ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ ‘ਚ ਨਹੀਂ ਦਿਖਣਗੇ ਦੂਜੇ ਰਾਜਾਂ ਦੇ ਵੱਡੇ ਨੇਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

‘ਆਪ’ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਵਿਧਾਇਕ ਦਲ ਦਾ ਨੇਤਾ...

Kejriwal

ਨਵੀਂ ਦਿੱਲੀ: ‘ਆਪ’ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਦਿੱਲੀ  ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਪੱਤਰ ਲਿਖਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਰਾਮਲੀਲਾ ਮੈਦਾਨ ਵਿੱਚ 16 ਫਰਵਰੀ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ ਸ਼ਕਤੀ ਪ੍ਰਦਰਸ਼ਨ ਨਹੀਂ ਕਰੇਗੀ।

ਪਾਰਟੀ ਦੂਜੇ ਦਲਾਂ ਦੇ ਸੀਨੀਅਰ ਨੇਤਾਵਾਂ ਅਤੇ ਮੁੱਖ ਮੰਤਰੀਆਂ ਨੂੰ ਸੱਦਾ ਨਹੀਂ ਦੇਵੇਗੀ। ਇਸ ਸੰਬੰਧ ‘ਚ ਆਪ ਦੇ ਸੀਨੀਅਰ ਨੇਤਾ ਗੋਪਾਲ ਰਾਏ ਨੇ ਵੀਰਵਾਰ ਨੂੰ ਕਿਹਾ ਕਿ ਸਹੁੰ ਚੁੱਕ ਸਮਾਗਮ ‘ਚ ਕੇਵਲ ਦਿੱਲੀ ਦੇ ਲੋਕਾਂ ਨੂੰ ਸੱਦਾ ਦਿੱਤਾ ਜਾਵੇਗਾ। ਹੋਰ ਰਾਜਾਂ ਦੇ ਮੁੱਖ ਮੰਤਰੀਆਂ ਜਾਂ ਹੋਰ ਦਲਾਂ ਦੇ ਨੇਤਾਵਾਂ ਨੂੰ ਸੱਦਾ ਨਹੀਂ ਦਿੱਤਾ ਜਾਵੇਗਾ।

ਤੁਹਾਨੂੰ ਦੱਸ ਦਈਏ ਕਿ ‘ਆਪ’ ਪ੍ਰਮੁੱਖ ਅਰਵਿੰਦ ਕੇਜਰੀਵਾਲ ਵੱਲੋਂ ਅਗਲੀ ਸਰਕਾਰ ਬਣਾਉਣ ਲਈ ਦਾਅਵਾ ਪੇਸ਼ ਕੀਤਾ ਜਾਣਾ ਰਸਮੀ ਪਰਿਕ੍ਰੀਆ ਸੀ। ਕੇਜਰੀਵਾਲ ਨੂੰ ਬੁੱਧਵਾਰ ਨੂੰ ਪਾਰਟੀ ਦੇ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰਕੇ ਕੇਜਰੀਵਾਲ 16 ਫਰਵਰੀ ਨੂੰ ਲਗਾਤਾਰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕਣ ਵਾਲੇ ਹਨ।

ਦੱਸਿਆ ਜਾ ਰਿਹਾ ਹੈ ਕਿ ਸਹੁੰ ਚੁੱਕ ਸਮਾਗਮ ਜਨਤਾ ਲਈ ਖੁੱਲ੍ਹਾ ਖੁੱਲ੍ਹਾ ਹੈ, ਪਰ ਆਮ ਆਦਮੀ ਪਾਰਟੀ ਦੂਜੇ ਦਲਾਂ ਦੇ ਨੇਤਾਵਾਂ ਅਤੇ ਮੁੱਖ ਮੰਤਰੀਆਂ ਨੂੰ ਬੁਲਾਉਣ ‘ਤੇ ਵਿਚਾਰ ਨਹੀਂ ਕਰ ਰਹੀ, ਕਿਉਂਕਿ ਉਹ ਕੇਂਦਰ ਦੀ ਭਾਜਪਾ ਸਰਕਾਰ ਦੇ ਖਿਲਾਫ ਟਕਰਾਓ ਵਾਲੀ ਛਵੀ ਨਹੀਂ ਬਣਾਉਣਾ ਚਾਹੁੰਦੀ।

ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੰਗਲਵਾਰ ਨੂੰ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ 70 ਵਿੱਚੋਂ 63 ਸੀਟਾਂ ‘ਤੇ ਜਿੱਤ ਦਰਜ ਕੀਤੀ ਸੀ।