ਮੋਦੀ ਸੱਭ ਤੋਂ ਲੰਮੇ ਸਮੇਂ ਤਕ ਸੇਵਾ ਦੇਣ ਵਾਲੇ ਦੇਸ਼ ਦੇ ਚੌਥੇ ਪ੍ਰਧਾਨ ਮੰਤਰੀ ਬਣੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਵਾਜਪਾਈ ਦਾ ਤੋÎੜਿਆ ਰੀਕਾਰਡ

PM Narindera Modi

ਨਵੀਂ ਦਿੱਲੀ, 13 ਅਗੱਸਤ : ਭਾਜਪਾ ਨੇ ਦਸਿਆ ਕਿ ਨਰਿੰਦਰ ਮੋਦੀ ਸੱਭ ਤੋਂ ਲੰਮੇ ਸਮੇਂ ਤਕ ਸੇਵਾ ਦੇਣ ਵਾਲੇ ਦੇਸ਼ ਦੇ ਪਹਿਲੇ ਗ਼ੈਰ-ਕਾਂਗਰਸੀ ਪ੍ਰਧਾਨ ਮੰਤਰੀ ਅਤੇ ਕੁਲ ਮਿਲਾ ਕੇ ਸੱਭ ਤੋਂ ਲੰਮੀ ਸੇਵਾ ਦੇਣ ਵਾਲੇ ਦੇਸ਼ ਦੇ ਚੌਥੇ ਪ੍ਰਧਾਨ ਮੰਤਰੀ ਬਣ ਗਏ ਹਨ। 

ਭਾਜਪਾ ਆਗੂ ਅਮਿਤ ਮਾਲਵੀਯ ਨੇ ਟਵਿਟਰ ’ਤੇ ਦਸਿਆ, ‘ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੇ ਇਤਿਹਾਸ ਦੇ ਸੱਭ ਤੋਂ ਲੰਮੇ ਸਮੇਂ ਤਕ ਸੇਵਾ ਦੇਣ ਵਾਲੇ ਦੇਸ਼ ਦੇ ਚੌਥੇ ਪ੍ਰਧਾਨ ਮੰਤਰੀ ਬਣ ਗਏ ਹਨ। ਉਹ ਹੁਣ ਸੱਭ ਤੋਂ ਲੰਮੇ ਸਮੇਂ ਤਕ ਸੇਵਾ ਦੇਣ ਵਾਲੇ ਦੇਸ਼ ਦੇ ਗ਼ੈਰ-ਕਾਂਗਰਸੀ ਪ੍ਰਧਾਨ ਮੰਤਰੀ ਵੀ ਬਣ ਗਏ ਹਨ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਅਪਣੇ ਸਾਰੇ ਕਾਰਜਕਾਲਾਂ ਦੌਰਾਨ ਕੁਲ 2268 ਦਿਨ ਸੇਵਾਵਾਂ ਦਿਤੀਆਂ। ਅੱਜ ਪ੍ਰਧਾਨ ਮੰਤਰੀ ਉਨ੍ਹਾਂ ਤੋਂ ਅੱਗੇ ਨਿਕਲ ਗਏ।’ ਪ੍ਰਧਾਨ ਮੰਤਰੀ ਵਜੋਂ ਸੱਭ ਤੋਂ ਲੰਮੀਆਂ ਸੇਵਾਵਾਂ ਦੇਣ ਵਾਲਿਆਂ ਦੀ ਸੂਚੀ ਵਿਚ ਜਵਾਹਰਲਾਲ ਨਹਿਰੂ, ਇੰਦਰਾ ਗਾਂਧੀ ਅਤੇ ਡਾ. ਮਨਮੋਹਨ ਸਿੰਘ ਸ਼ਾਮਲ ਹਨ। ਇਹ ਤਿੰਨੇ ਕਾਂਗਰਸ ਪਾਰਟੀ ਨਾਲ ਸਬੰਧਤ ਸਨ।

2014 ਦੀਆਂ ਲੋਕ ਸਭਾ ਚੋਣਾਂ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਨੇ ਇਤਿਹਾਸਕ ਜਿੱਤ ਹਾਸਲ ਕੀਤੀ ਸੀ। ਉਨ੍ਹਾਂ 26ਮਈ 2014 ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। ਬਾਅਦ ਵਿਚ 2019 ਦੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਨੇ ਹੋਰ ਵੀ ਵੱਡੀ ਜਿੱਤ ਹਾਸਲ ਕੀਤੀ ਸੀ ਅਤੇ ਨਰਿੰਦਰ ਮੋਦੀ ਮੁੜ ਪ੍ਰਧਾਨ ਮੰਤਰੀ ਬਣੇ। ਹੁਣ ਉਹ ਭਾਰਤੀ ਇਤਿਹਾਸਕ ਵਿਚ ਚੌਥੇ ਸੱਭ ਤੋਂ ਲੰਮੇਂ ਸਮੇਂ ਤਕ ਸੇਵਾ ਦੇਣ ਵਾਲੇ ਪ੍ਰਧਾਨ ਮੰਤਰੀ ਬਣ ਚੁੱਕੇ ਹਨ।     (ਏਜੰਸੀ)