ਪੀਐਮ ਮੋਦੀ ਨੇ ਦੇਸ਼ ਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ
ਵਿਸਾਖੀ ਦਾ ਪਵਿੱਤਰ ਤਿਉਹਾਰ ਸਭ ਦੇ ਜੀਵਨ ਵਿਚ ਖੁਸ਼ਹਾਲੀ ਲੈ ਕੇ ਆਵੇ-ਪੀਐਮ ਮੋਦੀ
ਚੰਡੀਗੜ੍ਹ: ਦੇਸ਼ ਭਰ ਵਿਚ ਅੱਜ ਵਿਸਾਖੀ ਦਾ ਪਵਿੱਤਰ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਪੀਐਮ ਮੋਦੀ ਨੇ ਟਵੀਟ ਕਰਦਿਆਂ ਕਿਹਾ, ‘ਵਿਸਾਖੀ ਦਾ ਪਵਿੱਤਰ ਤਿਉਹਾਰ ਸਭ ਦੇ ਜੀਵਨ ਵਿਚ ਖੁਸ਼ਹਾਲੀ ਲੈ ਕੇ ਆਵੇ’।
ਉਹਨਾਂ ਅੱਗੇ ਲ਼ਿਖਿਆ, ‘ਇਸ ਤਿਉਹਾਰ ਦਾ ਕੁਦਰਤ ਅਤੇ ਸਾਡੇ ਮਿਹਨਤੀ ਕਿਸਾਨਾਂ ਦਾ ਗੂੜਾ ਸਬੰਧ ਹੈ। ਸਾਡੇ ਖੇਤ ਖੂਬ ਫਲਣ ਅਤੇ ਸਾਡੇ ਅਪਣੀ ਧਰਤੀ ਦੀ ਦੇਖਭਾਲ ਲਈ ਪ੍ਰੇਰਿਤ ਕਰਨ’। ਦੱਸ ਦਈਏ ਕਿ ਇਸ ਪਵਿੱਤਰ ਤਿਉਹਾਰ ਮੌਕੇ ਭਾਰੀ ਗਿਣਤੀ ਵਿਚ ਸਿੱਖ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਇਸ ਮੌਕੇ ਸਿੱਖ ਸੰਗਤਾਂ ਵੱਲੋਂ ਦਰਬਾਰ ਸਾਹਿਬ ਦੇ ਸਰੋਵਰ ਵਿਖੇ ਇਸ਼ਨਾਨ ਵੀ ਕੀਤੇ ਗਏ।
ਜ਼ਿਕਰਯੋਗ ਹੈ ਕਿ ਇਹ ਤਿਉਹਾਰ ਹਾੜੀ ਦੀ ਫਸਲ ਪੱਕਣ ਦੀ ਖੁਸ਼ੀ ਵਿਚ ਵੀ ਮਨਾਇਆ ਜਾਂਦਾ ਹੈ। ਇਸ ਨੂੰ ਕਿਸਾਨਾਂ ਦਾ ਮੇਲਾ ਵੀ ਕਿਹਾ ਜਾਂਦਾ ਹੈ। ਇਸ ਦਿਨ ਕਈ ਥਾਵਾਂ 'ਤੇ ਭਾਰੀ ਮੇਲੇ ਆਦਿ ਵੀ ਲੱਗਦੇ ਹਨ ਅਤੇ ਕਈ ਗੁਰਦੁਆਰਿਆਂ ਵਿਚ ਧਾਰਮਿਕ ਸਮਾਗਮ ਵੀ ਕਰਵਾਏ ਜਾਂਦੇ ਹਨ। ਸਿੱਖ ਇਤਿਹਾਸ ਵਿਚ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ। 1699 ਦੀ ਵਿਸਾਖੀ ਨੂੰ ਅਨੰਦਪੁਰ ਸਾਹਿਬ ਵਿਖੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਲਈ ਸਮੂਹ ਸਿੱਖ ਭਾਈਚਾਰਾ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਉਂਦਾ ਹੈ।