ਮੁੰਡਕਾ ਹਾਦਸਾ: ਕੇਜਰੀਵਾਲ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 10-10 ਲੱਖ ਰੁ: ਦੇ ਮੁਆਵਜ਼ੇ ਦਾ ਐਲਾਨ 

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਜਰੀਵਾਲ ਨੇ ਅਧਿਕਾਰੀਆਂ ਤੋਂ ਸਥਿਤੀ ਦੀ ਜਾਣਕਾਰੀ ਲੈ ਕੇ ਘਟਨਾ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਹਨ

Mundka accident: Kejriwal announces Rs 10 lakh compensation for families of victims

 

ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਮੁੰਡਕਾ ਸਥਿਤ ਉਸ ਇਮਾਰਤ ਦਾ ਦੌਰਾ ਕੀਤਾ ਜਿੱਥੇ ਸ਼ੁੱਕਰਵਾਰ ਨੂੰ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੌਰਾਨ ਮੁੱਖ ਮੰਤਰੀ ਕੇਜਰੀਵਾਲ ਨੇ ਅਧਿਕਾਰੀਆਂ ਤੋਂ ਸਥਿਤੀ ਦੀ ਜਾਣਕਾਰੀ ਲੈ ਕੇ ਘਟਨਾ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਦਿੱਲੀ ਸਰਕਾਰ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਮ੍ਰਿਤਕਾਂ ਦੇ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਕੇਜਰੀਵਾਲ ਨੇ ਉਨ੍ਹਾਂ ਦੀ ਪਛਾਣ ਲਈ ਉਨ੍ਹਾਂ ਦੀਆਂ ਲਾਸ਼ਾਂ ਦਾ ਡੀਐਨਏ ਟੈਸਟ ਕਰਵਾਉਣ ਦੀ ਗੱਲ ਕਹੀ ਹੈ। ਕੇਜਰੀਵਾਲ ਨੇ ਕਿਹਾ ਕਿ ਇਸ ਹਾਦਸੇ ਪਿੱਛੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਬਚਾਅ ਕਾਰਜ ਲਗਾਤਾਰ ਜਾਰੀ ਹੈ।
ਪੱਛਮੀ ਖੇਤਰ 'ਚ ਮੁੰਡਕਾ ਮੈਟਰੋ ਸਟੇਸ਼ਨ ਨੇੜੇ ਸਥਿਤ ਚਾਰ ਮੰਜ਼ਿਲਾ ਵਪਾਰਕ ਇਮਾਰਤ 'ਚ ਸ਼ੁੱਕਰਵਾਰ ਸ਼ਾਮ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ।

ਪੁਲਿਸ ਸੂਤਰਾਂ ਨੇ ਦੱਸਿਆ ਕਿ ਅੱਗ ਇਮਾਰਤ ਦੀ ਪਹਿਲੀ ਮੰਜ਼ਿਲ ਤੋਂ ਸ਼ੁਰੂ ਹੋਈ ਜਿੱਥੇ ਸੀਸੀਟੀਵੀ ਕੈਮਰੇ ਅਤੇ ਰਾਊਟਰ ਬਣਾਉਣ ਵਾਲੀ ਕੰਪਨੀ ਦਾ ਦਫ਼ਤਰ ਹੈ। ਉਨ੍ਹਾਂ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ 30 ਤੋਂ ਵੱਧ ਫਾਇਰ ਟੈਂਡਰ ਲਗਾਏ ਗਏ ਸਨ। ਪੁਲਿਸ ਨੇ ਦੱਸਿਆ ਕਿ ਕੰਪਨੀ ਦੇ ਮਾਲਕਾਂ - ਹਰੀਸ਼ ਗੋਇਲ ਅਤੇ ਵਰੁਣ ਗੋਇਲ - ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਮਾਰਤ ਦੇ ਮਾਲਕ ਦੀ ਪਛਾਣ ਮਨੀਸ਼ ਲਾਕਰਾ ਵਜੋਂ ਹੋਈ ਹੈ। ਜੋ ਉਸੇ ਇਮਾਰਤ ਦੀ ਉਪਰਲੀ ਮੰਜ਼ਿਲ 'ਤੇ ਰਹਿੰਦਾ ਸੀ ਅਤੇ ਉਸ ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅੱਗ ਬੁਝਾਊ ਵਿਭਾਗ ਦੇ ਨਾਲ-ਨਾਲ NDRF ਦੀ ਟੀਮ ਬਚਾਅ ਕਾਰਜ 'ਚ ਲੱਗੀ ਹੋਈ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕੁਝ ਲੋਕ ਅਜੇ ਵੀ ਅੰਦਰ ਫਸੇ ਹੋਏ ਹਨ।