ਕਿਸਾਨਾਂ ਦੀ ਮਦਦ ਲਈ ਨਹੀਂ, ਬਲਕਿ ਉਹਨਾਂ ਨੂੰ ਖਤਮ ਕਰਨ ਲਈ ਬਣਾਏ ਖੇਤੀ ਕਾਨੂੰਨ- ਕਾਂਗਰਸ

ਏਜੰਸੀ

ਖ਼ਬਰਾਂ, ਰਾਸ਼ਟਰੀ

ਜੰਤਰ-ਮੰਤਰ ’ਤੇ ਖੇਤੀ ਕਾਨੂੰਨਾਂ ਖਿਲਾਫ਼ ਧਰਨਾ ਦੇ ਰਹੇ ਰਾਹੁਲ ਤੇ ਪ੍ਰਿਯੰਕਾ ਗਾਂਧੀ

Rahul Gandhi and Priyanka Gandhi

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਸਰਕਾਰ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। ਇਸ ਦੌਰਾਨ ਕਾਂਗਰਸ ਵੀ ਕਿਸਾਨਾਂ ਨੂੰ ਸਮਰਥਨ ਦੇ ਰਹੀ ਹੈ। ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਦਿਖਾਉਂਦੇ ਹੋਏ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਦਿੱਲੀ ਦੇ ਉਪ-ਰਾਜਪਾਲ ਅਨਿਲ ਬੈਜਲ ਦੇ ਘਰ ਬਾਹਰ ਪ੍ਰਦਰਸ਼ਨ ਕੀਤਾ।

ਕਾਂਗਰਸ ਵੱਲੋਂ ਅੱਜ ਕਿਸਾਨ ਅਧਿਕਾਰ ਦਿਵਸ ਮਨਾਇਆ ਜਾ ਰਿਹਾ ਹੈ ਤੇ ਇਹ ਪ੍ਰਦਰਸ਼ਨ ਪਾਰਟੀ ਦੀ ‘ਕਿਸਾਨ ਅਧਿਕਾਰ’ ਮੁਹਿੰਮ ਦਾ ਹਿੱਸਾ ਹੈ। ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਦੀ ਅਗਵਾਈ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ, ‘ਭਾਜਪਾ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੋਣਗੇ, ਉਦੋਂ ਤੱਕ ਕਾਂਗਰਸ ਪਿੱਛੇ ਨਹੀਂ ਹਟੇਗੀ। ਇਹ ਕਾਨੂੰਨ ਕਿਸਾਨਾਂ ਦੀ ਮਦਦ ਲਈ ਨਹੀਂ, ਬਲਕਿ ਉਹਨਾਂ ਨੂੰ ਖਤਮ ਕਰਨ ਲਈ ਹਨ’।

ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਕਿ ‘ਨਰਿੰਦਰ ਮੋਦੀ ਨੇ ਪਹਿਲਾਂ ਵੀ ਕਿਸਾਨਾਂ ਦੀ ਜ਼ਮੀਨ ਖੋਹਣ ਦੀ ਕੋਸ਼ਿਸ਼ ਕੀਤੀ ਸੀ ਤੇ ਉਸ ਸਮੇਂ ਵੀ ਕਾਂਗਰਸ ਨੇ ਹੀ ਉਸ ਨੂੰ ਰੋਕਿਆ ਸੀ। ਹੁਣ ਭਾਜਪਾ ਤੇ ਉਸ ਦੇ ਦੋ-ਤਿਹਾਈ ਦੋਸਤ ਇਕ ਵਾਰ ਫਿਰ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਤੇ ਇਹਨਾਂ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਆਏ ਹਨ’।

ਦੱਸ ਦਈਏ ਕਿ ਖੇਤੀ ਕਾਨੂੰਨਾਂ ਖਿਲਾਫ ਪਿਛਲੇ 50 ਦਿਨਾਂ ਤੋਂ ਕਿਸਾਨ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨ ਜਥੇਬੰਦੀਆਂ ਤੇ ਸਰਕਾਰ ਵਿਚਾਲੇ ਗੱਲਬਾਤ ਦਾ ਦੌਰ ਵੀ ਜਾਰੀ ਹੈ।