ਕਾਂਗਰਸ ਨੇ ਫਿਰ ਖੇਡਿਆ ਪ੍ਰਿਯੰਕਾ 'ਤੇ ਦਾਅ, ਹੁਣ ਪੂਰੇ ਉੱਤਰ ਪ੍ਰਦੇਸ਼ ਦੀ ਕਮਾਨ ਸੌਂਪੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੂਤਰਾਂ ਅਨੁਸਾਰ ਨਵਾਂ ਰਾਸ਼ਟਰੀ ਨੇਤਾ ਤੈਅ ਹੋਣ ਤੋਂ ਬਾਅਦ ਸੂਬਿਆਂ ਵਿਚ ਕਾਫ਼ੀ ਬਦਲਾਅ ਹੋਵੇਗਾ

Priyanka Gandhi

ਨਵੀਂ ਦਿੱਲੀ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਹੁਣ ਪੂਰੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਸੌਂਪੀ ਹੈ। ਪ੍ਰਿਅੰਕਾ ਗਾਂਧੀ ਨੂੰ ਪੂਰੇ ਸੂਬੇ ਦੀ ਇੰਚਾਰਜ ਜਨਰਲ ਸਕੱਤਰ ਬਣਾਉਣ ਤੇ ਕਾਂਗਰਸ ਵਿਚ ਜ਼ਬਰਦਸਤ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਪਾਰਟੀ ਵਰਕਰਾਂ ਦਾ ਕਹਿਣਾ ਹੈ ਕਿ ਇਕ ਇੰਚਾਰਜ ਤੇ ਜਨਰਲ ਸਕੱਤਰ ਹੋਣ ਦੇ ਨਾਲ ਫੈਸਲੇ ਲੈਣ ਵਿੱਚ ਕੋਈ ਦੇਰੀ ਨਹੀਂ ਹੋਵੇਗੀ।  

ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਤਕਰੀਬਨ ਛੇ ਮਹੀਨੇ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਿਯੰਕਾ ਗਾਂਧੀ ਨੂੰ ਰਾਸ਼ਟਰੀ ਜਨਰਲ ਸਕੱਤਰ ਬਣਾਉਣ ਦੇ ਨਾਲ ਪੂਰਬੀ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਵੀ ਦਿੱਤੀ ਸੀ। ਪ੍ਰਿਯੰਕਾ ਗਾਂਧੀ ਨਾਲ ਸਾਬਕਾ ਕੇਂਦਰੀ ਮੰਤਰੀ ਜਯੋਤਿਰਾਦਿਤਿਆ ਸਿੰਧਿਆ ਨੂੰ ਵੀ ਪੱਛਮੀ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।

ਕਾਂਗਰਸ ਪ੍ਰਧਾਨ ਅਹੁਦੇ ਤੋਂ ਰਾਹੁਲ ਗਾਂਧੀ ਦੇ ਅਸਤੀਫ਼ੇ ਤੋਂ ਬਾਅਦ ਪਾਰਟੀ ਨੂੰ ਦੁਬਾਰਾ ਚਲਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ। ਸਿੰਧਿਆ ਨੇ ਵੀ ਬੀਤੇ ਦਿਨੀਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਨਵਾਂ ਰਾਸ਼ਟਰੀ ਨੇਤਾ ਤੈਅ ਹੋਣ ਤੋਂ ਬਾਅਦ ਸੂਬਿਆਂ ਵਿਚ ਕਾਫ਼ੀ ਬਦਲਾਅ ਹੋਵੇਗਾ। ਇਸ ਸਭ ਨੂੰ ਦੇਖਦੇ ਹੋਏ ਫਿਲਹਾਲ ਪ੍ਰਿਯੰਕਾ ਗਾਂਧੀ ਨੂੰ ਪੂਰਬੀ ਉੱਤਰ ਪ੍ਰਦੇਸ਼ ਦੇ ਨਾਲ ਪੱਛਮੀ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ। ਉਧਰ ਪ੍ਰਿਯੰਕਾ ਗਾਂਧੀ ਨੂੰ ਪੂਰੇ ਸੂਬੇ ਦੀ ਜਿੰਮੇਵਾਰੀ ਦਿੱਤੇ ਜਾਣ ਦੀ ਖ਼ਬਰ ਸੁਣ ਕੇ ਰਾਜ ਕਾਂਗਰਸ ਦਫਤਰ ਵਿਚ ਪਾਰਟੀ ਆਗੂ ਇਕ ਦੂਜੇ ਨੂੰ ਵਧਾਈਆਂ ਦੇ ਰਹੇ ਹਨ।

ਪਾਰਟੀ ਦੇ ਬੁਲਾਰੇ ਬ੍ਰਜਿੰਦਰ ਕੁਮਾਰ ਸਿੰਘ ਨੇ ਕਿਹਾ ਕਿ ਰਾਸ਼ਟਰੀ ਜਨਰਲ ਸਕੱਤਰ ਪਾਰਟੀ ਸੰਗਠਨ ਨੂੰ ਮਜ਼ਬੂਤ ਬਣਾਉਣ ਵਿਚ ਲੱਗੀ ਹੋਈ ਹੈ। ਰਾਜ ਦੇ ਬੁਲਾਰੇ ਅੰਸ਼ੂ ਅਵਸਥੀ ਨੇ ਕਿਹਾ ਕਿ ਇਸ ਨਾਲ ਸੰਗਠਨ ਨੂੰ ਮਜ਼ਬੂਤ ਬਣਾਉਣ ਦੇ ਕੰਮ ਵਿੱਚ ਤੇਜ਼ੀ ਆਵੇਗੀ। ਪੱਛਮੀ ਉੱਤਰ ਪ੍ਰਦੇਸ਼ ਦੇ ਲੋਕ ਇਸ ਬਾਰੇ ਸ਼ਿਕਾਇਤ ਕਰਦੇ ਸਨ ਕਿ ਪ੍ਰਿਯੰਕਾ ਨੂੰ ਉੱਥੋਂ ਦੀ ਜ਼ਿੰਮੇਵਾਰੀ ਨਾ ਦੇ ਕੇ ਉੱਥੋਂ ਦੇ ਲੋਕਾਂ ਨਾਲ ਮਤਭੇਦ ਕੀਤਾ ਗਿਆ ਹੈ। ਹੁਣ ਸੂਬੇ ਦੇ ਸਾਰੇ ਵਰਕਰਾਂ ਵਿਚ ਉਤਸ਼ਾਹ ਦੇਖਿਆ ਜਾ ਰਿਹਾ ਹੈ।