51ਵੇਂ ਦਿਨ 'ਚ ਦਾਖਲ ਹੋਇਆ ਕਿਸਾਨੀ ਘੋਲ਼, ਸਰਕਾਰ ਤੇ ਕਿਸਾਨ ਜਥੇਬੰਦੀਆਂ ਦੀ 9ਵੇਂ ਗੇੜ ਦੀ ਬੈਠਕ ਅੱਜ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਰਕਾਰ-ਕਿਸਾਨ ਜਥੇਬੰਦੀਆਂ ਦੀ ਗੱਲਬਾਤ ਤੈਅ ਪ੍ਰੋਗਰਾਮ ਅਨੁਸਾਰ ਅੱਜ : ਨਰਿੰਦਰ ਤੋਮਰ

Farmers to meet govt today

ਨਵੀਂ ਦਿੱਲੀ: ਕਿਸਾਨੀ ਸੰਘਰਸ਼ ਅੱਜ 51ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਇਸ ਦੇ ਚਲਦਿਆਂ ਅੱਜ ਕੇਂਦਰੀ ਮੰਤਰੀਆਂ ਤੇ ਕਿਸਾਨ ਜਥੇਬੰਦੀਆਂ ਵਿਚਾਲੇ 9ਵੇਂ ਗੇੜ ਦੀ ਗੱਲਬਾਤ ਹੋਵੇਗੀ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੀਰਵਾਰ ਨੂੰ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਕਾਰ 9ਵੇਂ ਦੌਰ ਦੀ ਗੱਲਬਾਤ ਤੈਅ ਪ੍ਰੋਗਰਾਮ ਤਹਿਤ ਸ਼ੁਕਰਵਾਰ ਨੂੰ ਹੋਵੇਗੀ ਅਤੇ ਕੇਂਦਰ ਨੂੰ ਉਮੀਦ ਹੈ ਕਿ ਇਹ ਵਿਚਾਰ-ਵਟਾਂਦਰਾ ਸਕਾਰਾਤਮਕ ਰਹੇਗਾ।

ਤੋਮਰ ਨੇ ਇਥੇ ਪੱਤਰਕਾਰਾਂ ਨੂੰ ਕਿਹਾ ਕਿ ਸਰਕਾਰ ਖੁਲ੍ਹੇ ਮਨ ਨਾਲ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਸੁਪਰੀਮ ਕੋਰਟ ਵਲੋਂ ਰੇੜਕਾ ਸੁਝਲਾਉਣ ਲਈ ਚਾਰ ਮੈਂਬਰੀ ਕਮੇਟੀ ਗਠਤ ਕੀਤੇ ਜਾਣ ਅਤੇ ਫਿਰ ਇਕ ਮੈਂਬਰ ਦੇ ਇਸ ਤੋਂ ਵੱਖ ਹੋਣ ਹੋ ਜਾਣ ਕਾਰਨ 9ਵੇਂ ਦੌਰ ਦੀ ਗੱਲਬਾਤ ਨੂੰ ਲੈ ਕੇ ਭੁਲੇਖੇ ਦੀ ਸਥਿਤੀ ਨੂੰ ਦੂਰ ਕਰਦੇ ਹੋਏ ਤੋਮਰ ਨੇ ਕਿਹਾ ਕਿ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ 15 ਜਨਵਰੀ ਨੂੰ ਦਿਨ ਵਿਚ 12 ਵਜੇ ਬੈਠਕ ਹੋਵੇਗੀ। 

ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਉਹ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਹਨ। ਹਾਲਾਂਕਿ, ਉਹ ਸੁਪਰੀਮ ਕੋਰਟ ਵਲੋਂ ਨਿਯੁਕਤ ਕਮੇਟੀ ਸਾਹਮਣੇ ਪੇਸ਼ ਨਹੀਂ ਹੋਣਾ ਚਾਹੁੰਦੇ। ਕਿਸਾਨ ਜਥੇਬੰਦੀਆਂ ਨੇ ਕਮੇਟੀ ਦੇ ਮੈਂਬਰਾਂ ਪ੍ਰਤੀ ਖ਼ਦਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਇਸ ਦੇ ਮੈਂਬਰਾਂ ਨੇ ਪਹਿਲਾਂ ਤਿੰਨੋਂ ਕਾਨੂੰਨਾਂ ਦੀ ਵਕਾਲਤ ਕੀਤੀ ਸੀ।

ਇਸ ਤੋਂ ਪਹਿਲਾਂ ਹੀ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੇ ਕਿਹਾ ਸੀ ਕਿ ਉਹ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਦਰਮਿਆਨ ਰੇੜਕੇ ਦੇ ਹੱਲ ਲਈ ਸੁਪਰੀਮ ਕੋਰਟ ਵਲੋਂ ਬਣਾਈ ਗਈ ਚਾਰ ਮੈਂਬਰੀ ਕਮੇਟੀ ਤੋਂ ਵੱਖ ਹੋ ਗਏ ਹਨ।