ਕੋਰੋਨਾ ਮਾਮਲੇ ਵਧਣ ਕਰਕੇ ਮੁੱਖ ਮੰਤਰੀ ਵੱਲੋਂ ਕੇਂਦਰ ਨੂੰ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੋਰੋਨਾ ਮਹਾਂਮਾਰੀ ਦੇ ਚਲਦਿਆਂ ਮਈ ਵਿਚ ਹੋਣ ਜਾ ਰਹੀਆਂ ਸੀਬੀਐਸਈ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਲਈ ਲਗਾਤਾਰ ਮੰਗ ਕੀਤੀ ਜਾ ਰਹੀ ਹੈ।

captain

ਚੰਡੀਗੜ੍ਹ: ਪੰਜਾਬ 'ਚ ਲਗਾਤਾਰ ਵੱਧ ਰਹੇ ਕੋਰੋਨਾ ਕੇਸਾਂ ਕਰਕੇ ਸਕੂਲ ਕਾਲਜ ਕਾਫ਼ੀ ਸਮੇਂ ਤੋਂ ਬੰਦ ਹਨ। ਇਸ ਦੇ ਚਲਦੇ ਸੀਬੀਐਸਈ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਹਨ। ਇਸ ਦੌਰਾਨ ਪੰਜਾਬ 'ਚ ਵੱਧਦੇ ਕੋਰੋਨਾ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਕੇਂਦਰ ਤੋਂ 10ਵੀਂ-12ਵੀਂ ਬੋਰਡ ਦੀਆਂ ਪ੍ਰੀਖਿਆਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ। 

ਮੁੱਖ ਮੰਤਰੀ ਨੇ ਕੇਂਦਰੀ ਸਿੱਖਿਆ ਮੰਤਰੀ ਰਾਮੇਸ਼ ਪੋਖਰੀਆਲ ਨਿਸ਼ੰਕ ਨੂੰ ਲਿਖੇ ਪੱਤਰ ਵਿਚ ਮੌਜੂਦਾ ਸਥਿਤੀ ਅਤੇ ਦਬਾਅ ਦਾ ਜਿਕਰ ਕਰਦਿਆਂ ਕਿਹਾ,”ਇਹੀ ਮੁਨਾਸਬ ਹੋਵੇਗਾ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਤੁਰੰਤ ਲਿਆ ਜਾਵੇ।“ ਉਨ੍ਹਾਂ ਕਿਹਾ ਕਿ ਇਸ ਨਾਲ ਕੇਂਦਰ ਸਰਕਾਰ ਅਤੇ ਸੂਬਿਆਂ ਨੂੰ ਇਕ ਵਾਰ ਸਥਿਤੀ ਸੁਖਾਵੀਂ ਹੋ ਜਾਣ ‘ਤੇ ਪ੍ਰੀਖਿਆਵਾਂ ਬਿਹਤਰ ਢੰਗ ਨਾਲ ਕਰਵਾਉਣ ਦੀ ਯੋਜਨਾ ਬਣਾਉਣ ਦੀ ਵੀ ਇਜਾਜ਼ਤ ਮਿਲੇਗੀ।

ਕੇਂਦਰੀ ਮੰਤਰੀ ਦੇ ਛੇਤੀ ਦਖ਼ਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਅਨੁਮਾਨ ਲਾਉਣਾ ਔਖਾ ਹੈ ਕਿ ਕੋਵਿਡ ਕੇਸਾਂ ਵਿਚ ਵਾਧਾ ਕਦੋਂ ਰੁਕੇਗਾ ਅਤੇ ਅਸੀਂ ਰੁਝਾਨ ਵਿਚ ਕਮੀ ਕਦੋਂ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਸੂਬੇ ਇਸ ਵੇਲੇ ਦੂਜੀ ਲਹਿਰ ਦੇ ਵੱਖ-ਵੱਖ ਪੜਾਵਾਂ ਉਤੇ ਹਨ ਅਤੇ ਕੁਝ ਸੂਬਿਆਂ ਵਿਚ ਪਹਿਲਾਂ ਹੀ ਪੀਕ ਆਉਣ ਦੀ ਸੰਭਾਵਨਾ ਹੈ ਜਦਕਿ ਇਸਦੇ ਮੁਕਾਬਲੇ ਕਈ ਸੂਬਿਆਂ ਵਿਚ ਵਾਧਾ ਬਾਅਦ ਵਿਚ ਸ਼ੁਰੂ ਹੋਇਆ। ਉਨ੍ਹਾਂ ਨੇ ਪ੍ਰੀਖਿਆਵਾਂ ਤੁਰੰਤ ਮੁਲਤਵੀ ਕਰਨ ਦੀ ਅਪੀਲ ਕੀਤੀ।

ਕੌਮੀ ਪੱਧਰ ਦੇ ਕੋਵਿਡ ਅੰਕੜਿਆਂ ਦੀ ਹਵਾਲਾ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਬਹੁਤ ਸੂਬਿਆਂ ਵਿਚ ਕੋਵਿਡ ਕੇਸਾਂ ਵਿਚ ਲਗਾਤਾਰ ਹੋਏ ਵਾਧੇ ਨਾਲ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਵੱਡੀ ਚਿੰਤਾ ਅਤੇ ਪ੍ਰੇਸ਼ਾਨੀ ਦੀ ਭਾਵਨਾ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਸੂਬਾ ਸਰਕਾਰ ਨੂੰ ਕਈ ਪਾਸਿਆਂ ਤੋਂ ਸਟੇਟ ਬੋਰਡ ਦੇ ਨਾਲ-ਨਾਲ ਸੀ.ਬੀ.ਐਸ.ਈ. ਅਤੇ ਆਈ.ਸੀ.ਐਸ.ਸੀ. ਦੇ ਬੋਰਡ ਇਮਤਿਹਾਨ ਮੁਲਤਵੀ ਕਰਨ ਦੀ ਮੰਗ ਕਰਦੀਆਂ ਬੇਨਤੀਆਂ ਪ੍ਰਾਪਤ ਹੋ ਰਹੀਆਂ ਹਨ।

ਸੀ.ਬੀ.ਐਸ.ਈ. ਦੀਆਂ ਬੋਰਡ ਪ੍ਰੀਖਿਆਵਾਂ ਮੌਜੂਦਾ ਸਮੇਂ ਮੁਤਾਬਕ 4 ਮਈ ਤੋਂ ਸ਼ੁਰੂ ਹੋ ਰਹੀਆਂ ਹਨ। ਪੰਜਾਬ ਸਿੱਖਿਆ ਬੋਰਡ ਨੇ ਵੀ ਮੁੱਖ ਤੌਰ ਉਤੇ ਆਪਣੀਆਂ ਤਰੀਕਾਂ ਸੀ.ਬੀ.ਐਸ.ਆਈ. ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਨਾਲ ਜੋੜ ਦਿੱਤੀਆਂ ਹਨ।