ਕੋਰੋਨਾ ਦੀ ਚਪੇਟ ਵਿਚ ਦਿੱਲੀ, ਅਮਿਤ ਸ਼ਾਹ ਦੇ ਨਾਲ ਅੱਜ ਹੋਵੇਗੀ ਕੇਜਰੀਵਾਲ ਦੀ ਉੱਚ ਪੱਧਰੀ ਮੀਟਿੰਗ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਵਾਇਰਸ ਦੀ ਰਫ਼ਤਾਰ ਤੇਜ਼ੀ ਨਾਲ ਵੱਧ ਰਹੀ ਹੈ।

Amit shah meeting with Delhi cm

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਵਾਇਰਸ ਦੀ ਰਫ਼ਤਾਰ ਤੇਜ਼ੀ ਨਾਲ ਵੱਧ ਰਹੀ ਹੈ। ਹਰ ਰੋਜ, ਰਾਜਧਾਨੀ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿਚ  ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਸੱਦੀ ਹੈ।

ਦਿੱਲੀ ਵਿਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਸਵੇਰੇ 11 ਵਜੇ ਇਕ ਉੱਚ ਪੱਧਰੀ ਬੈਠਕ ਬੁਲਾਈ ਹੈ। ਇਸ ਬੈਠਕ ਵਿਚ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ, ਕੇਂਦਰੀ ਸਿਹਤ ਮੰਤਰੀ ਡਾ: ਹਰਸ਼ ਵਰਧਨ, ਏਮਜ਼ ਦੇ ਡਾਇਰੈਕਟਰ ਰਣਦੀਪ ਗੁਲੇਰੀਆ, ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਅਤੇ ਗ੍ਰਹਿ ਮੰਤਰਾਲੇ ਦੇ ਹੋਰ ਅਧਿਕਾਰੀ ਮੌਜੂਦ ਰਹਿਣਗੇ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿਚ ਰਾਜਧਾਨੀ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਜਿਸ ਵਿਚ ਕੋਰੋਨਾ ਵਾਇਰਸ ਦੇ ਵਧ ਰਹੇ ਸਕਾਰਾਤਮਕ ਮਾਮਲਿਆਂ ਬਾਰੇ ਚਰਚਾ ਕੀਤੀ ਗਈ ਸੀ।  ਇਸ ਤੋਂ ਇਲ਼ਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੱਲ ਸ਼ਾਮ ਪੰਜ ਵਜੇ ਇਕ ਹੋਰ ਬੈਠਕ ਬੁਲਾਈ ਹੈ। ਕੋਰੋਨਾ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਗ੍ਰਹਿ ਮੰਤਰੀ ਦੀ ਇਹ ਦੂਜੀ ਬੈਠਕ ਹੋਵੇਗੀ।

ਇਸ ਬੈਠਕ ਵਿਚ ਦਿੱਲੀ ਨਗਰ ਨਿਗਮ ਦੇ ਮੇਅਰ ਰਹਿਣਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਅਤੇ ਦਿੱਲੀ ਦੇ ਉਪ ਰਾਜਪਾਲ ਵੀ ਇਸ ਬੈਠਕ ਵਿਚ ਸ਼ਾਮਲ ਹੋਣਗੇ।  ਜ਼ਿਕਰਯੋਗ ਹੈ ਕਿ ਦੇਸ਼ ਵਿਚ ਮਹਾਰਾਸ਼ਟਰ ਅਤੇ ਤਮਿਲਨਾਡੂ ਤੋਂ ਬਾਅਦ ਦਿੱਲੀ ਕੋਰੋਨਾ ਵਾਇਰਸ ਕਾਰਨ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੈ। ਦਿੱਲੀ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 36 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ।