ਮਨੀਸ਼ਾ ਗੁਲਾਟੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਗ੍ਰਹਿ ਮੰਤਰੀ ਕੋਲ ਚੁੱਕਿਆ ਨੌਦੀਪ ਦਾ ਮੁੱਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮਨੀਸ਼ਾ ਗੁਲਾਟੀ ਨੇ ਗ੍ਰਹਿ ਮੰਤਰੀ ਨੂੰ ਸੌਂਪਿਆ ਲਿਖਤੀ ਪੱਤਰ

Manisha Gulati met Amit Shah

ਨਵੀਂ ਦਿੱਲੀ: ਮਜ਼ਦੂਰਾਂ ਦੇ ਹੱਕਾਂ ਦੀ ਖ਼ਾਤਰ ਕਰਨਾਲ ਜੇਲ੍ਹ ਵਿਚ ਬੰਦ ਨੌਦੀਪ ਕੌਰ ਦੀ ਰਿਹਾਈ ਲਈ ਦੇਸ਼ ਭਰ ਵਿਚ ਅਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਵੀ ਨੌਦੀਪ ਮਾਮਲੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।

ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਉਹਨਾਂ ਨੇ ਗ੍ਰਹਿ ਮੰਤਰੀ ਨੂੰ ਨੌਦੀਪ ਦੇ ਕੇਸ ਸਬੰਧੀ ਜਾਣਕਾਰੀ ਦੇਣ ਲਈ ਇਕ ਲਿਖਤੀ ਪੱਤਰ ਸੌਂਪਿਆ ਹੈ। ਉਹਨਾਂ ਨੇ ਟਵੀਟ ਕੀਤਾ, ‘ਕੱਲ੍ਹ ਮੇਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਹੋਈ ਜਿਸ ਵਿਚ ਮੈਂ ਉਹਨਾਂ ਨੂੰ ਇਕ ਲਿਖਤੀ ਪੱਤਰ ਵੀ ਸੌਂਪਿਆ ਜਿਸ ਵਿਚ ਨੌਦੀਪ ਦੇ ਕੇਸ ਬਾਰੇ ਵਿਸਥਾਰ 'ਚ ਦੱਸਿਆ ਗਿਆ ਹੈ। ਮੀਟਿੰਗ ਵਧੀਆ ਰਹੀ’।

ਦੱਸ ਦਈਏ ਕਿ ਜੇਲ੍ਹ ਵਿਚ ਬੰਦ ਨੌਦੀਪ ਕੌਰ ਨਾਲ ਮਨੀਸ਼ਾ ਗੁਲਾਟੀ 15 ਫ਼ਰਵਰੀ ਨੂੰ ਦੁਪਹਿਰ 12 ਵਜੇ ਮੁਲਾਕਾਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਮਹਿਲਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਵੱਲੋਂ ਇਹ ਮਾਮਲਾ ਆਪਣੀ ਹਰਿਆਣਾ ਰਾਜ ਦੀ ਹਮਰੁਤਬਾ ਕੋਲ ਚੁੱਕਿਆ ਸੀ ਅਤੇ ਉਹਨਾਂ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਅਪੀਲ ਕੀਤੀ ਸੀ।