ਨਨਕਾਣਾ ਸਾਹਿਬ ਦੇ ਦਰਵਾਜ਼ੇ ਖੋਲ੍ਹਣ ਬਾਰੇ ਵਿਚਾਰ ਕਰੇਗਾ ਪਾਕਿਸਤਾਨ : ਸਿਰਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

550ਵੇਂ ਪ੍ਰਕਾਸ਼ ਪੁਰਬ 'ਤੇ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ

Nankana Sahib

ਨਵੀਂ ਦਿੱਲੀ : ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਕਰਤਾਰਪੁਰ ਲਾਂਘਾ ਖੁੱਲ੍ਹਣ 'ਤੇ ਦੇਸ਼ ਭਰ ਦੇ ਲੋਕਾਂ 'ਚ ਖ਼ੁਸ਼ੀ ਦੀ ਲਹਿਰ ਹੈ। ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਨਜਿੰਦਰ ਸਿੰਘ ਸਿਰਸਾ ਨੇ ਆਸ ਪ੍ਰਗਟਾਈ ਹੈ ਕਿ ਪਾਕਿਸਤਾਨ ਨਨਕਾਣਾ ਸਾਹਿਬ ਦੇ ਦਰਵਾਜ਼ੇ ਵੀ ਖੋਲ੍ਹਣ ਬਾਰੇ ਵਿਚਾਰ ਕਰੇਗਾ। 

ਮਨਜਿੰਦਰ ਸਿੰਘ ਸਿਰਸਾ ਨੇ ਮੀਡੀਆ ਨੂੰ ਦਸਿਆ, "ਅਸੀਂ ਪਿਛਲੇ 72 ਸਾਲਾਂ ਤੋਂ ਇਸ ਲਈ ਪ੍ਰਾਰਥਨਾ ਕਰ ਰਹੇ ਹਾਂ। ਅਸੀਂ ਨਾ ਸਿਰਫ਼ ਕਰਤਾਰਪੁਰ ਸਾਹਿਬ ਲਈ ਸਗੋਂ ਨਨਕਾਣਾ ਸਾਹਿਬ ਤੇ ਹੋਰਨਾਂ ਗੁਰਦੁਆਰਿਆਂ ਲਈ ਵੀ ਪ੍ਰਾਰਥਨਾ ਕੀਤੀ, ਜੋ ਪਾਕਿਸਤਾਨ ਵੰਡ ਦੌਰਾਨ ਭਾਰਤ ਤੋਂ ਵੱਖ ਹੋ ਗਏ ਸਨ। 550ਵੇਂ ਪ੍ਰਕਾਸ਼ ਪੁਰਬ 'ਤੇ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਸੀ। ਇਹੀ ਗੱਲ ਨਨਕਾਣਾ ਸਾਹਿਬ ਲਈ ਵੀ ਕੀਤੀ ਜਾਵੇਗੀ ਤਾਂ ਜੋ ਹੋਰ ਲੋਕ ਉੱਥੇ ਜਾ ਸਕਣ।"

ਸਿਰਸਾ ਨੇ ਕਿਹਾ, "ਸਾਨੂੰ ਉਮੀਦ ਹੈ ਕਿ ਇਕ ਦਿਨ ਨਨਕਾਣਾ ਸਾਹਿਬ ਲਈ ਦਰਵਾਜ਼ੇ ਖੋਲ੍ਹੇ ਜਾਣਗੇ। ਅਸੀਂ ਅਪੀਲ ਕਰਦੇ ਹਾਂ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਪਾਕਿ ਸਰਕਾਰ ਨੂੰ ਇਸ 'ਤੇ ਵਿਚਾਰ ਕਰਨਾ ਚਾਹੀਦਾ ਹੈ। ਨਨਕਾਣਾ ਸਾਹਿਬ ਇਕ ਮਹੱਤਵਪੂਰਨ ਸਥਾਨ ਹੈ ਕਿਉਂਕਿ ਇਹ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਹੈ।"