Parliament News: ਪ੍ਰਿਯੰਕਾ ਅਤੇ ਕਈ ਹੋਰ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ਵਿੱਚ ਕੀਤਾ ਪ੍ਰਦਰਸ਼ਨ

ਏਜੰਸੀ

ਖ਼ਬਰਾਂ, ਰਾਸ਼ਟਰੀ

Parliament News: ਵਾਇਨਾਡ ਲਈ ਰਾਹਤ ਪੈਕੇਜ ਦੀ ਕੀਤੀ ਮੰਗ

Priyanka and several other MPs protest in Parliament complex

 

Parliament News: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਕੇਰਲ ਦੇ ਕਈ ਹੋਰ ਸੰਸਦ ਮੈਂਬਰਾਂ ਨੇ ਸਨਿਚਰਵਾਰ ਨੂੰ ਵਾਇਨਾਡ ਜ਼ਮੀਨ ਖਿਸਕਣ ਦੇ ਦੁਖਾਂਤ ਦੇ ਪੀੜਤਾਂ ਲਈ ਰਾਹਤ ਪੈਕੇਜ ਦੀ ਮੰਗ ਨੂੰ ਲੈ ਕੇ ਸੰਸਦ ਕੰਪਲੈਕਸ ਵਿਚ ਪ੍ਰਦਰਸ਼ਨ ਕੀਤਾ। ਪ੍ਰਿਯੰਕਾ ਗਾਂਧੀ ਅਤੇ ਕਈ ਹੋਰ ਸੰਸਦ ਮੈਂਬਰ ਸੰਸਦ ਭਵਨ ਦੇ 'ਮਕਰ ਗੇਟ' ਨੇੜੇ ਇਕੱਠੇ ਹੋਏ ਅਤੇ 'ਵਾਇਨਾਡ ਨਾਲ ਵਿਤਕਰਾ ਬੰਦ ਕਰੋ' ਦੇ ਨਾਹਰੇ ਲਾਏ।

ਵਾਇਨਾਡ ਤੋਂ ਲੋਕ ਸਭਾ ਮੈਂਬਰ ਪ੍ਰਿਯੰਕਾ ਗਾਂਧੀ ਨੇ ਪੱਤਰਕਾਰਾਂ ਨੂੰ ਕਿਹਾ, “ਸਰਕਾਰ ਵਾਇਨਾਡ ਨੂੰ ਵਿਸ਼ੇਸ਼ ਪੈਕੇਜ ਦੇਣ ਤੋਂ ਇਨਕਾਰ ਕਰ ਰਹੀ ਹੈ। ਅਸੀਂ ਗ੍ਰਹਿ ਮੰਤਰੀ (ਅਮਿਤ ਸ਼ਾਹ) ਨੂੰ ਬੇਨਤੀ ਕੀਤੀ ਹੈ ਅਤੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿੱਚ ਵੀ ਵੱਡੇ ਪੱਧਰ ’ਤੇ ਤਬਾਹੀ ਹੋਈ ਹੈ ਅਤੇ ਉਹ ਕੇਂਦਰ ਤੋਂ ਵੀ ਮਦਦ ਦੀ ਮੰਗ ਕਰ ਰਹੇ ਹਨ।ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਕੇਂਦਰ ਸਰਕਾਰ ਸਿਆਸੀ ਕਾਰਨਾਂ ਕਰ ਕੇ ਪੀੜਤਾਂ ਨੂੰ ਯੋਗ ਸਹਾਇਤਾ ਤੋਂ ਵਾਂਝੇ ਰੱਖ ਰਹੀ ਹੈ।

ਪ੍ਰਿਯੰਕਾ ਗਾਂਧੀ ਨੇ ਕਿਹਾ, "ਭਾਰਤ ਦੇ ਨਾਗਰਿਕ ਹੋਣ ਦੇ ਨਾਤੇ, ਹਰ ਕੋਈ ਸਮਾਨ ਸਲੂਕ ਦਾ ਹੱਕਦਾਰ ਹੈ ਅਤੇ ਕੁਦਰਤੀ ਆਫ਼ਤਾਂ ਨੂੰ ਲੈ ਕੇ ਕੋਈ ਭੇਦਭਾਵ ਨਹੀਂ ਹੋਣਾ ਚਾਹੀਦਾ ਹੈ।" ਪ੍ਰਿਯੰਕਾ ਗਾਂਧੀ ਵਾਡਰਾ ਨੇ ਹਾਲ ਹੀ 'ਚ ਇਸ ਮੁੱਦੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।

ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਵੀਰਵਾਰ ਨੂੰ ਲੋਕ ਸਭਾ 'ਚ ਕਿਹਾ ਸੀ ਕਿ ਵਿਰੋਧੀ ਪਾਰਟੀਆਂ ਨੂੰ ਵਾਇਨਾਡ ਜ਼ਮੀਨ ਖਿਸਕਣ ਦੀ ਘਟਨਾ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਇਸ ਹਾਦਸੇ ਤੋਂ ਬਾਅਦ ਚੌਕਸ ਅਤੇ ਸੰਵੇਦਨਸ਼ੀਲ ਸੀ ਅਤੇ ਉਸ ਨੇ ਰਾਜ ਨੂੰ ਪੂਰੀ ਮਦਦ ਮੁਹੱਈਆ ਕਰਵਾਈ ਸੀ।

ਰਾਏ ਨੇ ਸਦਨ 'ਚ 'ਡਿਜ਼ਾਸਟਰ ਮੈਨੇਜਮੈਂਟ (ਸੋਧ) ਬਿਲ , 2024' 'ਤੇ ਹੋਈ ਚਰਚਾ ਦਾ ਜਵਾਬ ਦਿੰਦੇ ਹੋਏ ਇਹ ਵੀ ਕਿਹਾ ਸੀ ਕਿ ਵਿਰੋਧੀ ਧਿਰ ਨੂੰ ਮੋਦੀ ਸਰਕਾਰ ਦਾ ਸਹਿਯੋਗ ਸਵੀਕਾਰ ਕਰਨਾ ਚਾਹੀਦਾ ਹੈ।