ਆਂਧਰਾ ਪ੍ਰਦੇਸ਼ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਮਹੀਨੇ ਦੀ ਬੱਚੀ ਸਮੇਤ 5 ਲੋਕਾਂ ਦੀ ਮੌਤ
ਤੇਜ਼ ਰਫ਼ਤਾਰ ਕਾਰਨ ਵਾਪਰਿਆ ਹਾਦਸਾ
ਕ੍ਰਿਸ਼ਨਾ: ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾ ਜ਼ਿਲੇ ਦੇ ਜਗਗਯਾਪੇਟ 'ਚ ਇਕ ਸੜਕ ਹਾਦਸੇ 'ਚ 6 ਮਹੀਨਿਆਂ ਦੀ ਬੱਚੀ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ 'ਚੋਂ ਚਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।
ਹਸਪਤਾਲ ਵਿੱਚ ਇੱਕ ਹੋਰ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ ਮੁਤਾਬਿਕ ਜਗਗਾਯਾਪੇਟ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਇੱਕ ਪੁਲੀ ਨਾਲ ਟਕਰਾ ਗਈ। ਖਬਰਾਂ ਮੁਤਾਬਕ ਪਰਿਵਾਰ ਦੇ ਮੈਂਬਰ ਹੈਦਰਾਬਾਦ ਤੋਂ ਜਗਗਯਾਪੇਟ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ।
ਇਸ ਦੌਰਾਨ ਕਾਰ ਪੁਲੀ ਨਾਲ ਟਕਰਾ ਜਾਣ ਕਾਰਨ ਹਾਦਸਾਗ੍ਰਸਤ ਹੋ ਗਈ। ਘਟਨਾ ਵਿੱਚ ਜੀਐਚਐਮਸੀ ਕਰਮਚਾਰੀ ਜੋਸ਼ੀ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ।
ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਸ਼ੁਰੂਆਤੀ ਤੌਰ 'ਤੇ ਇਸ ਹਾਦਸੇ ਦਾ ਕਾਰਨ ਤੇਜ਼ ਰਫ਼ਤਾਰ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।