ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਨੂੰ 2 ਹਫ਼ਤਿਆਂ ਅੰਦਰ ਦਿੱਤਾ ਜਾਵੇ ਮੁਆਵਜ਼ਾ - ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਕਿਹਾ, "ਸਰਕਾਰ ਕੋਈ ਦਾਨ ਨਹੀਂ ਕਰ ਰਹੀ"
ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਰਾਜਸਥਾਨ ਸਰਕਾਰ ਨੂੰ ਕੋਰੋਨਾ ਮਹਾਮਾਰੀ ਕਾਰਨ ਅਨਾਥ ਹੋਏ ਬੱਚਿਆਂ ਨੂੰ ਦੋ ਹਫ਼ਤਿਆਂ ਦੇ ਅੰਦਰ-ਅੰਦਰ ਮੁਆਵਜ਼ਾ ਦੇਣ ਦਾ ਨਿਰਦੇਸ਼ ਦਿੱਤਾ ਹੈ। ਇਹ ਹੁਕਮ ਸ਼ੁੱਕਰਵਾਰ 14 ਅਕਤੂਬਰ ਨੂੰ ਜਾਰੀ ਹੋਏ। ਜਸਟਿਸ ਐਮ.ਆਰ. ਸ਼ਾਹ ਅਤੇ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਰਾਜਸਥਾਨ ਸਰਕਾਰ ਨੂੰ ਐਕਸ-ਗ੍ਰੇਸ਼ੀਆ ਦੇ ਭੁਗਤਾਨ ਦੀ ਅਰਜ਼ੀ ਨੂੰ ਰੱਦ ਕਰਨ ਉੱਤੇ ਸੂਬੇ ਦੀ ਕਨੂੰਨੀ ਸੇਵਾਵਾਂ ਅਥਾਰਟੀ ਨੂੰ ਵੀ ਦੋ ਹਫ਼ਤਿਆਂ ਦੇ ਅੰਦਰ ਵੇਰਵੇ ਦੇਣ ਦਾ ਹੁਕਮ ਜਾਰੀ ਕੀਤਾ ਹੈ।
ਬੈਂਚ ਨੇ ਰਾਜਸਥਾਨ ਰਾਜ ਕਨੂੰਨੀ ਸੇਵਾਵਾਂ ਅਥਾਰਟੀ ਨੂੰ ਇਨ੍ਹਾਂ ਅਰਜ਼ੀਆਂ 'ਤੇ ਗ਼ੌਰ ਕਰਨ ਅਤੇ ਇਸ ਤੋਂ ਬਾਅਦ ਚਾਰ ਹਫ਼ਤਿਆਂ ਦੇ ਅੰਦਰ ਢੁਕਵਾਂ ਫ਼ੈਸਲਾ ਲੈਣ ਲਈ ਕਿਹਾ ਹੈ। ਅਦਾਲਤ ਨੇ ਕਿਹਾ, "ਜਿੱਥੋਂ ਤੱਕ ਅਨਾਥਾਂ ਨੂੰ ਮੁਆਵਜ਼ੇ ਲਈ ਬਕਾਇਆ ਅਰਜ਼ੀਆਂ ਦਾ ਸਵਾਲ ਹੈ, ਅਸੀਂ ਸੂਬੇ ਨੂੰ ਨਿਰਦੇਸ਼ ਦਿੰਦੇ ਹਾਂ ਕਿ ਕੋਰੋਨਾ ਕਾਰਨ ਮਾਤਾ-ਪਿਤਾ ਨੂੰ ਗੁਆਉਣ ਵਾਲੇ ਬਾਕੀ ਬਚੇ ਬਿਨੈਕਾਰਾਂ ਨੂੰ ਦੋ ਹਫ਼ਤਿਆਂ ਦੇ ਅੰਦਰ ਭੁਗਤਾਨ ਕਰੇ।"
ਸੂਬਾ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕੋਵਿਡ ਕਾਰਨ ਅਨਾਥ ਹੋਏ ਕੁੱਲ 718 ਬੱਚਿਆਂ ਵਿੱਚੋਂ 191 ਬੱਚਿਆਂ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦਾ ਭੁਗਤਾਨ ਕੀਤਾ ਗਿਆ ਹੈ। ਖ਼ੁਦਕੁਸ਼ੀਆਂ ਮਾਮਲੇ 'ਤੇ ਸੂਬਾ ਸਰਕਾਰ ਵੱਲੋਂ ਨਿਯੁਕਤ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ 9,077 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 551 ਬਕਾਇਆ ਹਨ, 8,047 ਅਰਜ਼ੀਆਂ ਨੂੰ ਮਨਜ਼ੂਰੀ ਮਿਲੀ ਅਤੇ 479 ਰੱਦ ਕਰ ਦਿੱਤੀਆਂ ਗਈਆਂ। ਇਸ ਤੋਂ ਪਹਿਲਾਂ ਕੋਰੋਨਾ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਲਈ ਚੁੱਕੇ ਗਏ ਕਦਮਾਂ ਦੇ 'ਅਸੰਤੁਸ਼ਟੀਜਨਕ' ਹਲਫ਼ਨਾਮੇ ਲਈ ਸੁਪਰੀਮ ਕੋਰਟ ਨੇ ਰਾਜਸਥਾਨ ਸਰਕਾਰ ਦੀ ਆਲੋਚਨਾ ਕੀਤੀ ਸੀ ਅਤੇ ਕਿਹਾ ਸੀ ਕਿ ਉਹ ਕੋਈ ਦਾਨ ਨਹੀਂ ਦੇ ਰਹੀ ਹੈ।
ਸੁਪਰੀਮ ਕੋਰਟ ਐਡਵੋਕੇਟ ਗੌਰਵ ਕੁਮਾਰ ਬਾਂਸਲ ਦੀ ਪਟੀਸ਼ਨ 'ਤੇ ਸੁਣਵਾਈ ਕਰ ਰਿਹਾ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਰਾਜਸਥਾਨ ਸਰਕਾਰ ਮਹਾਮਾਰੀ ਕਾਰਨ ਮੌਤ ਦਾ ਸ਼ਿਕਾਰ ਹੋਏ ਲੋਕਾਂ ਦੇ ਪਰਿਵਾਰਾਂ ਨੂੰ 50,000 ਰੁਪਏ ਦਾ ਮੁਆਵਜ਼ਾ ਦੇਣ ਦੇ 2021 ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੀ।