਤੇ ਮੁੱਖ ਸਕੱਤਰ ਨੇ ਮੁੱਖ ਮੰਤਰੀ ਨਾਲ ਇਸ ਮੁੱਦੇ 'ਤੇ ਚਰਚਾ ਕੀਤੀ ਹੈ। ਸਾਰੇ ਸਬੰਧਤ ਅਧਿਕਾਰੀਆਂ ਨੂੰ ਚਾਰਜਸ਼ੀਟ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਤੰਗ ਪ੍ਰੇਸ਼ਾਨ ਕਰਦੇ ਸਨ ਨੌਜਵਾਨ, ਦੁਖੀ ਹੋਈ ਕੁੜੀ ਨੇ ਲਗਾਇਆ ਮੌਤ ਨੂੰ ਗਲ਼ੇ 

ਅਧਿਕਾਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਮੁੱਖ ਸਕੱਤਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਚਿਤ ਕੀਤਾ ਹੈ ਕਿ ਸੁਪਰੀਮ ਕੋਰਟ ਦੁਆਰਾ ਨਿਯੁਕਤ ਕੀਤੇ ਗਏ ਪੈਨਲ ਦੁਆਰਾ ਪੇਸ਼ ਕੀਤੀ ਗਈ ਰਿਪੋਰਟ ਦੇ ਆਧਾਰ 'ਤੇ ਸੂਬੇ ਨੂੰ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨੀ ਪਵੇਗੀ। ਦੱਸ ਦੇਈਏ ਕਿ ਇਸ ਸੁਰੱਖਿਆ ਕੁਤਾਹੀ ਮਾਮਲੇ ਸਮੇਂ ਸੂਬੇ ਦੀ ਵਾਗਡੋਰ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਥ ਵਿਚ ਸੀ।

ਉਸ ਸਮੇਂ ਮੀਡੀਆ ਰਿਪੋਰਟਾਂ ਅਨੁਸਾਰ ਪੰਜਾਬ ਤੋਂ ਵਾਪਸ ਜਾਂਦੇ ਸਮੇਂ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਆਪਣੇ ਮੁੱਖ ਮੰਤਰੀ ਨੂੰ ਕਹਿ ਦੇਣਾ ਕਿ ਮੈਂ ਜ਼ਿੰਦਾ ਵਾਪਸ ਜਾ ਰਿਹਾ ਹਾਂ। ਪ੍ਰਧਾਨ ਮੰਤਰੀ ਬਗ਼ੈਰ ਕਿਸੇ ਪ੍ਰੋਗਰਾਮ ਵਿਚ ਸ਼ਾਮਲ ਹੋਏ ਦਿੱਲੀ ਵਾਪਸ ਚਲੇ ਗਏ ਸਨ ਜਿਸ ਨੂੰ ਲੈ ਕੇ ਮਾਮਲਾ ਕਾਫੀ ਭਖਿਆ ਸੀ। ਕੇਂਦਰ ਸਰਕਾਰ ਨੇ ਇਸ ਲਈ ਤਤਕਾਲੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ। ਉਧਰ ਉਸ ਵੇਲੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੋਈ ਕੁਤਾਹੀ ਨਹੀਂ ਹੋਈ ਹੈ ਅਤੇ ਨਾ ਹੀ ਇਸ ਪਿੱਛੇ ਕੋਈ ਸਿਆਸੀ ਮੰਤਵ ਹੈ। ਸਗੋਂ ਇਹ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਿਚ ਅਚਾਨਕ ਤਬਦੀਲੀ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਸੀ ਕਿ ਅਜਿਹੀ ਕੋਈ ਸਥਿਤੀ ਨਹੀਂ ਸੀ ਜਿਸ ਨਾਲ ਪ੍ਰਧਾਨ ਮੰਤਰੀ ਦੀ ਜਾਨ ਨੂੰ ਖ਼ਤਰਾ ਹੋਵੇ। ਹੁਣ ਇੱਕ ਵਾਰ ਫਿਰ ਇਸ ਮਾਮਲੇ ਵਿਚ ਕੇਂਦਰ ਨੇ ਪੰਜਾਬ ਸਰਕਾਰ ਤੋਂ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਰਿਪੋਰਟ ਮੰਗੀ ਹੈ।