ਬਿਲਕਿਸ ਬਾਨੋ ਦੀ ਪਟੀਸ਼ਨ ਦੀ ਸੁਣਵਾਈ ਤੋਂ ਮਹਿਲਾ ਜੱਜ ਨੇ ਵੱਟਿਆ ਪਾਸਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਸ ਪਿੱਛੇ ਕਿਸੇ ਕਾਰਨ ਦਾ ਜ਼ਿਕਰ ਨਹੀਂ ਕੀਤਾ ਗਿਆ 

Image

 

ਨਵੀਂ ਦਿੱਲੀ - ਸੁਪਰੀਮ ਕੋਰਟ ਦੀ ਜਸਟਿਸ ਬੇਲਾ ਐਮ. ਤ੍ਰਿਵੇਦੀ ਨੇ ਮੰਗਲਵਾਰ ਨੂੰ ਬਿਲਕਿਸ ਬਾਨੋ ਦੁਆਰਾ ਸਮੂਹਿਕ ਬਲਾਤਕਾਰ ਦੇ 11 ਦੋਸ਼ੀਆਂ ਨੂੰ ਮੁਆਫ਼ ਕਰਨ ਦੇ ਗੁਜਰਾਤ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ।

ਜਸਟਿਸ ਅਜੇ ਰਸਤੋਗੀ ਅਤੇ ਜਸਟਿਸ ਬੇਲਾ ਐਮ. ਤ੍ਰਿਵੇਦੀ ਦੇ ਬੈਂਚ ਨੇ ਜਿਵੇਂ ਹੀ ਮਾਮਲੇ ਦੀ ਸੁਣਵਾਈ ਸ਼ੁਰੂ ਕੀਤੀ, ਤਾਂ ਜਸਟਿਸ ਰਸਤੋਗੀ ਨੇ ਕਿਹਾ ਕਿ ਉਨ੍ਹਾਂ ਦੇ ਸਾਥੀ ਜੱਜ ਇਸ ਮਾਮਲੇ ਦੀ ਸੁਣਵਾਈ ਕਰਨਾ ਪਸੰਦ ਨਹੀਂ ਕਰਨਗੇ।

ਜਸਟਿਸ ਰਸਤੋਗੀ ਦੀ ਅਗਵਾਈ ਵਾਲੇ ਬੈਂਚ ਨੇ ਹੁਕਮ ਦਿੱਤਾ, "ਮਾਮਲੇ ਨੂੰ ਉਸ ਬੈਂਚ ਦੇ ਸਾਹਮਣੇ ਰੱਖਿਆ ਜਾਵੇ, ਜਿਸ ਵਿੱਚ ਸਾਡਾ ਇੱਕ ਜੱਜ ਸ਼ਾਮਲ ਨਾ ਹੋਵੇ।"

ਹਾਲਾਂਕਿ ਬੈਂਚ ਨੇ ਜਸਟਿਸ ਬੇਲਾ ਤ੍ਰਿਵੇਦੀ ਵੱਲੋਂ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰਨ ਪਿੱਛੇ ਕਿਸੇ ਕਾਰਨ ਦਾ ਜ਼ਿਕਰ ਨਹੀਂ ਕੀਤਾ।

ਜ਼ਿਕਰਯੋਗ ਹੈ ਕਿ ਗੁਜਰਾਤ ਦੰਗਿਆਂ ਦੌਰਾਨ ਬਾਨੋ ਸਮੂਹਿਕ ਬਲਾਤਕਾਰ ਦਾ ਸ਼ਿਕਾਰ ਹੋਈ ਸੀ, ਅਤੇ ਉਸ ਦੇ ਪਰਿਵਾਰ ਦੇ ਸੱਤ ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ ਸੀ। 

ਇਸ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ 11 ਲੋਕਾਂ ਨੂੰ 15 ਅਗਸਤ ਨੂੰ ਗੋਧਰਾ ਸਬ-ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ। ਗੁਜਰਾਤ ਸਰਕਾਰ ਨੇ ਆਪਣੀ ਮੁਆਫ਼ੀ ਨੀਤੀ ਤਹਿਤ ਇਨ੍ਹਾਂ ਦੋਸ਼ੀਆਂ ਨੂੰ ਰਿਹਾਅ ਕਰਨ ਦੀ ਇਜਾਜ਼ਤ ਦਿੱਤੀ ਸੀ।