ਇੰਡੀਅਨ ਓਵਰਸੀਜ਼ ਕਾਂਗਰਸ ਦਾ ਦਾਅਵਾ, ਮੋਦੀ ਅਤੇ ਭਾਜਪਾ ਨੇ ਸੈਮ ਪਿਤਰੋਦਾ ਨੂੰ ਲੈ ਕੇ ਕੀਤੀ ਸਿਆਸਤ
ਰਵੀ ਚੋਪੜਾ ਨੇ ਸੈਮ ਪਿਤਰੋਦਾ ਨਾਲ ਮੁਲਾਕਾਤ ਕਰਕੇ ਇੰਡੀਅਨ ਓਵਰਸੀਜ਼ ਕਾਂਗਰਸ ਵੱਲੋਂ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਨਵੀਂ ਦਿੱਲੀ: 1984 ਸਿੱਖ ਕਤਲੇਆਮ ‘ਤੇ ਸੈਮ ਪਿਤਰੋਦਾ ਵੱਲੋਂ ਦਿੱਤੇ ਗਏ ਵਿਵਾਦਿਤ ਬਿਆਨ ਮਗਰੋਂ ਇੰਡੀਅਨ ਓਵਰਸੀਜ਼ ਕਾਂਗਰਸ ਨੇ ਅਪਣੇ ਚੇਅਰਮੈਨ ਸੈਮ ਪਿਤਰੋਦਾ ਦਾ ਸਮਰਥਨ ਕਰਦੇ ਹੋਏ ਐਲਾਨ ਕੀਤਾ ਹੈ ਕਿ ਉਹਨਾਂ ਨੂੰ ਬਦਮਾਨ ਕਰਨ ਦੀਆਂ ਸਾਜਿਸ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇੰਡੀਅਨ ਓਵਰਸੀਜ਼ ਕਾਂਗਰਸ ਅਮਰੀਕਾ ਦੇ ਸੀਨੀਅਰ ਰਾਸ਼ਟਰੀ ਉਪ ਪ੍ਰਧਾਨ ਰਵਿ ਚੋਪੜਾ ਨੇ ਕਿਹਾ ਕਿ 1984 ਸਿੱਖ ਕਤਲੇਆਮ ਨੂੰ ਲੈ ਕੇ ਜਿਸ ਤਰ੍ਹਾਂ ਭਾਜਪਾ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੈਮ ਪਿਤਰੋਦਾ ਵਿਰੁੱਧ ਸਾਜਿਸ਼ ਰਚੀ ਹੈ ਉਸ ਨਾਲ ਵਿਦੇਸ਼ਾਂ ਵਿਚ ਵਸੇ ਪੰਜਾਬੀਆਂ ਅਤੇ ਹੋਰ ਭਾਰਤੀਆਂ ਨੇ ਪਸੰਦ ਨਹੀਂ ਕੀਤਾ।
ਰਵੀ ਚੋਪੜਾ ਨੇ ਸੈਮ ਪਿਤਰੋਦਾ ਨਾਲ ਮੁਲਾਕਾਤ ਕਰਕੇ ਇੰਡੀਅਨ ਓਵਰਸੀਜ਼ ਕਾਂਗਰਸ ਵੱਲੋਂ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉਹਨਾਂ ਨੇ ਕਿਹਾ ਕਿ ਸੈਮ ਪਿਤਰੋਦਾ ਨੇ ਵਿਦੇਸ਼ਾਂ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਕਈ ਕੰਮ ਕਰਵਾਏ ਸੀ ਜਿਸ ਨਾਲ ਮੋਦੀ ਅਤੇ ਭਾਜਪਾ ਵਿਚ ਘਬਰਾਹਟ ਪਾਈ ਜਾ ਰਹੀ ਸੀ। ਉਹਨਾਂ ਕਿਹਾ ਕਿ ਸੈਮ ਪਿਤਰੋਦਾ ਨੂੰ ਬਦਨਾਮ ਕਰਨ ਲਈ ਵਿਰੋਧੀ ਕਿਸੇ ਨਾ ਕਿਸੇ ਮੁੱਦੇ ਦੀ ਭਾਲ ਕਰ ਰਹੇ ਸੀ।
ਉਹਨਾਂ ਕਿਹਾ ਕਿ ਸੈਮ ਪਿਤਰੋਦਾ ਸਾਰੇ ਧਰਮਾਂ ਦਾ ਆਦਰ ਕਰਦੇ ਹਨ। ਉਹਨਾਂ ਦੇ ਮਨ ਵਿਚ ਪੰਜਾਬੀਆਂ ਅਤੇ ਸਿੱਖਾਂ ਲਈ ਬਹੁਤ ਸਤਿਕਾਰ ਹੈ। ਉਹਨਾਂ ਕਿਹਾ ਕਿ ਪਰਵਾਸੀ ਪੰਜਾਬੀ ਵੀ ਮੋਦੀ ਅਤੇ ਭਾਜਪਾ ਦੀ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ। ਉਹਨਾਂ ਕਿਹਾ ਕਿ 23 ਮਈ ਨੂੰ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਇਹ ਪਤਾ ਚੱਲ ਜਾਵੇਗਾ ਕਿ ਮੋਦੀ ਕਿੱਥੇ ਖੜੇ ਹਨ।