ਇਸ ਦਿਨ ਪੀਐਮ ਮੋਦੀ ਸਾਰੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ, ਕੋਰੋਨਾ ਨੂੰ ਲੈ ਕੇ ਹੋਵੇਗੀ ਚਰਚਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਇਕ ਵਾਰ ਫਿਰ ਵਿਚਾਰ ਚਰਚਾ ਕਰ ਸਕਦੇ ਹਨ।

PM Modi

ਨਵੀਂ ਦਿੱਲੀ : ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਾਗੂ ਲੌਕਡਾਊਨ ‘ਚੋਂ ਬਾਹਰ ਆਉਣ ਅਤੇ ਵਧਦੇ ਮਾਮਲਿਆਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਇਕ ਵਾਰ ਫਿਰ ਵਿਚਾਰ ਚਰਚਾ ਕਰ ਸਕਦੇ ਹਨ।

ਇਹ ਬੈਠਕ ਅਜਿਹੇ ਸਮੇਂ ਹੋਣ ਜਾ ਰਹੀ ਹੈ ਜਦੋਂ ਦੇਸ਼ ਵਿਚ ਕੋਰੋਨਾ ਵਾਇਰਸ ਸੰਕਰਮਣ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਕੋਵਿਡ-19 ਦੇ ਚਲਦਿਆਂ ਅਨਲੌਕ-1 ਦੌਰਾਨ ਆਮ ਲੋਕਾਂ ਅਤੇ ਕਾਰੋਬਾਰੀਆਂ ਨੂੰ ਕਈ ਤਰ੍ਹਾਂ ਦੀ ਛੋਟ ਦਿੱਤੀ ਗਈ ਹੈ ਤਾਂ ਜੋ ਲੌਕਡਾਊਨ ਤੋਂ ਪ੍ਰਭਾਵਿਤ ਆਰਥਕ ਗਤੀਵਿਧੀਆਂ ਨੂੰ ਰਫਤਾਰ ਮਿਲ ਸਕੇ।

ਸੂਤਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਵੀਡੀਓ ਕਾਨਫਰੰਸ ਜ਼ਰੀਏ ਮੁੱਖ ਮੰਤਰੀਆਂ ਦੇ ਨਾਲ 16 ਅਤੇ 17 ਜੂਨ ਨੂੰ ਗੱਲਬਾਤ ਕਰ ਸਕਦੇ ਹਨ। ਦੋ ਦਿਨਾਂ ਤੱਕ ਡਿਜ਼ੀਟਲ ਮਾਧਿਅਮ ਜ਼ਰੀਏ ਹੋਣ ਵਾਲੀ ਇਸ ਬੈਠਕ ਵਿਚ ਸੂਬਿਆਂ ਨੂੰ ਦੋ ਪੜਾਵਾਂ ਵਿਚ ਵੰਡਿਆ ਜਾ ਸਕਦਾ ਹੈ। ਪ੍ਰਧਾਨ ਮੰਤਰੀ ਮੋਦੀ ਦਾ ਸੂਬਿਆਂ ਦੇ ਨਾਲ ਮੀਟਿੰਗ ਕਰਨ ਦਾ ਇਹ ਛੇਵਾਂ ਦੌਰ ਹੋਵੇਗਾ।

ਪਿਛਲੀ ਵਾਰ ਪੀਐਮ ਮੋਦੀ ਨੇ 11 ਮਈ ਨੂੰ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਈ ਦੇ ਅਖੀਰ ਹਫ਼ਤੇ ਵਿਚ ਟੈਲੀਫੋਨ ‘ਤੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਸੀ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਕੋਰੋਨਾ ਸੰਕਰਮਿਤ ਮਾਮਲਿਆਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਕੋਰੋਨਾ ਮਰੀਜ਼ਾਂ ਦਾ ਅੰਕੜਾ ਵਧ ਕੇ 3 ਲੱਖ ਦੇ ਕਰੀਬ ਪਹੁੰਚ ਗਿਆ ਹੈ।

ਸਿਹਤ ਮੰਤਰਾਲੇ ਮੁਤਾਬਕ ਭਾਰਤ ਵਿਚ ਹੁਣ ਤੱਕ ਕੋਰੋਨਾ ਦੇ ਕੁੱਲ਼ 2,97,535 ਮਾਮਲੇ ਦਰਜ ਕੀਤੇ ਗਏ ਹਨ। ਉੱਥੇ ਹੀ ਮੌਤਾਂ ਦਾ ਅੰਕੜਾ ਵਧ ਕੇ 8,498 ਹੋ ਗਿਆ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ ਕੋਰੋਨਾ ਨਾਲ ਕੁੱਲ਼ 1,47,195 ਮਰੀਜ਼ ਠੀਕ ਹੋਏ ਹਨ। ਇਸ ਦੇ ਨਾਲ ਹੀ ਪੰਜਾਬ ਵਿਚ ਵਧ ਰਹੇ ਕੋਰੋਨਾ ਵਾਇਰਸ ਮਾਮਲਿਆਂ ਨੂੰ ਦੇਖਦੇ ਹੋਏ ਹਫ਼ਤੇ ਦੇ ਅਖੀਰਲੇ ਦਿਨਾਂ ਅਤੇ ਸਰਕਾਰੀ ਛੁੱਟੀਆਂ ਵਾਲੇ ਦਿਨ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ।