ਕਾਂਗਰਸੀ ਸਰਪੰਚ ਦੇ ਕਾਤਲ ਦਿੱਲੀ ਤੋਂ ਗ੍ਰਿਫ਼ਤਾਰ; ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁੱਠਭੇੜ ਤੋਂ ਬਾਅਦ ਕੀਤੇ ਕਾਬੂ
ਅਰਸ਼ ਡੱਲਾ ਗੈਂਗ ਦੇ ਮੈਂਬਰ ਹਨ ਕ੍ਰਿਸ਼ਨ ਅਤੇ ਗੁਰਿੰਦਰ
ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪ੍ਰਗਤੀ ਮੈਦਾਨ ਨੇੜਿਉਂ ਇਕ ਮੁਕਾਬਲੇ ਤੋਂ ਬਾਅਦ ਗੈਂਗਸਟਰ ਅਰਸ਼ ਡੱਲਾ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕ੍ਰਿਸ਼ਨ ਅਤੇ ਗੁਰਿੰਦਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਇਕ ਹੈਂਡ ਗ੍ਰਨੇਡ ਅਤੇ ਇਕ ਵਿਦੇਸ਼ੀ ਪਿਸਤੌਲ ਬਰਾਮਦ ਕੀਤਾ ਹੈ। ਇਨ੍ਹਾਂ ਗੈਂਗਸਟਰਾਂ ਨੇ ਹੀ ਮੋਗਾ 'ਚ ਕਾਂਗਰਸੀ ਸਰਪੰਚ ਬਲਜਿੰਦਰ ਸਿੰਘ ਬੱਲੀ ਦਾ ਕਤਲ ਕੀਤਾ ਸੀ। ਪੁਲਿਸ ਨੇ ਵਾਰਦਾਤ ਵਿਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ।
ਇਹ ਵੀ ਪੜ੍ਹੋ: ਹਰਿਆਣਾ ਵਿਚ 3 ਲੱਖ ਰੁਪਏ ਰਿਸ਼ਵਤ ਲੈਂਦਾ IAS ਗ੍ਰਿਫ਼ਤਾਰ; ਜੈਵੀਰ ਆਰਿਆ ਨੇ ਮਹਿਲਾ ਮੈਨੇਜਰ ਦੀ ਟ੍ਰਾਂਸਫਰ ਬਦਲੇ ਮੰਗੀ ਸੀ ਰਿਸ਼ਵਤ
ਇਸ ਮਾਮਲੇ ਨੂੰ ਲੈ ਕੇ ਦਿੱਲੀ ਸਪੈਸ਼ਲ ਸੈੱਲ ਵਲੋਂ ਅਜੇ ਤਕ ਕੋਈ ਅਧਿਕਾਰਤ ਬਿਆਨ ਨਹੀਂ ਦਿਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਸਪੈਸ਼ਲ ਸੈੱਲ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਭਾਰਤ-ਅਫ਼ਗਾਨਿਸਤਾਨ ਮੈਚ ਦੌਰਾਨ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ। ਇਹ ਵੀ ਪਤਾ ਲੱਗਿਆ ਹੈ ਕਿ ਜਦੋਂ ਦਿੱਲੀ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦੀ ਵੀ ਕੋਸ਼ਿਸ਼ ਕੀਤੀ ਪਰ ਉਸ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ: ਲੁਧਿਆਣਾ 'ਚ ਵਿਆਹੁਤਾ ਦੀ ਸ਼ੱਕੀ ਹਾਲਾਤਾਂ 'ਚ ਮੌਤ
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮੁਲਜ਼ਮਾਂ ਵਲੋਂ ਉਤਰ ਪ੍ਰਦੇਸ਼ ਵਿਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦਿਤਾ ਜਾਣਾ ਸੀ। ਇਸ ਸਬੰਧੀ ਦੋਵੇਂ ਮੁਲਜ਼ਮ ਲਗਾਤਾਰ ਅਰਸ਼ ਡੱਲਾ ਦੇ ਸੰਪਰਕ ਵਿਚ ਸਨ। ਸੂਚਨਾ ਦੇ ਆਧਾਰ 'ਤੇ ਸਪੈਸ਼ਲ ਸੈੱਲ ਦੀ ਟੀਮ ਨੇ ਆਊਟਰ ਰਿੰਗ ਰੋਡ 'ਤੇ ਨਾਕਾਬੰਦੀ ਦੌਰਾਨ ਦੋਵਾਂ ਨੂੰ ਰੋਕਿਆ ਸੀ। ਜਦੋਂ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਤਾਂ ਕ੍ਰਿਸ਼ਨ ਨੇ ਪੁਲਿਸ ਟੀਮ 'ਤੇ ਇਕ ਰਾਊਂਡ ਫਾਇਰ ਕਰ ਦਿਤਾ।
ਇਹ ਵੀ ਪੜ੍ਹੋ: ਤਰਨਤਾਰਨ ਦੀ ਧੀ ਨੇ ਜੱਜ ਬਣ ਕੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ
ਅਚਾਨਕ ਦੂਜੇ ਗੈਂਗਸਟਰ ਨੇ ਬੈਗ ਵਿਚੋਂ ਇਕ ਜ਼ਿੰਦਾ ਹੈਂਡ ਗ੍ਰੇਨੇਡ ਕੱਢ ਲਿਆ, ਪਰ ਇਸ ਤੋਂ ਪਹਿਲਾਂ ਕਿ ਉਹ ਸੇਫਟੀ ਪਿੰਨ ਖਿੱਚਦਾ, ਟੀਮ ਨੇ ਉਸ ਨੂੰ ਕਾਬੂ ਕਰ ਲਿਆ। ਇਨ੍ਹਾਂ ਕੋਲੋਂ ਇਕ ਜਿੰਦਾ ਹੈਂਡ ਗ੍ਰਨੇਡ, ਇਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਵਿਰੁਧ ਪੁਲਿਸ ਨੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ।