Covid 19- ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਕਰਮਚਾਰੀਆਂ ਨੂੰ 50 ਲੱਖ ਰੁਪਏ ਦੇਵੇਗੀ ਯੋਗੀ ਸਰਕਾਰ
ਲੌਕਡਾਉਨ ਤੋਂ ਬਾਅਦ ਵੀ ਕੋਰੋਨਾ ਵਾਇਰਸ ਦਾ ਪ੍ਰਭਾਵ ਦੇਸ਼ ਵਿਚ ਲਗਾਤਾਰ ਵਧ ਰਿਹਾ ਹੈ। ਉੱਤਰ ਪ੍ਰਦੇਸ਼ ਵਿਚ ਕੋਰੋਨਾ ਵਾਇਰਸ ਦੇ ਕਈ ਮਾਮਲੇ ਸਾਹਮਣੇ ਆਏ ਹਨ।
ਲਖਨਊ: ਲੌਕਡਾਉਨ ਤੋਂ ਬਾਅਦ ਵੀ ਕੋਰੋਨਾ ਵਾਇਰਸ ਦਾ ਪ੍ਰਭਾਵ ਦੇਸ਼ ਵਿਚ ਲਗਾਤਾਰ ਵਧ ਰਿਹਾ ਹੈ। ਉੱਤਰ ਪ੍ਰਦੇਸ਼ ਵਿਚ ਕੋਰੋਨਾ ਵਾਇਰਸ ਦੇ ਕਈ ਮਾਮਲੇ ਸਾਹਮਣੇ ਆਏ ਹਨ। ਉੱਤਰ ਪ੍ਰਦੇਸ਼ ਦੀ ਸਰਕਾਰ ਨੇ ਕੋਵਿਡ -19 ਤੋਂ ਬਚਾਅ ਅਤੇ ਰੋਕਥਾਮ ਲਈ ਜੂਝ ਰਹੇ ਲੋਕਾਂ ਵੱਡਾ ਫੈਸਲਾ ਲਿਆ ਹੈ।
ਸੂਬਾ ਸਰਕਾਰ ਨੇ ਕੋਵਿਡ -19 ਦੇ ਇਲਾਜ, ਬਚਾਅ ਅਤੇ ਰੋਕਥਾਮ ਵਿਚ ਲੱਗੇ ਸੂਬਾ ਸਰਕਾਰ ਦੇ ਕਰਮਚਾਰੀਆਂ ਨੂੰ ਵੱਡੀਆਂ ਸਹੂਲਤਾਂ ਦੇਣ ਦਾ ਐਲਾਨ ਕੀਤਾ ਹੈ। ਕੋਰੋਨਾ ਨਾਲ ਮੌਤ ਹੋਣ 'ਤੇ ਪਰਿਵਾਰ ਨੂੰ 50 ਲੱਖ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਹ ਰਕਮ ਸਿੱਧੇ ਤੌਰ 'ਤੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਜਾਵੇਗੀ।
ਇਹ ਜਾਣਕਾਰੀ ਮਾਲ ਵਿਭਾਗ ਦੇ ਮੁੱਖ ਸਕੱਤਰ ਰੇਣੂਕਾ ਕੁਮਾਰ ਨੇ ਜਾਰੀ ਕੀਤੀ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਲਈ ਸਿੱਧੇ ਆਦੇਸ਼ ਦਿੱਤੇ ਹਨ। ਪੁਲਿਸ ਕਰਮਚਾਰੀਆਂ ਦੇ ਨਾਲ ਨਾਲ ਸਰਕਾਰੀ, ਅਰਧ-ਸਰਕਾਰੀ, ਠੇਕੇ ਅਤੇ ਆਊਟਸੋਰਸਿੰਗ ਰਾਹੀਂ ਸਾਰੇ ਵਿਭਾਗਾਂ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਲਾਭ ਮਿਲੇਗਾ।
ਯੂਪੀ ਵਿਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਮਰੀਜਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਯੂਪੀ ਦੇ 15 ਜ਼ਿਲ੍ਹਿਆਂ ਵਿਚ ਕੋਰੋਨਾ ਹੌਟਸਪੌਟਸ ਵਾਲੇ ਖੇਤਰਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ, ਤਾਂ ਜੋ ਵਾਇਰਸ ਵੱਡੇ ਪੱਧਰ ‘ਤੇ ਨਾ ਫੈਲ ਸਕੇ। ਯੋਗੀ ਸਰਕਾਰ ਕੋਰੋਨਾ ਵਾਇਰਸ ਮਾਮਲੇ 'ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।
ਉੱਤਰ ਪ੍ਰਦੇਸ਼ ਵਿਚ ਕੋਰੋਨਾ ਵਾਇਰਸ ਦੇ ਕੁਲ 452 ਮਾਮਲੇ ਸਾਹਮਣੇ ਆਏ ਹਨ। ਉੱਤਰ ਪ੍ਰਦੇਸ਼ ਵਿਚ ਹੁਣ ਤੱਕ ਕੋਰੋਨਾ ਕਾਰਨ 5 ਲੋਕਾਂ ਦੀ ਮੌਤ ਹੋਈ ਹੈ, ਜਦਕਿ 45 ਵਿਅਕਤੀ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ, ਜਿਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ, 1,727,506 ਹੋ ਗਈ ਹੈ। ਭਾਰਤ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 7500 ਤੋਂ ਉੱਪਰ ਚਲੀ ਗਈ ਹੈ।