Delhi School Bus Accident : ਹਰਿਆਣਾ ਤੋਂ ਬਾਅਦ ਹੁਣ ਦਿੱਲੀ 'ਚ ਬੇਕਾਬੂ ਹੋਈ ਸਕੂਲੀ ਬੱਸ ,ਬਾਈਕ-ਆਟੋ ਨੂੰ ਉਡਾਇਆ, 1 ਦੀ ਮੌਤ
ਹਾਦਸੇ ਵਿੱਚ ਮੋਟਰ ਸਾਈਕਲ ਸਵਾਰ ਦੀ ਮੌਤ
Delhi School Bus Accident : ਹਰਿਆਣਾ ਦੇ ਮਹਿੰਦਰਗੜ੍ਹ ਸਕੂਲ ਬੱਸ ਹਾਦਸੇ ਤੋਂ ਬਾਅਦ ਹੁਣ ਦਿੱਲੀ ਦੇ ਆਈਪੀ ਸਟੇਟ ਥਾਣਾ ਖੇਤਰ ਵਿੱਚ ਅੱਜ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਦਿੱਲੀ ਦੇ ਆਈਪੀ ਸਟੇਟ ਪੁਲਿਸ ਸਟੇਸ਼ਨ ਦੇ ਸਾਹਮਣੇ ਇੱਕ ਤੇਜ਼ ਰਫ਼ਤਾਰ ਸਕੂਲ ਬੱਸ ਨੇ ਇੱਕ ਆਟੋ ਅਤੇ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਬਾਈਕ ਸਵਾਰ ਦੀ ਮੌਤ ਹੋ ਗਈ। ਹਾਦਸੇ ਵਿੱਚ ਆਟੋ ਚਾਲਕ ਅਤੇ ਇੱਕ ਸਕੂਲੀ ਬੱਚਾ ਜ਼ਖ਼ਮੀ ਹੋ ਗਿਆ।
ਹਾਦਸੇ ਵਿੱਚ ਮੋਟਰ ਸਾਈਕਲ ਸਵਾਰ ਦੀ ਮੌਤ
ਇੱਕ ਨਿੱਜੀ ਸਕੂਲ ਦੀ ਬੱਸ ਕਰੀਬ 42 ਬੱਚਿਆਂ ਨੂੰ ਲੈ ਕੇ ਸਕੂਲ ਵੱਲ ਆ ਰਹੀ ਸੀ। ਆਈਪੀ ਸਟੇਟ ਥਾਣੇ ਦੀ ਲਾਲ ਬੱਤੀ ਦੇ ਸਾਹਮਣੇ ਇੱਕ ਬੇਕਾਬੂ ਸਕੂਲ ਬੱਸ ਨੇ ਇੱਕ ਆਟੋ ਅਤੇ ਇੱਕ ਬਾਈਕ ਸਵਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਲੱਗਣ ਕਾਰਨ ਬਾਈਕ ਸਵਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ।
ਪੁਲਿਸ ਨੇ ਬਾਈਕ ਸਵਾਰ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ। ਜਿੱਥੇ ਇਲਾਜ ਦੌਰਾਨ ਬਾਈਕ ਸਵਾਰ ਦੀ ਮੌਤ ਹੋ ਗਈ। ਹਾਦਸੇ ਵਿੱਚ ਬੱਸ ਵਿੱਚ ਬੈਠਾ ਇੱਕ ਬੱਚਾ ਵੀ ਜ਼ਖ਼ਮੀ ਹੋ ਗਿਆ। ਫਿਲਹਾਲ ਪੁਲਸ ਨੇ ਬੱਸ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਬੱਸ ਡਰਾਈਵਰ ਨੇ ਪੁਲੀਸ ਨੂੰ ਦੱਸਿਆ ਕਿ ਬੱਸ ਦੀਆਂ ਬਰੇਕਾਂ ਅਚਾਨਕ ਫੇਲ ਹੋ ਗਈਆਂ ਸਨ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਦੱਸ ਦੇਈਏ ਕਿ ਦਿੱਲੀ 'ਚ ਹਰ ਰੋਜ਼ ਤੇਜ਼ ਰਫਤਾਰ ਦਾ ਕਹਿਰ ਦੇਖਣ ਨੂੰ ਮਿਲਦਾ ਹੈ। ਜਿਸ ਕਾਰਨ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪੈ ਰਹੇ ਹਨ। ਦਿੱਲੀ ਵਿੱਚ ਸਕੂਲੀ ਬੱਸਾਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੀਆਂ ਨਜ਼ਰ ਆ ਰਹੀਆਂ ਹਨ। ਵੱਖ-ਵੱਖ ਥਾਵਾਂ 'ਤੇ ਸੀਸੀਟੀਵੀ ਕੈਮਰੇ ਅਤੇ ਪੁਲਿਸ ਤਾਇਨਾਤ ਹੋਣ ਦੇ ਬਾਵਜੂਦ ਸਕੂਲੀ ਬੱਸਾਂ ਦੇ ਡਰਾਈਵਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹਨ ਅਤੇ ਮਨਮਰਜ਼ੀ ਨਾਲ ਬੱਸ ਚਲਾਉਂਦੇ ਹਨ।