ਸਰਕਾਰ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਇਕ ਦਿਨ ਪਹਿਲਾਂ ਸਰਬਪਾਰਟੀ ਬੈਠਕ ਸੱਦੀ; ਸੈਸ਼ਨ ਦਾ ਏਜੰਡਾ ਨਹੀਂ ਦਸਿਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਸ਼ਾਇਦ ‘ਇਕ ਵਿਅਕਤੀ’ ਨੂੰ ਛੱਡ ਕੇ ਕਿਸੇ ਨੂੰ ਵੀ ਵਿਸ਼ੇਸ਼ ਇਜਲਾਸ ਦੇ ਏਜੰਡੇ ਬਾਰੇ ਜਾਣਕਾਰੀ ਨਹੀਂ ਹੈ : ਕਾਂਗਰਸ

Special Session's Agenda Unknown, Centre Calls All Party Meet Day Before

 

ਨਵੀਂ ਦਿੱਲੀ: ਸਰਕਾਰ ਨੇ 18 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੇ ਸੰਸਦ ਦੇ ਪੰਜ ਦਿਨਾਂ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ 17 ਸਤੰਬਰ ਨੂੰ ਇਕ ਸਰਬ ਪਾਰਟੀ ਬੈਠਕ ਸੱਦੀ ਹੈ। ਸੰਸਦੀ ਕਾਰਜ ਮੰਤਰੀ ਪ੍ਰਲਾਦ ਜੋਸ਼ੀ ਨੇ ਸੋਸ਼ਲ ਮੀਡੀਆ ਸਾਈਟ ਐਕਸ ’ਤੇ ਪੋਸਟ ਕੀਤਾ, ‘‘ਇਸ ਮਹੀਨੇ 17 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ਤੋਂ ਪਹਿਲਾਂ 17 ਸਤੰਬਰ ਨੂੰ ਸ਼ਾਮ ਸਾਢੇ ਚਾਰ ਵਜੇ ਸਾਰੀਆਂ ਪਾਰਟੀਆਂ ਦੇ ਸਦਨ ਦੇ ਆਗੂਆਂ ਦੀ ਬੈਠਕ ਸੱਦੀ ਗਈ ਹੈ।’’ ਉਨ੍ਹਾਂ ਕਿਹਾ, ‘‘ਇਸ ਬਾਬਤ ਸੱਦੇ ਸਬੰਧਤ ਆਗੂਆਂ ਨੂੰ ਈ-ਮੇਲ ਰਾਹੀਂ ਭੇਜ ਦਿਤੇ ਗਏ ਹਨ। ਚਿੱਠੀਆਂ ਵੀ ਭੇਜੀਆਂ ਜਾਣਗੀਆਂ।’’

 

ਲੋਕ ਸਭਾ ਅਤੇ ਰਾਜ ਸਭਾ ਸਕੱਤਰੇਤ ਨੇ ਹਾਲ ਹੀ ’ਚ ਅਪਣੇ ਬੁਲੇਟਿਨ ’ਚ ਕਿਹਾ ਸੀ ਕਿ ਸੰਸਦ ਦਾ ਵਿਸ਼ੇਸ਼ ਸੈਸ਼ਨ 18 ਸਤੰਬਰ ਤੋਂ ਸ਼ੁਰੂ ਹੋਵੇਗਾ ਅਤੇ ਸਰਕਾਰ ਦੇ ਕੰਮਕਾਜ ਨੂੰ ਵੇਖਦੇ ਹੋਏ ਇਹ 22 ਸਤੰਬਰ ਤਕ ਚੱਲੇਗਾ। ਇਸ ਵਿਚ ਕਿਹਾ ਗਿਆ ਹੈ ਕਿ ਸੈਸ਼ਨ ਆਮ ਤੌਰ ’ਤੇ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਅਤੇ ਫਿਰ ਦੁਪਹਿਰ 2 ਤੋਂ ਸ਼ਾਮ 6 ਵਜੇ ਤਕ ਚੱਲੇਗਾ। ਸਕੱਤਰੇਤ ਦੇ ਸੂਤਰਾਂ ਅਨੁਸਾਰ ਵਿਸ਼ੇਸ਼ ਸੈਸ਼ਨ ਦੌਰਾਨ ਦੋਵਾਂ ਸਦਨਾਂ ’ਚ ਕੋਈ ਪ੍ਰਸ਼ਨ ਕਾਲ ਅਤੇ ਗੈਰ-ਸਰਕਾਰੀ ਕੰਮਕਾਜ ਨਹੀਂ ਹੋਵੇਗਾ। ਸਰਕਾਰ ਨੇ ਅਜੇ ਤਕ ਸੈਸ਼ਨ ਦਾ ਏਜੰਡਾ ਨਹੀਂ ਦਸਿਆ ਹੈ।

 

ਵਿਰੋਧੀ ਧਿਰ ਦੇ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ (ਇੰਡੀਆ) ਨੇ ਇਸ ਸੈਸ਼ਨ ਬਾਰੇ ਕਿਹਾ ਹੈ ਕਿ ਉਹ 18 ਸਤੰਬਰ ਤੋਂ ਸੱਦੇ ਗਏ ਸੰਸਦ ਦੇ ਪੰਜ ਦਿਨਾਂ ਵਿਸ਼ੇਸ਼ ਸੈਸ਼ਨ ’ਚ ਦੇਸ਼ ਨਾਲ ਜੁੜੇ ਵੱਡੇ ਮੁੱਦਿਆਂ ’ਤੇ ਸਕਾਰਾਤਮਕ ਸਹਿਯੋਗ ਦੇਣਾ ਚਾਹੁੰਦਾ ਹੈ, ਪਰ ਸਰਕਾਰ ਨੂੰ ਇਹ ਦੱਸਣ ਦੀ ਲੋੜ ਹੈ ਕਿ ਸੈਸ਼ਨ ਦਾ ਖਾਸ ਏਜੰਡਾ ਕੀ ਹੈ? ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਹਾਲ ਹੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ 18 ਸਤੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਦੇਸ਼ ਦੀ ਆਰਥਕ ਸਥਿਤੀ, ਜਾਤ ਅਧਾਰਤ ਮਰਦਮਸ਼ੁਮਾਰੀ, ਚੀਨ ਨਾਲ ਲਗਦੀ ਸਰਹੱਦ ’ਤੇ ਰੇੜਕਾ ਅਤੇ ਅਡਾਨੀ ਗਰੁੱਪ ਨਾਲ ਜੁੜੇ ਨਵੇਂ ਪ੍ਰਗਟਾਵਿਆਂ ਦੇ ਪਿਛੋਕੜ ’ਚ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਦੇ ਗਠਤ ਕਰਨ ਦੀ ਮੰਗ ਸਮੇਤ ਨੌਂ ਮੁੱਦਿਆਂ 'ਤੇ ਢੁਕਵੇਂ ਨਿਯਮਾਂ ਤਹਿਤ ਚਰਚਾ ਕਰਨ ਦੀ ਬੇਨਤੀ ਕੀਤੀ ਸੀ।

 

ਕਾਂਗਰਸ ਨੇ ਬੁਧਵਾਰ ਨੂੰ ਇਕ ਵਾਰ ਫਿਰ ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਏਜੰਡੇ ਬਾਰੇ ਜਾਣਕਾਰੀ ਨਾ ਮਿਲਣ ’ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਸੈਸ਼ਨ ਸ਼ੁਰੂ ਹੋਣ ਵਿਚ ਸਿਰਫ਼ ਪੰਜ ਦਿਨ ਬਾਕੀ ਹਨ ਪਰ ਸ਼ਾਇਦ ‘ਇਕ ਵਿਅਕਤੀ’ ਨੂੰ ਛੱਡ ਕੇ ਕਿਸੇ ਨੂੰ ਵੀ ਏਜੰਡੇ ਬਾਰੇ ਜਾਣਕਾਰੀ ਨਹੀਂ ਹੈ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਇਸ ਨੇ ਸੰਸਦ ਸੈਸ਼ਨ ਨਾਲ ਸਬੰਧਤ ਸੰਵਿਧਾਨਕ ਵਿਵਸਥਾਵਾਂ ਅਤੇ ਸੰਸਦੀ ਪ੍ਰਕਿਰਿਆਵਾਂ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਨੇ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਦੇ ਇਕ ਬਿਆਨ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਸੀ ਕਿ ਸੰਸਦ ਅਤੇ ਇਸ ਦੀਆਂ ਪ੍ਰਕਿਰਿਆਵਾਂ ਨੂੰ ਬਦਨਾਮ ਕਰਨ ਵਾਲੀ ਗਲਤ ਜਾਣਕਾਰੀ ਦੇ ਫੈਲਾਅ ਨੂੰ ਰੋਕਣਾ ਮਹੱਤਵਪੂਰਨ ਹੈ।